ਖੇਤਾਂ ’ਚੋਂ ਹੜ੍ਹ ਕੇ ਆਇਆ ਮਲਬਾ ਚੁੱਕਣ ਦੀ ਮੰਗ
ਪੱਤਰ ਪ੍ਰੇਰਕ
ਮੋਰਿੰਡਾ, 16 ਜੁਲਾਈ
ਇੱਥੋਂ ਦੇ ਗੁਰਦਵਾਰਾ ਸ਼ਹੀਦ ਗੰਜ ਸਾਹਬਿ ਵਿੱਚ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਬਲਾਕ ਮੋਰਿੰਡਾਂ ਦੀ ਮੀਟਿੰਗ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਸਰਪੰਚ ਮੁੰਡੀਆਂ ਦੀ ਪ੍ਰਧਾਨਗੀ ਹੇਠ ਹੋਈ ,ਜਿਸ ਵਿੱਚ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਚਲਾਕੀ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਪ੍ਰੈੱਸ ਸਕੱਤਰ ਜਸਵਿੰਦਰ ਸਿੰਘ ਕਾਈਨੌਰ ਨੇ ਦੱਸਿਆ ਕਿ ਮੀਂਹ ਕਾਰਨ ਸਮਰਾਲਾ, ਗੋਬਿੰਦਗੜ੍ਹ ਅਤੇ ਭਾਮੀਆਂ ਮਾਈਨਰ ਵਿੱਚ ਪਾੜ ਪੈਣ ਕਾਰਨ ਇਹ ਰਜਬਾਹੇ ਬੰਦ ਹੋ ਗਏ ਸਨ, ਜਨਿ੍ਹਾਂ ਵੱਲ ਪੰਜਾਬ ਸਰਕਾਰ ਵੱਲੋਂ ਅਤੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਵਲੋਂ ਕੋਈ ਧਿਆਨ ਨਹੀਂ ਦਿੱਤਾ ਗਿਆ। ਯੂਨੀਅਨ ਨੇ ਮੰਗ ਕੀਤੀ ਕਿ ਇਨ੍ਹਾਂ ਰਜਬਾਹਿਆਂ ਦੀ ਤੁਰੰਤ ਮੁਰੰਮਤ ਕਰਕੇ ਇਹਨਾਂ ਨੂੰ ਮੁੜ ਚਾਲੂ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਪਾਲਣ ਲਈ ਲੋੜੀਂਦਾ ਪਾਣੀ ਮਿਲ ਸਕੇ। ਭਾਰਤੀ ਕਿਸਾਨ ਯੂਨੀਅਨ ਨੇ ਬਰਸਾਤ ਕਾਰਨ ਸੜਕਾਂ ਅਤੇ ਪੁਲੀਆਂ ਦੇ ਟੁੱਟਣ ਕਾਰਨ, ਜੋ ਮਲਬਾ ਕਿਸਾਨਾਂ ਦੇ ਖੇਤਾਂ ਵਿੱਚ ਜਮ੍ਹਾ ਹੋਇਆ ਹੈ, ਉਸ ਨੂੰ ਪ੍ਰਸ਼ਾਸਨ ਵੱਲੋਂ ਆਪਣੇ ਪੱਧਰ ’ਤੇ ਖੇਤਾਂ ਵਿੱਚੋਂ ਬਾਹਰ ਕੱਢਣ ਦਾ ਪ੍ਰਬੰਧ ਕੀਤਾ ਜਾਵੇ।