ਕਿਸਾਨਾਂ ਵੱਲੋਂ ਸੰਸਦ ਮੈਂਬਰ ਔਜਲਾ ਨੂੰ ਮੰਗ ਪੱਤਰ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 17 ਜੁਲਾਈ
ਸੰਯੁਕਤ ਕਿਸਾਨ ਮੋਰਚੇ ਦੀ ਕੌਮੀ ਤਾਲਮੇਲ ਕਮੇਟੀ ਵਿੱਚ ਸ਼ਾਮਲ ਸਮੂਹ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਕਿਸਾਨਾਂ ਦੇ ਵਫ਼ਦ ਨੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਮੰਗ ਪੱਤਰ ਸੌਂਪਿਆ। ਕਿਸਾਨਾਂ ਨੇ ਮੰਗ ਕੀਤੀ ਕਿ ਸੰਸਦ ਦੇ ਆਗਾਮੀ ਬਜਟ ਸੈਸ਼ਨ ਵਿੱਚ ਸਾਰੀਆਂ ਫ਼ਸਲਾਂ ਦੀ ਡਾ. ਸਵਾਮੀਨਾਥਨ ਦੇ ਫਾਰਮੂਲੇ ਅਨੁਸਾਰ ਐੱਮਐੱਸਪੀ ਦੇਣ ਅਤੇ ਖਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਇਆ ਜਾਵੇ। ਇਸ ਤੋਂ ਇਲਾਵਾ ਕਿਸਾਨਾਂ, ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ, ਲੋਕ ਵਿਰੋਧੀ ਬਿਜਲੀ ਬਿੱਲ ਵਾਪਸ ਲਿਆ ਜਾਵੇ ਅਤੇ ਇਨ੍ਹਾਂ ਮੰਗਾਂ ਦੀ ਪੂਰਤੀ ਲਈ ਪ੍ਰਾਈਵੇਟ ਬਿੱਲ ਲਿਆਂਦਾ ਜਾਵੇ। ਵਫ਼ਦ ਨਾਲ ਵਿਚਾਰ-ਵਟਾਂਦਰਾ ਕਰਦਿਆਂ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਿਚਾਰ-ਚਰਚਾ ਕਰਕੇ ਕਿਸਾਨਾਂ ਲਈ ਐੱਮਐੱਸਪੀ ਦਾ ਗਾਰੰਟੀ ਕਾਨੂੰਨ ਅਤੇ ਕਰਜ਼ਾ ਰੱਦ ਕਰਨ ਲਈ ਪ੍ਰਾਈਵੇਟ ਬਿੱਲ ਲਿਆਵੇਗੀ। ਵਫ਼ਦ ਨੇ ਪ੍ਰਧਾਨ ਮੰਤਰੀ ਦੇ ਨਾਂ ਇੱਕ ਹੋਰ ਮੰਗ ਪੱਤਰ ਸੌਂਪਦਿਆਂ ਇਸ ਨੂੰ ਪ੍ਰਧਾਨ ਮੰਤਰੀ ਤੱਕ ਪਹੁੰਚਾਉਣ ਦੀ ਮੰਗ ਕੀਤੀ। ਇਸ ਪੱਤਰ ਰਾਹੀਂ ਕਿਸਾਨਾਂ ਨੇ ਮੰਗ ਕੀਤੀ ਕਿ ਸਰਕਾਰ ਨੇ ਦਿੱਲੀ ਅੰਦੋਲਨ ਦੀਆਂ ਮੰਗਾਂ ਮੰਨਣ ਦਾ ਲਿਖਤੀ ਵਾਅਦਾ ਕੀਤਾ ਸੀ, ਜਿਸ ਨੂੰ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ। ਵਫ਼ਦ ਨੇ ਮੰਗ ਕੀਤੀ ਕਿ ਪੰਜਾਬ ਲਈ ਸਿੰਜਾਈ ਅਤੇ ਪੀਣ ਵਾਲੇ ਪਾਣੀ ਵਾਸਤੇ ਅਜਿਹੀ ਨੀਤੀ ਬਣਾਈ ਜਾਵੇ ਕਿ ਜ਼ਮੀਨਦੋਜ਼ ਪਾਣੀ ਦਾ ਪੱਧਰ ਉੱਪਰ ਆ ਸਕੇ। ਸੰਸਦ ਮੈਂਬਰ ਨੇ ਯਕੀਨ ਦਿਵਾਇਆ ਕਿ ਉਹ ਇਸ ਸਬੰਧੀ ਢੁੱਕਵੇਂ ਉਪਰਾਲੇ ਕਰਨਗੇ। ਵਫ਼ਦ ਵਿੱਚ ਡਾ. ਸਤਨਾਮ ਸਿੰਘ ਅਜਨਾਲਾ, ਕੁਲਵੰਤ ਸਿੰਘ ਮੱਲੂਨੰਗਲ, ਧਨਵੰਤ ਸਿੰਘ ਖਤਰਾਏ ਕਲਾਂ, ਹਰਪਾਲ ਸਿੰਘ ਛੀਨਾ, ਜਤਿੰਦਰ ਸਿੰਘ ਛੀਨਾ, ਸਤਨਾਮ ਸਿੰਘ ਝੰਡੇਰ, ਸਵਿੰਦਰ ਸਿੰਘ ਮੀਰਾਂਕੋਟ ਅਤੇ ਹੋਰ ਹਾਜ਼ਰ ਸਨ।