ਮੁਹਾਲੀ ਨੂੰ ਭਿਖਾਰੀ ਮੁਕਤ ਸ਼ਹਿਰ ਬਣਾਉਣ ਦੀ ਮੰਗ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 14 ਅਕਤੂਬਰ
ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਭਿਖਾਰੀਆਂ ਦੀ ਭਰਮਾਰ ਹੈ। ਉਨ੍ਹਾਂ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਮੁਹਾਲੀ ਨੂੰ ਭਿਖਾਰੀ ਮੁਕਤ ਸ਼ਹਿਰ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਬਾਜ਼ਾਰਾਂ ਸਮੇਤ ਹਰੇਕ ਲਾਲ ਬੱਤੀ ਪੁਆਇੰਟ ’ਤੇ ਔਰਤਾਂ ਅਤੇ ਪੁਰਸ਼ ਭੀਖ ਮੰਗਣ ਲਈ ਗੱਡੀਆਂ ਦੇ ਦੁਆਲੇ ਹੋ ਜਾਂਦੇ ਹਨ। ਇੱਥੋਂ ਤੱਕ ਕਿ ਹੁਣ ਔਰਤਾਂ ਨੇ ਆਪਣੇ ਛੋਟੇ ਛੋਟੇ ਬੱਚਿਆਂ ਨੂੰ ਵੀ ਭੀਖ ਮੰਗਣ ਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਭਿਖਾਰੀਆਂ ਦੀ ਦਿਨੋਂ ਦਿਨ ਵਧ ਰਹੀ ਗਿਣਤੀ ਇੱਕ ਗੰਭੀਰ ਸਮੱਸਿਆ ਬਣ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸਤਰੀ ਤੇ ਬਾਲ ਭਲਾਈ ਵਿਭਾਗ ਵੀ ਇਸ ਪਾਸੇ ਧਿਆਨ ਨਹੀਂ ਦੇ ਰਿਹਾ ਹੈ। ਡਿਪਟੀ ਮੇਅਰ ਨੇ ਲਿਖਿਆ ਕਿ ਤਿਉਹਾਰਾਂ ਦੇ ਸੀਜ਼ਨ ਵਿੱਚ ਸੜਕਾਂ ਅਤੇ ਬਾਜ਼ਾਰਾਂ ਵਿੱਚ ਗੱਡੀਆਂ ਦੀ ਆਵਾਜਾਈ ਵੱਧ ਜਾਂਦੀ ਹੈ ਅਤੇ ਇਹ ਭਿਖਾਰੀ ਚੌਕਾਂ ’ਤੇ ਸਾਮਾਨ ਵੇਚਣ ਲੱਗ ਜਾਂਦੇ ਹਨ ਤੇ ਭੀਖ ਮੰਗਦੇ ਹਨ, ਜਿਸ ਨਾਲ ਹਾਦਸਾ ਵਾਪਰਨ ਦਾ ਖ਼ਤਰਾ ਵੱਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਮੁਹਾਲੀ ਪੁਲੀਸ ਨੂੰ ਹਦਾਇਤਾਂ ਕੀਤੀਆਂ ਜਾਣ ਕਿ ਭਿਖਾਰੀਆਂ ’ਤੇ ਕਾਬੂ ਪਾਇਆ ਜਾਵੇ।