ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਡੀਐੱਫਓ ਨੂੰ ਮੰਗ ਪੱਤਰ
ਪੱਤਰ ਪ੍ਰੇਰਕ
ਹੁਸ਼ਿਆਰਪੁਰ, 25 ਸਤੰਬਰ
ਕੁੱਲ ਹਿੰਦ ਕਿਸਾਨ ਸਭਾ ਅਤੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ ’ਤੇ ਅੱਜ ਇੱਥੇ ਯੂਨੀਅਨ ਦਾ ਇਕ ਵਫ਼ਦ ਜਨਰਲ ਸਕੱਤਰ ਗੁਰਮੇਸ਼ ਸਿੰਘ ਦੀ ਅਗਵਾਈ ਹੇਠ ਡੀਐੱਫਓ ਨਲਿਨ ਯਾਦਵ ਨੂੰ ਮਿਲਿਆ ਅਤੇ ਮੰਗ ਪੱਤਰ ਦਿੱਤਾ। ਵਫ਼ਦ ਨੇ ਮੰਗ ਕੀਤੀ ਕਿ ਇੰਡੀਅਨ ਫੋਰੈਸਟ ਐਕਟ-1927, ਵਾਈਲਡ ਲਾਈਫ ਪ੍ਰੋਟੈਕਸ਼ਨ ਐਕਟ-1972 ਅਤੇ ਫੋਰੈਸਟ ਕੰਜਰਵੇਸ਼ਨ ਐਕਟ-1980 ਵਿਚ ਸੋਧ ਕੀਤੀ ਜਾਵੇ ਤਾਂ ਜੋ ਦੇਸ਼ ਅੰਦਰ ਮਨੁੱਖੀ ਜ਼ਿੰਦਗੀ, ਜਾਇਦਾਦ ਅਤੇ ਰੋਜ਼ੀ ਰੋਟੀ ਦੀ ਸੁਰੱਖਿਆ, ਜੰਗਲੀ ਜਾਨਵਰਾਂ ਦੇ ਹਮਲਿਆਂ ਅਤੇ ਫਸਲਾਂ ਦੇ ਨੁਕਸਾਨ ਤੋਂ ਬਚਾਅ ਹੋ ਸਕੇ ਅਤੇ ਜੰਗਲੀ ਜੀਵਾਂ ਦੀ ਸੰਭਾਲ ਹੋ ਸਕੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਹਾਥੀ ਕੋਰੀਡੋਰ ਅਤੇ ਟਾਈਗਰ ਰਿਜ਼ਰਵ ਦੇ ਨਾਂ ’ਤੇ ਲੋਕਾਂ ਦੇ ਉਜਾੜੇ ਨੂੰ ਰੋਕਿਆ ਜਾਵੇ, ਜੰਗਲੀ ਜਾਨਵਰਾਂ ਦੇ ਹਮਲੇ ਕਾਰਨ ਜੇਕਰ ਕਿਸੇ ਵਿਅਕਤੀ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਅਤੇ ਅਪਾਹਜ ਹੋਣ ਦੀ ਸੂਰਤ ਵਿੱਚ 50 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ, ਮਨਰੇਗਾ ਵਰਕਰਾਂ ਨੂੰ ਸਵੇਰ ਤੋਂ ਸ਼ਾਮ ਤੱਕ ਜੰਗਲੀ ਜੀਵਾਂ ਤੋਂ ਬਚਾਅ ਲਈ ਪਹਿਰੇਦਾਰੀ ਦਾ ਕੰਮ ਦਿੱਤਾ ਜਾਵੇ ਅਤੇ ਇਕ ਹਜ਼ਾਰ ਰੁਪਏ ਦਿਹਾੜੀ ਦਿੱਤੀ ਜਾਵੇ। ਵਫ਼ਦ ਵਿਚ ਹਰਜਿੰਦਰ ਸਿੰਘ ਮੌਜੀ, ਕੁਲਦੀਪ ਚੰਦ, ਬਲਵਿੰਦਰ ਸਿੰਘ ਤੇ ਸੁਰਜੀਤ ਸਿੰਘ ਮਰਨਾਈਆਂ ਸ਼ਾਮਲ ਸਨ।