ਪੁਰਾਣੀ ਪੈਨਸ਼ਨ ਯੋਜਨਾ ਬਹਾਲ ਕਰਨ ਦੀ ਮੰਗ
ਪੱਤਰ ਪ੍ਰੇਰਕ
ਜਲੰਧਰ, 1 ਅਪਰੈਲ
ਜਲੰਧਰ ਵਿੱਚ ਸਰਕਾਰੀ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਤੇ ਪੁਰਾਣੀ ਪੈਨਸ਼ਨ ਯੋਜਨਾ ਲਾਗੂ ਕਰਨ ਲਈ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਪੰਜਾਬ ਦੇ ਨਾਮ ਏਡੀਸੀ ਨੂੰ ਮੰਗ ਪੱਤਰ ਦਿੱਤਾ। ਸੀਪੀਐੱਫ ਕਰਮਚਾਰੀ ਯੂਨੀਅਨ ਦੇ ਪੰਜਾਬ ਪ੍ਰਧਾਨ ਸੁਖਜੀਤ ਸਿੰਘ ਅਤੇ ਡੀਸੀ ਦਫਤਰ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਜਟ ਦੌਰਾਨ ਸਮੁੱਚੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਮੁਲਾਜ਼ਮ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ ਤਾਂ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਦੌਰਾਨ ਵੱਡਾ ਸੰਘਰਸ਼ ਉਲੀਕਿਆ ਜਾਵੇਗਾ। ਇਸ ਮੌਕੇ ਅਮਨਦੀਪ ਸਿੰਘ, ਪਵਨ ਕੁਮਾਰ, ਕ੍ਰਿਪਾਲ ਸਿੰਘ, ਰਣਜੀਤ ਰਾਵਤ, ਦਵਿੰਦਰ ਭੱਟੀ, ਵਿਨੋਦ ਸਾਗਰ, ਜੋਰਾਵਰ ਸਿੰਘ, ਡਿੰਪਲ ਰਹੇਲਾ, ਸੁਖਵਿੰਦਰ ਸਿੰਘ ਸੁੱਖੀ, ਸੁਖਦੇਵ ਬਸਰਾ, ਹਰਮਨ ਸਿੰਘ, ਗਗਨਦੀਪ ਸਿੰਘ, ਇੰਦਰਜੀਤ ਸਿੰਘ, ਰਮਾ ਰਾਣੀ ਅਤੇ ਰਜਨੀ ਬਾਲਾ ਆਦਿ ਮੌਜੂਦ ਸਨ।