ਚੋਣ ਡਿਊਟੀ ਵਾਲੇ ਅਧਿਆਪਕਾਂ ਦੇ ਰਹਿਣ ਤੇ ਖਾਣੇ ਦਾ ਪ੍ਰਬੰਧ ਕਰਨ ਦੀ ਮੰਗ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 13 ਅਕਤੂਬਰ
ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਕ) ਦੀ ਵਰਚੁਅਲ ਮੀਟਿੰਗ ਅੱਜ ਸੂਬਾ ਪ੍ਰਧਾਨ ਨਵਪ੍ਰੀਤ ਸਿੰਘ ਬੱਲੀ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ 15 ਅਕਤੂਬਰ ਨੂੰ ਹੋ ਰਹੀਆਂ ਗ੍ਰਾਮ ਪੰਚਾਇਤ ਚੋਣਾਂ ਵਿੱਚ ਤਾਇਨਾਤ ਮੁਲਾਜ਼ਮਾਂ ਤੇ ਅਧਿਆਪਕਾਂ ਦੀਆਂ ਮੰਗਾਂ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਗਈ ਕਿ ਚੋਣ ਅਮਲ ਵਿੱਚ ਲੱਗੇ ਮੁਲਾਜ਼ਮਾਂ ਦੇ ਰਹਿਣ ਅਤੇ ਖਾਣੇ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਸਮੁੱਚੇ ਸਟਾਫ਼ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ।
ਜਥੇਬੰਦੀ ਦੇ ਸੂਬਾ ਪ੍ਰੈੱਸ ਸਕੱਤਰ ਐੱਨਡੀ ਤਿਵਾੜੀ ਨੇ ਕਿਹਾ ਕਿ ਕਪਲ ਕੇਸ ’ਚੋਂ ਮਹਿਲਾ ਮੁਲਾਜ਼ਮਾਂ ਨੂੰ ਚੋਣ ਡਿਊਟੀ ਵਿੱਚ ਛੋਟ ਦਿੱਤੀ ਜਾਵੇ। ਚੋਣ ਪ੍ਰਕਿਰਿਆ ਵਿੱਚ ਤਾਇਨਾਤ ਅਧਿਆਪਕਾਂ ਨੂੰ ਪੋਲਿੰਗ ਬੂਥਾਂ ’ਤੇ ਰਾਤ ਠਹਿਰਨ ਲਈ ਬਿਸਤਰਾ ਅਤੇ ਬਿਜਲੀ-ਪਾਣੀ ਅਤੇ ਭੋਜਨ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਇਹ ਮੰਗ ਵੀ ਕੀਤੀ ਕਿ ਚੋਣ ਡਿਊਟੀ ਦੇਣ ਵਾਲੇ ਸਾਰੇ ਮੁਲਾਜ਼ਮਾਂ ਦਾ 14 ਅਤੇ 15 ਅਕਤੂਬਰ ਦਾ 50 ਲੱਖ ਰੁਪਏ ਦਾ ਸਿਹਤ ਬੀਮਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਚਾਇਤ ਚੋਣਾਂ ਵਿੱਚ ਕੰਮ ਬਹੁਤ ਜ਼ਿਆਦਾ ਹੁੰਦਾ ਹੈ ਕਿਉਂਕਿ ਇੱਕ ਪਿੰਡ ਵਿੱਚ ਕਈ ਵਾਰਡ ਹੁੰਦੇ ਹਨ, ਇਸ ਕਰਕੇ ਹਰੇਕ ਪੋਲਿੰਗ ਪਾਰਟੀ ਪੰਜ ਮੈਂਬਰਾਂ ਦੀ ਬਣਾਈ ਜਾਵੇ। ਆਗੂਆਂ ਨੇ ਮੰਗ ਕੀਤੀ ਕਿ ਗਿਣਤੀ ਸਮੇਂ ਪੋਲਿੰਗ ਬੂਥਾਂ ਦੇ ਅੰਦਰ ਅਤੇ ਬਾਹਰ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣ ਅਤੇ ਉਸ ਵੇਲੇ ਵੈੱਬ-ਕਾਸਟਿੰਗ ਰਾਹੀਂ ਸੀਸੀਟੀਵੀ ਕੈਮਰਾ ਰਿਕਾਰਡਿੰਗ ਜ਼ਰੂਰ ਕਰਵਾਈ ਜਾਵੇ। ਮੀਟਿੰਗ ਵਿੱਚ ਸੁਰਿੰਦਰ ਕੰਬੋਜ, ਸੋਮ ਸਿੰਘ, ਗੁਰਜੀਤ ਸਿੰਘ, ਪ੍ਰਗਟ ਸਿੰਘ ਜੰਬਰ, ਕੰਵਲਜੀਤ ਸੰਗੋਵਾਲ, ਗੁਰਪ੍ਰੀਤ ਸਿੰਘ ਸੰਧੂ, ਬਿਕਰਮਜੀਤ ਸਿੰਘ ਸ਼ਾਹ, ਜਤਿੰਦਰ ਸਿੰਘ ਸੋਨੀ ਹਾਜ਼ਰ ਸਨ।