ਕਿਸਾਨੀ ਮੰਗਾਂ ਸੰਸਦ ਵਿੱਚ ਉਠਾਉਣ ਲਈ ਹਰਸਿਮਰਤ ਬਾਦਲ ਨੂੰ ਮੰਗ ਪੱਤਰ
ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਬਠਿੰਡਾ, 18 ਜੁਲਾਈ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਬਠਿੰਡਾ ਜ਼ਿਲ੍ਹੇ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਦੀ ਅਗਵਾਈ ਵਿੱਚ ਮੈਂਬਰ ਲੋਕ ਸਭਾ ਹਰਸਿਮਰਤ ਕੌਰ ਬਾਦਲ ਦੇ ਦਫ਼ਤਰ ਵਿੱਚ ਪਹੁੰਚ ਕੇ ਕਿਸਾਨੀ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ। ਹਰਸਿਮਰਤ ਕੌਰ ਬਾਦਲ ਦੀ ਗ਼ੈਰ-ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੇ ਇਹ ਪੱਤਰ ਪ੍ਰਾਪਤ ਕਰਕੇ ਮੰਗ ਪੱਤਰ ਬੀਬੀ ਬਾਦਲ ਤੱਕ ਪੁੱਜਦਾ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਪਾਰਲੀਮੈਂਟ ਵਿੱਚ ਉਠਾਈਆਂ ਜਾਣਗੀਆਂ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਦੀਆਂ ਭਖ਼ਦੀਆਂ ਮੰਗਾਂ ਜਿਵੇਂ ਕਿ ਸਾਰੀਆਂ ਫ਼ਸਲਾਂ ਉੱਪਰ ਡਾ. ਸਵਾਮੀਨਾਥਨ ਦੀਆਂ ਸਿਫ਼ਾਰਸ਼ਾਂ ਲਾਗੂ ਕੀਤੀਆਂ ਜਾਣ, ਐਮਐਸਪੀ ਉੱਪਰ ਲਾਜ਼ਮੀ ਖ਼ਰੀਦ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ ਤੇ ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ।
ਲੰਬੀ (ਪੱਤਰ ਪ੍ਰੇਰਕ): ਭਾਕਿਯੂ (ਏਕਤਾ) ਡਕੌਂਦਾ ਧਨੇਰ ਵੱਲੋਂ ਦਿੱਲੀ ਕਿਸਾਨ ਅੰਦੋਲਨ ਮੌਕੇ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਸਬੰਧੀ ਅੱਜ ਪਿੰਡ ਬਾਦਲ ਵਿੱਚ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੇ ਨੁਮਾਇੰਦਿਆਂ ਨੂੰ ਮੰਗ ਪੱਤਰ ਸੌਂਪਿਆ ਗਿਆ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਫਰੀਦਕੋਟ ਕੋਟਲੀ ਦੀ ਅਗਵਾਈ ਹੇਠਾਂ ਮੰਗ ਪੱਤਰ ਵਿੱਚ ਆਖਿਆ ਗਿਆ ਕਿ ਕਿ ਕੇਂਦਰ ਸਰਕਾਰ ਦੇ ਬਜਟ ਸੈਸ਼ਨ ਵਿੱਚ ਸੰਯੁਕਤ ਕਿਸਾਨ ਮੋਰਚੇ ਦੀਆਂ ਬਾਕੀ ਰਹਿੰਦੀਆਂ ਮੰਗਾਂ ਨੂੰ ਜ਼ੋਰ-ਸ਼ੋਰ ਨਾਲ ਚੁੱਕਿਆ ਜਾਵੇ।