ਸਿਹਤ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਬਲਬੀਰ ਸਿੰਘ ਨੂੰ ਮੰਗ ਪੱਤਰ
ਖੇਤਰੀ ਪ੍ਰਤੀਨਿਧ
ਪਟਿਆਲਾ, 14 ਨਵੰਬਰ
ਦਿ ਕਲਾਸ ਫੌਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਸਬ ਯੂਨਿਟ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਪ੍ਰਧਾਨ ਰਾਜੇਸ਼ ਕੁਮਾਰ ਗੋਲੂ ਦੀ ਅਗਵਾਈ ਵਿੱਚ ਮਲਟੀਟਾਸਕ ਵਰਕਰਾਂ ਦਾ ਵਫ਼ਦ ਅੱਜ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੂੰ ਮਿਲਿਆ। ਇਸ ਦੌਰਾਨ ਸਾਰੀਆਂ ਆਊਟਸੋਰਸ ਏਜੰਸੀਆਂ ਨੂੰ ਬਾਹਰ ਕਰਕੇ ਇਨ੍ਹਾਂ ਵਰਕਰਾਂ ਨੂੰ ਵਿਭਾਗ ਵਿੱਚ ਮਰਜ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ’ਤੇ ਹੀ ਕਰਮਚਾਰੀਆਂ ਦੀ ਘਾਟ ਪੂਰੀ ਕਰਨ ਲਈ ਰੈਗੂਲਰ ਭਰਤੀ ਸ਼ੁਰੂ ਕਰਨ ਅਤੇ ਹੋਰ ਕਰਮਚਾਰੀਆਂ ਦੀਆਂ ਹੋਰ ਮੰਗਾਂ ਸਬੰਧੀ ਮੰਗ ਪੱਤਰ ਵੀ ਸੌਂਪਿਆ ਗਿਆ। ਮੰਤਰੀ ਨੇ ਮੁਲਾਜ਼ਮਾਂ ਦੀਆਂ ਇਨ੍ਹਾਂ ਮੰਗਾਂ ਨੂੰ ਤਰਜੀਹੀ ਤੌਰ ’ਤੇ ਵਿਚਾਰਨ ਦਾ ਭਰੋਸਾ ਦਿਤਾ। ਮੁਲਾਜ਼ਮ ਆਗੂਆਂ ਦਾ ਕਹਿਣਾ ਸੀ ਕਿ ਠੇਕੇਦਾਰੀ ਸਿਸਟਮ ਦੌਰਾਨ ਮੁਲਾਜ਼ਮਾਂ ਦਾ ਕਈ ਪੱਖਾਂ ਤੋਂ ਸ਼ੋਸ਼ਣ ਕੀਤਾ ਜਾ ਰਿਹਾ ਹੈ। ਕਿਉਂਕਿ ਜਿਥੇ ਵੱੱਧ ਸਮਾਂ ਡਿਊਟੀ ਲੈ ਕੇ ਉਨ੍ਹਾਂ ਨੂੰ ਤਨਖਾਹਾਂ ਨਾਮਾਤਰ ਹੀ ਦਿੱਤੀਆਂ ਜਾ ਰਹੀਆਂ ਹਨ। ਇਸ ਲਈ ਠੇਕੇਦਾਰੀ ਪ੍ਰਕਿਰਿਆ ਨੂੰ ਪੱਕੇ ਤੌਰ ’ਤੇ ਬੰਦ ਕਰਨ ਦੀ ਲੋੜ ਹੈ। ਇਸ ਮੌਕੇ ਵਿਭਾਗ ਦੇ ਡਿਪਟੀ ਸਕੱਤਰ ਕੰਵਲਜੀਤ ਸਿੰਘ ਚੁੰਨੀ ਵਿਸ਼ੇੇਸ਼ ਤੌਰ ’ਤੇ ਮੌਜੂਦ ਸਨ। ਜਦਕਿ ਜਥੇਬੰਦੀ ਵੱਲੋਂ ਸੁਖਦੇਵ ਸਿੰਘ ਅਤੇ ਪੂਨਮ ਮਲਟੀ ਟਾਸਕ ਵਰਕਰ ਹਾਜ਼ਰ ਰਹੇ।