ਸਫ਼ਾਈ ਮੁਲਾਜ਼ਮਾਂ ਨੂੰ ਐਤਵਾਰ ਦੀ ਛੁੱਟੀ ਦੇਣ ਦੀ ਮੰਗ
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 28 ਨਵੰਬਰ
ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਅੱਜ ਸਥਾਨਕ ਬੱਚਤ ਭਵਨ ਵਿੱਚ ਸਮੂਹ ਸਫ਼ਾਈ/ਸੀਵਰਮੈਨ ਕਰਮਚਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸੁਣੀਆਂ ਅਤੇ ਕੁੱਝ ਮੁਸ਼ਕਲਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਰਹਿੰਦੀਆਂ ਸਮੱਸਿਆਵਾਂ ਵੀ ਛੇਤੀ ਹੱਲ ਕਰਨ ਲਈ ਕਿਹਾ।
ਚੇਅਰਮੈਨ ਗਰੇਵਾਲ ਕੋਲ ਨਗਰ ਨਿਗਮ ਦੇ ਕਈ ਕਰਮਚਾਰੀਆਂ ਨੇ ਉਨ੍ਹਾਂ ਦੀ ਸਰਵਿਸ ਬੁੱਕ ਗੁੰਮ ਹੋਣ ਦੀ ਸ਼ਿਕਾਇਤ ਕੀਤੀ। ਜਿਸ ’ਤੇ ਚੇਅਰਮੈਨ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਬੰਧਤ ਕਲਰਕਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜਿਹੜਾ ਵੀ ਨਗਰ ਨਿਗਮ ਦਾ ਕਲਰਕ ਸਮਾਂਬੱਧ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਅਤੇ ਹੋਰ ਦਰਜਾ ਚਾਰ ਕਰਮਚਾਰੀਆਂ ਦੇ ਬਣਦੇ ਕੰਮ ਨਹੀਂ ਕਰਦਾ ਉਸ ਕਲਰਕ ’ਤੇ ਵੀ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਕਰਮਚਾਰੀਆਂ ਦੀਆਂ ਤਰੱਕੀਆਂ ਪੈਡਿੰਗ ਹਨ, ਉਨ੍ਹਾਂ ਕਰਮਚਾਰੀਆਂ ਦੀਆਂ ਕਾਨੂੰਨ ਅਨੁਸਾਰ ਦਸੰਬਰ ਦੇ ਪਹਿਲੇ ਹਫਤੇ ਤੱਕ ਤਰੱਕੀ ਕੀਤੀ ਜਾਵੇ ਅਤੇ ਉਨ੍ਹਾਂ ਦਾ ਬਣਦਾ ਹੱਕ ਉਨ੍ਹਾਂ ਨੂੰ ਦਿੱਤਾ ਜਾਵੇ।
ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਆਦੇਸ਼ ਦਿੱਤੇ ਕਿ ਹਰੇਕ ਸਫ਼ਾਈ ਕਰਮਚਾਰੀ ਨੂੰ ਐਤਵਾਰ ਦੀ ਛੁੱਟੀ ਜ਼ਰੂਰ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਉਹ ਜਨਵਰੀ ਦੇ ਪਹਿਲੇ ਹਫਤੇ ਫਿਰ ਲੁਧਿਆਣਾ ਵਿਖੇ ਆਉਣਗੇ ਅਤੇ ਇਨ੍ਹਾਂ ਕਰਮਚਾਰੀਆਂ ਦੀ ਭਲਾਈ ਲਈ ਮੀਟਿੰਗ ਕਰਨਗੇ। ਉਹਨਾਂ ਕਿਹਾ ਕਿ ਇਨ੍ਹਾਂ ਸਫ਼ਾਈ ਕਰਮਚਾਰੀਆਂ ਕਰਕੇ ਹੀ ਲੁਧਿਆਣਾ ਸਫ਼ਾਈ ਵਿਚ ਨੰਬਰ ਇੱਕ ਤੇ ਹੈ।
ਚੰਦਨ ਗਰੇਵਾਲ ਵੱਲੋਂ ਕਿਹਾ ਗਿਆ ਕਿ ਸਫ਼ਾਈ ਕਮਿਸ਼ਨ ਸਫ਼ਾਈ ਸੇਵਕਾਂ/ਸੀਵਰਮੈਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਦੇ ਹੱਕਾਂ ਦੀ ਰਾਖੀ ਲਈ ਹਮੇਸ਼ਾਂ ਚੱਟਾਨ ਵਾਂਗ ਉਨ੍ਹਾਂ ਦੇ ਨਾਲ ਖੜ੍ਹਾ ਹੈ ਤੇ ਡੱਟ ਕੇ ਖੜ੍ਹਾ ਰਹੇਗਾ। ਚੇਅਰਮੈਨ ਨੇ ਕਿਹਾ ਕਿ ਕਮਿਸ਼ਨ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ।