ਮਹਿਲਾ ਅਧਿਆਪਕਾਂ ਨੂੰ ਚੋਣ ਡਿਊਟੀ ਤੋਂ ਛੋਟ ਦੇਣ ਦੀ ਮੰਗ
ਪੱਤਰ ਪ੍ਰੇਰਕ
ਜਲੰਧਰ, 30 ਸਤੰਬਰ
ਪੰਚਾਇਤੀ ਚੋਣਾਂ ਦੌਰਾਨ ਸਮੁੱਚੇ ਅਧਿਆਪਕ ਵਰਗ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਪ੍ਰਤੀਨਿਧ ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਡਿਪਟੀ ਕਮਿਸ਼ਨਰ ਜਲੰਧਰ ਰਾਹੀਂ ਮੁੱਖ ਚੋਣ ਅਧਿਕਾਰੀ ਪੰਜਾਬ ਦੇ ਨਾਂ ਮੰਗ ਪੱਤਰ ਭੇਜਿਆ ਗਿਆ। ਇਸ ਸਬੰਧੀ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਪ੍ਰੀਤ ਸਿੰਘ ਅਤੇ ਜ਼ਿਲ੍ਹਾ ਸਕੱਤਰ ਅਵਤਾਰ ਲਾਲ ਨੇ ਦੱਸਿਆ ਕਿ ਫਰੰਟ ਵਲੋਂ ਵੱਡੀ ਗਿਣਤੀ ਵਿੱਚ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ। ਅਧਿਆਪਕ ਆਗੂਆਂ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਦੌਰਾਨ ਚੋਣ ਡਿਊਟੀਆਂ ਵੱਖ- ਵੱਖ ਵਿਭਾਗਾਂ ਵਿੱਚੋਂ ਆਨੁਪਾਤਿਕ ਢੰਗ ਨਾਲ ਲਗਾਈਆਂ ਜਾਣ। ਔਰਤ ਅਧਿਆਪਕਾਵਾਂ, ਗੰਭੀਰ ਬਿਮਾਰੀਆਂ ਤੋਂ ਪੀੜਤ, ਸੇਵਾ ਮੁਕਤੀ ਦੇ ਨੇੜੇ ਬੈਠੇ ਅਧਿਆਪਕਾਂ, ਅੰਗਹੀਣਾਂ ਅਤੇ ਲੋੜਵੰਦਾਂ ਨੂੰ ਚੋਣ ਡਿਊਟੀ ਤੋਂ ਪੂਰੀ ਤਰ੍ਹਾਂ ਛੋਟ ਦਿੱਤੀ ਜਾਵੇ। ਅਧਿਆਪਕਾਂ ਦੀਆਂ ਡਿਊਟੀਆਂ ਦੂਰ-ਦੁਰਾਡੇ ਲਾਉਣ ਦੀ ਬਜਾਏ ਉਨ੍ਹਾਂ ਦੇ ਬਲਾਕਾਂ ਵਿੱਚ ਲਾਈਆਂ ਜਾਣ। ਗਿਣਤੀ ਦਾ ਕੰਮ ਅਗਲੇ ਦਿਨ ਸਟਰੌਂਗ ਰੂਮ ਵਿੱਚ ਕਰਵਾਇਆ ਜਾਵੇ। ਡਿਊਟੀ ਤੋਂ ਬਾਅਦ ਚੋਣ ਅਮਲੇ ਦੇ ਘਰਾਂ ਨੂੰ ਜਾਣ ਲਈ ਬੱਸਾਂ ਦਾ ਪ੍ਰਬੰਧ ਕੀਤਾ ਜਾਵੇ।