ਹਵਾਈ ਅੱਡਿਆਂ ’ਤੇ ਸਿੱਖ ਮੁਲਾਜ਼ਮਾਂ ਨੂੰ ਕਿਰਪਾਨ ਪਾਉਣ ’ਤੇ ਪਾਬੰਦੀ ਹਟਾਉਣ ਦੀ ਮੰਗ
ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 5 ਨਵੰਬਰ
ਅੰਮ੍ਰਿਤਸਰ ਵਿਕਾਸ ਮੰਚ ਅਤੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਵਿਕਾਸ ਲਈ ਯਤਨਸ਼ੀਲ ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਪਰਸਨ ਇਕਬਾਲ ਸਿੰਘ ਲਾਲਪੁਰਾ ਅਤੇ ਭਾਰਤ ਸਰਕਾਰ ਦੇ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮਮੋਹਨ ਨਾਇਡੂ ਨੂੰ ਪੱਤਰ ਭੇਜ ਕੇ ਸਿੱਖ ਯਾਤਰੀਆਂ ਅਤੇ ਕਰਮਚਾਰੀਆਂ ’ਤੇ ਸ੍ਰੀਸਾਹਿਬ ਪਾਉਣ ’ਤੇ ਪਾਬੰਦੀ ਲਾਉਣ ਦਾ ਮਾਮਲਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਹੈ। ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਅਤੇ ਓਵਰਸੀਜ਼ ਸਕੱਤਰ ਤੇ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਕਿਹਾ ਕਿ ਬਿਊਰੋ ਵਲੋਂ ਜਾਰੀ 30 ਅਕਤੂਬਰ ਦੇ ਆਦੇਸ਼ ਅਨੁਸਾਰ ਸਿੱਖ ਯਾਤਰੀਆਂ ਨੂੰ ਛੇ ਇੰਚ ਤੱਕ ਦੇ ਬਲੇਡ ਵਾਲੀ ਕਿਰਪਾਨ ਨਾਲ ਘਰੇਲੂ ਉਡਾਣਾਂ ’ਤੇ ਜਾਣ ਦੀ ਆਗਿਆ ਹੈ। ਉਨ੍ਹਾਂ ਕਿਹਾ ਕਿ ਨੋਟੀਫੀਕੇਸ਼ਨ ’ਚ ਇਹ ਵੀ ਲਿਖ ਦਿੱਤਾ ਗਿਆ ਹੈ ਕਿ ਸਿੱਖ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਕਿਰਪਾਨ ਪਹਿਨਣ ਤੋਂ ਸਪੱਸ਼ਟ ਤੌਰ ’ਤੇ ਰੋਕ ਹੈ। ਇਸ ਪਾਬੰਦੀ ਨਾਲ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਸੁਰੱਖਿਆ ਜਾਂਚ ਤੋਂ ਬਾਅਦ ਟਰਮੀਨਲ ਖੇਤਰ ’ਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ।
ਮੰਚ ਨੇ ਪਾਬੰਦੀ ਵਾਲੀ ਲਾਈਨ ਨੂੰ ਹਟਾਉਣ ਅਤੇ ਸਿੱਖ ਕਰਮਚਾਰੀਆਂ ਨੂੰ ਡਿਊਟੀ ਦੌਰਾਨ ਕਿਰਪਾਨ ਪਹਿਨਣ ਦੀ ਆਗਿਆ ਦੇਣ ਲਈ ਜ਼ੋਰ ਦਿੱਤਾ ਹੈ। ਆਗੂਆਂ ਨੇ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਕਿ ਉਹ ਸਿੱਖ ਯਾਤਰੀਆਂ ਅਤੇ ਕਰਮਚਾਰੀਆਂ ਦੇ ਧਾਰਮਿਕ ਅਧਿਕਾਰਾਂ ਦੀ ਰੱਖਿਆ ਕਰਨ ਲਈ ਸਹਿਯੋਗ ਦੇਣ ਤੇ ਭਾਰਤ ਸਰਕਾਰ ਅੱਗੇ ਇਹ ਮੁੱਦਾ ਚੁੱਕਣ।