ਕਿਸਾਨਾਂ ਵੱਲੋਂ ਸੰਸਦ ਮੈਂਬਰਾਂ ਨੂੰ ਅੱਜ ਤੋਂ ਦਿੱਤੇ ਜਾਣਗੇ ਮੰਗ ਪੱਤਰ
ਲਖਵੀਰ ਸਿੰਘ ਚੀਮਾ
ਟੱਲੇਵਾਲ, 15 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਕਮੇਟੀ ਦੀ ਅਹਿਮ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਪਿੰਡ ਚੀਮਾ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ ਜਿਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਸੰਸਦ ਮੈਂਬਰਾਂ ਨੂੰ ਕਿਸਾਨੀ ਮੰਗਾਂ ਨੂੰ ਲੈ ਕੇ ਮੰਗ ਪੱਤਰ ਦੇਣ ਦਾ ਫ਼ੈਸਲਾ ਕੀਤਾ ਗਿਆ। ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ 16, 17 ਅਤੇ 18 ਜੁਲਾਈ ਨੂੰ ਸੰਸਦ ਮੈਂਬਰਾਂ ਨੂੰ ਕਿਸਾਨੀ ਮੰਗਾਂ ਸਬੰਧੀ ਵੱਡੇ ਜਨਤਕ ਵਫ਼ਦਾਂ ਵੱਲੋਂ ਮੰਗ ਪੱਤਰ ਸੌਂਪੇ ਜਾਣਗੇ ਅਤੇ ਸੰਸਦ ਦੇ ਬਜਟ ਇਜਲਾਸ ਸਮੇਂ ਇਨ੍ਹਾਂ ਹੱਕੀ ਮੰਗਾਂ ਦੀ ਪ੍ਰਵਾਨਗੀ ਸਬੰਧੀ ਮਤੇ ਪੇਸ਼ ਕਰਨ ’ਤੇ ਪੈਰਵੀ ਕਰਨ ਦੀ ਮੰਗ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੁਆਰਾ ਮੜ੍ਹੇ ਜਾ ਰਹੇ ਤਿੰਨ ਫਾਸ਼ੀਵਾਦੀ ਕਾਲੇ ਕਾਨੂੰਨਾਂ ਖਿਲਾਫ਼ 21 ਜੁਲਾਈ ਨੂੰ ਜਲੰਧਰ ਵਿੱਚ ਕੀਤੇ ਜਾ ਰਹੇ ਰੋਸ ਮਾਰਚ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਵੱਲੋਂ ਘਰਾਚੋਂ ਕੇਸ ਸਬੰਧੀ 10 ਜੁਲਾਈ ਨੂੰ ਦੇਰ ਰਾਤ ਤੱਕ ਪੁਲੀਸ/ਸਿਵਲ ਅਧਿਕਾਰੀਆਂ ਨਾਲ ਚੱਲੀ ਗੱਲਬਾਤ ਅਤੇ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ ਗਈ।
ਮੀਟਿੰਗ ਵਿੱਚ ਹੋਰ ਸੂਬਾਈ ਆਗੂਆਂ ਹਰਦੀਪ ਸਿੰਘ ਟੱਲੇਵਾਲ, ਜਗਤਾਰ ਸਿੰਘ ਕਾਲਾਝਾੜ, ਰੂਪ ਸਿੰਘ ਛੰਨਾਂ, ਜਨਕ ਸਿੰਘ ਭੁਟਾਲ ਅਤੇ ਹਰਿੰਦਰ ਕੌਰ ਬਿੰਦੂ ਤੋਂ ਇਲਾਵਾ 15 ਜ਼ਿਲ੍ਹਿਆਂ ਦੇ ਪ੍ਰਧਾਨ ਸਕੱਤਰ ਅਤੇ ਤਿੰਨ ਜ਼ਿਲ੍ਹਿਆਂ ਦੀਆਂ ਔਰਤ ਆਗੂ ਵੀ ਸ਼ਾਮਲ ਸਨ।
ਬੀਕੇਯੂ ਡਕੌਂਦਾ ਬੁਰਜਗਿੱਲ ਦੀ ਸੂਬਾ ਕਮੇਟੀ ਮੀਟਿੰਗ
ਬਰਨਾਲਾ (ਖੇਤਰੀ ਪ੍ਰਤੀਨਿਧ): ਇੱਥੇ ਤਰਕਸ਼ੀਲ ਭਵਨ ਵਿੱਚ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜਗਿੱਲ ਧੜੇ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਕੌਮੀ ਸੰਯੁਕਤ ਕਿਸਾਨ ਮੋਰਚਾ ਦੇ ਫ਼ੈਸਲਿਆਂ ਨੂੰ ਲਾਗੂ ਕਰਨ ਦਾ ਅਹਿਦ ਲਿਆ ਗਿਆ। ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਲੰਘੀ 10 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਦੇਸ਼ ਪੱਧਰੀ ਮੀਟਿੰਗ ਦਿੱਲੀ ਵਿੱਚ ਹੋਈ ਸੀ ਜਿਸ ਵਿੱਚ ਅੰਦੋਲਨ ਦੇ ਦੂਜੇ ਪੜਾਅ ਦਾ ਆਗਾਜ਼ ਦੀ ਵਿਉਂਤਬੰਦੀ ਉਲੀਕੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਨੇ ਮੋਰਚੇ ਦੀ ਹਰ ਸਰਗਰਮੀ ਵਿੱਚ ਆਪਣੀ ਪੂਰੀ ਤਾਕਤ ਨਾਲ ਸ਼ਿਰਕਤ ਤੇ ਸਹਿਯੋਗ ਦਾ ਫ਼ੈਸਲਾ ਲਿਆ ਗਿਆ ਹੈ। ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਸੰਯੁਕਤ ਮੋਰਚਾ ਦੇ ਸੱਦੇ ’ਤੇ 16, 17, 18 ਜੁਲਾਈ ਨੂੰ ਪ੍ਰਧਾਨ ਮੰਤਰੀ, ਵਿਰੋਧੀ ਧਿਰ ਦੇ ਨੇਤਾ ਅਤੇ ਸੰਸਦ ਮੈਂਬਰਾਂ ਨੂੰ ਮੰਗ ਪੱਤਰ ਅਤੇ ਉਨ੍ਹਾਂ ਰਾਹੀਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਸੌਂਪੇ ਜਾਣਗੇ।