ਕੌਮੀ ਖੇਤੀ ਮੰਡੀ ਨੀਤੀ ਦਾ ਖਰੜਾ ਰੱਦ ਕਰਨ ਦੀ ਮੰਗ
ਪਰਸ਼ੋਤਮ ਬੱਲੀ
ਬਰਨਾਲਾ, 4 ਫਰਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਹੇਠ ਇੱਥੇ ਤਰਕਸ਼ੀਲ ਭਵਨ ਵਿਖੇ ਹੋਈ। ਇਸ ਮੀਟਿੰਗ ਵਿੱਚ 14 ਜ਼ਿਲ੍ਹਿਆਂ ਤੋਂ ਪ੍ਰਧਾਨ ਅਤੇ ਜਨਰਲ ਸਕੱਤਰ ਵੀ ਹਾਜ਼ਰ ਹੋਏ। ਮੀਟਿੰਗ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਤੇ ਸੂਬਾ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਭਦੌੜ ਨੇ ਦੱਸਿਆ ਕਿ ਕੌਮੀ ਖੇਤੀ ਮੰਡੀ ਨੀਤੀ ਦੇ ਖਰੜੇ ਨੂੰ ਰੱਦ ਕਰਵਾਉਣ ਅਤੇ ਦਿੱਲੀ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ 9 ਫਰਵਰੀ ਨੂੰ ਰਾਜ ਸਭਾ ਅਤੇ ਲੋਕ ਸਭਾ ਦੇ ਸਾਰੇ ਮੈਂਬਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ। ਜਥੇਬੰਦੀ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਇਸ ਖਰੜੇ ਦੇ ਖ਼ਿਲਾਫ਼ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਇਸ ਨੂੰ ਰੱਦ ਕਰੇ। ਖੇਤੀ ਮੰਡੀਕਰਨ ਨੀਤੀ ਨੂੰ ਰੱਦ ਕਰਵਾਉਣ ਅਤੇ ਦਿੱਲੀ ਅੰਦੋਲਨ ਸਮੇਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 5 ਮਾਰਚ ਤੋਂ ਚੰਡੀਗੜ੍ਹ ਵਿੱਚ ਲਗਾਏ ਜਾ ਰਹੇ ਪੱਕੇ ਮੋਰਚੇ ‘ਚ ਭਰਵੀਂ ਸ਼ਮੂਲੀਅਤ ਦਾ ਫ਼ੈਸਲਾ ਕੀਤਾ ਗਿਆ। ਇਸ ਸਬੰਧੀ ਜ਼ਿਲ੍ਹਾ ਵਾਰ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ। ਆਗੂਆਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਕੁੱਲਰੀਆਂ ਦੇ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਦੀ ਸਾਜਿਸ਼ ਖ਼ਿਲਾਫ਼ ਪਿਛਲੇ ਇੱਕ ਸਾਲ ਤੋਂ ਜਾਰੀ ਸੰਘਰਸ਼ ਬਾਰੇ ਵਿਚਾਰ ਵਟਾਂਦਰਾ ਕਰਦਿਆਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੇ ਖਿਲਾਫ ਕੋਈ ਕਦਮ ਚੁੱਕਣ ਦੀ ਕੋਸ਼ਿਸ਼ ਕੀਤੀ ਤਾਂ ਜੱਥੇਬੰਦਕ ਸੰਘਰਸ਼ ਰਾਹੀਂ ਸਖਤ ਜਵਾਬ ਦਿੱਤਾ ਜਾਵੇਗਾ।ਇਸ ਸੰਘਰਸ਼ ਨੂੰ ਮੁਕੰਮਲ ਜਿੱਤ ਤੱਕ ਜਾਰੀ ਰੱਖਣ ਦਾ ਫੈਸਲਾ ਵੀ ਕੀਤਾ ਗਿਆ। ਇਸ ਤੋਂ ਇਲਾਵਾ ਜਥੇਬੰਦੀ ਦਾ ਸੂਬਾਈ ਡੈਲੀਗੇਟ ਇਜਲਾਸ 22 ਅਤੇ 23 ਫਰਵਰੀ ਨੂੰ ਮਸਤੂਆਣਾ ਸਾਹਿਬ ਵਿਖੇ ਕਰਨ ਦਾ ਫੈਸਲਾ ਕੀਤਾ ਗਿਆ। ਬਠਿੰਡਾ ਜ਼ਿਲ੍ਹੇ ਦੇ ਪਿੰਡ ਜਿਉਂਦ ਵਿਖੇ ਕਿਸਾਨਾਂ ‘ਤੇ ਹੋਏ ਜ਼ਬਰ ਖ਼ਿਲਾਫ਼ ਚੱਲ ਰਹੇ ਸੰਘਰਸ਼ ਵਿੱਚ ਸ਼ਾਮਿਲ ਹੋਣ ਦਾ ਫ਼ੈਸਲਾ ਵੀ ਕੀਤਾ ਗਿਆ। \ਮੀਟਿੰਗ ਨੇ ਕੇਂਦਰੀ ਵਿੱਤ ਮੰਤਰੀ ਵੱਲੋਂ ਲੰਘੇ ਦਿਨੀਂ ਪਾਰਲੀਮੈਂਟ ਵਿੱਚ ਪੇਸ਼ ਕੀਤੇ ਗਏ ਬਜਟ ਨੂੰ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਪੱਖੀ ਦੱਸਦਿਆਂ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ।