ਘੱਗਰ ਦਰਿਆ ਸਬੰਧੀ ਵੱਖਰੀ ਵਿਧਾਨ ਸਭਾ ਕਮੇਟੀ ਬਣਾਉਣ ਦੀ ਮੰਗ
ਰਮੇਸ਼ ਭਾਰਦਵਾਜ
ਲਹਿਰਾਗਾਗਾ, 3 ਸਤੰਬਰ
ਲਹਿਰਾਗਾਗਾ ਦੇ ਵਿਧਾਇਕ ਬਰਿੰਦਰ ਗੋਇਲ ਨੇ ਪੰਜਾਬ ਸਰਕਾਰ ਵੱਲੋਂ ਘੱਗਰ ਦਰਿਆ ਤੇ ਬੁੱਢੇ ਨਾਲੇ ਦੇ ਸਥਾਈ ਹੱਲ ਲਈ ਬਣਾਈ ਗਈ ਸਾਂਝੀ ਵਿਧਾਨ ਸਭਾ ਕਮੇਟੀ ਨੂੰ ਘੱਗਰ ਦਰਿਆ ਲਈ ਵੱਖਰੀ ਵਿਧਾਨ ਸਭਾ ਕਮੇਟੀ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਘੱਗਰ ਦਰਿਆ ਨਾਲ ਬਣਾਈ ਜਾਣ ਵਾਲੀ ਕਮੇਟੀ ਵਿੱਚ ਘੱਗਰ ਦਰਿਆ ਤੋਂ ਪ੍ਰਭਾਵਿਤ ਇਲਾਕਿਆਂ ਦੇ ਐੱਮਐੱਲਏ ਨੂੰ ਸ਼ਾਮਲ ਕੀਤਾ ਜਾਵੇ। ਵਿਧਾਨ ਸਭਾ ਵਿੱਚ ਵਿਧਾਇਕ ਗੋਇਲ ਨੇ ਕਿਹਾ ਕਿ ਘੱਗਰ ਦਰਿਆ ਅਤੇ ਬੁੱਢੇ ਨਾਲੇ ਕਾਰਨ ਹੁੰਦੇ ਨੁਕਸਾਨ ਸਬੰਧੀ ਵੱਖ-ਵੱਖ ਵਿਧਾਇਕਾਂ ਵੱਲੋਂ ਮਾਮਲਾ ਉਠਾਉਣ ਮਗਰੋਂ ਸਰਕਾਰ ਨੇ ਇਸ ਸਮੱਸਿਆ ਦੇ ਹੱਲ ਲਈ ਵਿਧਾਨ ਸਭਾ ਕਮੇਟੀ ਬਣਾਈ ਸੀ। ਕਮੇਟੀ ਦੇ ਚੇਅਰਮੈਨ ਦਲਜੀਤ ਸਿੰਘ ਭੋਲਾ ਦੀ ਅਗਵਾਈ ਵਿੱਚ ਸਮੁੱਚੀ ਟੀਮ ਵੱਲੋਂ ਘੱਗਰ ਦਰਿਆ ਦਾ ਦੌਰਾ ਕੀਤਾ ਗਿਆ। ਇਸ ਸਾਲ ਕਮੇਟੀ ਦੇ ਯਤਨਾ ਸਦਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖੁਦ ਘੱਗਰ ਦਰਿਆ ਦਾ ਦੌਰਾ ਕਰਕੇ ਘੱਗਰ ਦਰਿਆ ਦੇ 18 ਕਿਲੋਮੀਟਰ ਲੰਬੇ ਬੰਨ੍ਹ ਨੂੰ ਮਜ਼ਬੂਤ ਅਤੇ ਚੌੜਾ ਕਰਨ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਵਿਧਾਇਕ ਗੋਇਲ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਸਪੀਕਰ ਨੇ ਵਿਸ਼ਵਾਸ ਦਵਾਇਆ ਕਿ ਉਨ੍ਹਾਂ ਦੀ ਗੱਲ ਨੂੰ ਪੂਰੀ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ।