ਕਿਸਾਨਾਂ ਵੱਲੋਂ ਮੁੱਖ ਮੰਤਰੀ ਦੇ ਨਾਮ ਡੀਸੀ ਨੂੰ ਮੰਗ ਪੱਤਰ
ਪੱਤਰ ਪ੍ਰੇਰਕ
ਯਮੁਨਾਨਗਰ, 8 ਅਗਸਤ
ਭਾਰਤੀ ਕਿਸਾਨ ਸੰਘ ਦੀ ਅਗਵਾਈ ਹੇਠ ਕਿਸਾਨਾਂ ਨੇ ਸਰਕਾਰ ਤੋਂ ਮੀਂਹ ਨਾਲ ਨੁਕਸਾਨੀਆਂ ਫਸਲਾਂ ਦੀ ਜਲਦੀ ਗਿਰਦਾਵਰੀ ਕਰਵਾ ਕੇ ਮੁਆਵਜ਼ੇ ਦੀ ਮੰਗ ਕੀਤੀ । ਕਿਸਾਨ ਅੱਜ ਮਿੱਨੀ ਸਕੱਤਰੇਤ ਵਿੱਖੇ ਇਕੱਠੇ ਹੋਏ ਅਤੇ ਜ਼ਿਲ੍ਹਾ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਿਆ। ਇਸ ਮੌਕੇ ਭਾਰਤੀ ਕਿਸਾਨ ਸੰਘ ਦੇ ਜ਼ਿਲ੍ਹਾ ਪ੍ਰਧਾਨ ਪਿੰਟੂ ਰਾਣਾ ਨੇ ਦੱਸਿਆ ਕਿ ਅੱਜ ਤੱਕ ਸਰਕਾਰ ਵੱਲੋਂ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ ਨਹੀਂ ਕਰਵਾਈ ਗਈ ਅਤੇ ਸਰਕਾਰ ਸਿਰਫ਼ ਇਹ ਕਹਿ ਰਹੀ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਵਾਅਦਾ ਬਿਲਕੁਲ ਝੂਠ ਹੈ । ਉਨ੍ਹਾਂ ਕਿਹਾ ਕਿ ਅੱਜ ਹੀ ਸੰਘ ਵੱਲੋਂ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦਾ ਮੁਆਵਜ਼ਾ ਜਲਦੀ ਦਿੱਤਾ ਜਾਵੇ ਤਾਂ ਜੋ ਉਹ ਨਵੀਂ ਫਸਲ ਦੀ ਬਿਜਾਈ ਸ਼ੁਰੂ ਕਰ ਦੇਣ। ਉਨ੍ਹਾਂ ਕਿਹਾ ਕਿ ਚੇਤੰਗ, ਰਾਸ਼ਸ਼ੀ ਅਤੇ ਦਾਦੂਪੁਰ-ਨਲਵੀ ਨਹਿਰਾਂ ਦੇ ਬੰਦ ਹੋਣ ਕਾਰਨ ਬਰਸਾਤੀ ਪਾਣੀ ਦੀ ਨਿਕਾਸੀ ਨਹੀਂ ਹੋ ਰਹੀ ਜਿਸ ਕਾਰਨ ਫਸਲਾਂ ਦਾ ਜ਼ਿਆਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਮੰਤਰੀ ਕੰਵਰਪਾਲ ਕਹਿੰਦੇ ਹਨ ਕਿ ਯਮੁਨਾਨਗਰ ਵਿੱਚ ਕੋਈ ਖਾਸ ਨੁਕਸਾਨ ਨਹੀਂ ਹੋਇਆ। ਕਿਸਾਨਾਂ ਨੇ ਸਿੱਖਿਆ ਮੰਤਰੀ ਨੂੰ ਖੁਦ ਖੇਤਾਂ ਵਿੱਚ ਜਾ ਕੇ ਵੇਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇ ਕਿਸਾਨਾਂ ਨੂੰ ਝੋਨੇ ਅਤੇ ਗੰਨੇ ਦੀ ਫ਼ਸਲ ਦਾ ਮੁਆਵਜ਼ਾ ਅਤੇ ਪਸ਼ੂਆਂ ਦੇ ਚਾਰੇ ਦਾ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਆਉਣ ਵਾਲੀਆਂ ਚੋਣਾਂ ਵਿੱਚ ਕਿਸਾਨ ਸਰਕਾਰ ਨੂੰ ਸਬਕ ਸਿਖਾਉਣਗੇ।