ਕਿਸਾਨਾਂ ਨੂੰ ਝੋਨੇ ’ਤੇ 300 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਮੰਗ
ਪ੍ਰਭੂ ਦਿਆਲ
ਸਿਰਸਾ, 15 ਅਕਤੂਬਰ
ਹਰਿਆਣਾ ਪ੍ਰਦੇਸ਼ ਵਪਾਰ ਮੰਡਲ ਦੇ ਸੂਬਾਈ ਪ੍ਰਧਾਨ ਅਤੇ ਹਰਿਆਣਾ ਕਨਫੈੱਡ ਦੇ ਸਾਬਕਾ ਚੇਅਰਮੈਨ ਬਜਰੰਗ ਗਰਗ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਝੋਨੇ ’ਤੇ 300 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਵੇ। ਉਹ ਅੱਜ ਇਥੇ ਵਪਾਰੀਆਂ, ਆੜ੍ਹਤੀਆਂ ਤੇ ਕਿਸਾਨਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਗਰਗ ਨੇ ਕਿਹਾ ਕਿ ਸਰਕਾਰ ਵੱਲੋਂ ਸਮੇਂ ਸਿਰ ਝੋਨੇ ਦੀ ਖਰੀਦ ਨਾ ਕਰਨ ਕਾਰਨ ਕਿਸਾਨ ਬਰਬਾਦੀ ਦੇ ਕੰਢੇ ਹਨ। ਕਿਸਾਨ ਕੋਲ ਆਪਣਾ ਝੋਨਾ ਮੰਡੀਆਂ ਜਾਂ ਘਰ ਵਿੱਚ ਰੱਖਣ ਲਈ ਥਾਂ ਨਹੀਂ ਹੈ, ਜਿਸ ਕਰਕੇ ਕਿਸਾਨ ਆਪਣਾ ਝੋਨਾ ਘੱਟੋ-ਘੱਟ ਸਮਰਥਨ ਮੁੱਲ ਤੋਂ 200 ਤੋਂ 350 ਰੁਪਏ ਪ੍ਰਤੀ ਕੁਇੰਟਲ ਤੱਕ ਘੱਟ ਭਾਅ ’ਤੇ ਵੇਚਣ ਲਈ ਮਜਬੂਰ ਹਨ। ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਹਰਿਆਣਾ ਦੀਆਂ ਅਨਾਜ ਮੰਡੀਆਂ ਪੂਰੀ ਤਰ੍ਹਾਂ ਝੋਨੇ ਨਾਲ ਭਰੀਆਂ ਪਈਆਂ ਹਨ। ਬਜਰੰਗ ਗਰਗ ਨੇ ਕਿਹਾ ਕਿ ਝੋਨੇ ਦੀ ਲਿਫਟਿੰਗ ਦੀ ਰਫ਼ਤਾਰ ਬਹੁਤ ਮੱਠੀ ਹੋਣ ਕਾਰਨ ਕਿਸਾਨ ਅਤੇ ਆੜ੍ਹਤੀ ਚਿੰਤਤ ਹਨ। ਉਨ੍ਹਾਂ ਕਿਹਾ ਕਿ ਸਰਕਾਰ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕਰੇ ਕਿ ਕਿਸਾਨ ਦਾ ਝੋਨਾ 24 ਘੰਟਿਆਂ ਦੇ ਅੰਦਰ-ਅੰਦਰ ਖਰੀਦ ਕੇ ਚੁਕਾਇਆ ਜਾਵੇ। ਇਸ ਮੌਕੇ ਵਪਾਰ ਮੰਡਲ ਸਿਰਸਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੂਬਾ ਜਨਰਲ ਸਕੱਤਰ ਹੀਰਾਲਾਲ ਸ਼ਰਮਾ ਨੇ ਵੀ ਸੰਬੋਧਨ ਕੀਤਾ।