ਡੈਮੋਕਰੈਟਿਕ ਟੀਚਰਜ਼ ਫਰੰਟ ਵੱਲੋਂ ਬਰਨਾਲਾ ਵਿੱਚ ਰੈਲੀ ਦਾ ਐਲਾਨ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 3 ਨਵੰਬਰ
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲੀ ਦੇ ਅਹਿਮ ਮਸਲੇ ਨੂੰ ਠੰਢੇ ਬਸਤੇ ਪਾਉਣ ਅਤੇ ਹੋਰ ਹੱਕੀ ਮੰਗਾਂ ਪ੍ਰਤੀ ਡੰਗ ਟਪਾਊ ਨੀਤੀਆਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਅਧਿਆਪਕਾਂ ਦੀ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਨੇ 9 ਨਵੰਬਰ ਨੂੰ ਬਰਨਾਲਾ ਵਿੱਚ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਜ਼ਿਲ੍ਹਾ ਸੰਗਰੂਰ ਇਕਾਈ ਦੇ ਪ੍ਰਧਾਨ ਦਾਤਾ ਸਿੰਘ ਨਮੋਲ ਅਤੇ ਸਕੱਤਰ ਹਰਭਗਵਾਨ ਗੁਰਨੇ ਨੇ ਦੱਸਿਆ ਕਿ ਜਨਵਰੀ 2004 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਅਤੇ ਅਧਿਆਪਕਾਂ ਦੀ ਮੰਗ ਪੁਰਾਣੀ ਪੈਨਸ਼ਨ ‘ਆਪ’ ਸਰਕਾਰ ਵੱਲੋਂ ਢਾਈ ਸਾਲ ਬੀਤਣ ਦੇ ਬਾਵਜੂਦ ਵੀ ਪੂਰੀ ਨਹੀਂ ਕੀਤੀ ਗਈ। ਇਸ ਸਬੰਧੀ ਅਧੂਰਾ ਨੋਟੀਫਿਕੇਸ਼ਨ ਜਾਰੀ ਕਰਕੇ ਮਸਲਾ ਠੰਢੇ ਬਸਤੇ ਵਿੱਚ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸੰਗਰੂਰ ਮੀਤ ਅਤੇ ਪ੍ਰੈੱਸ ਸਕੱਤਰ ਜਸਬੀਰ ਨਮੋਲ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮ 1970 ਦੇ ਦਹਾਕੇ ਵਾਲੀ ਪੁਰਾਣੀ ਪੈਨਸ਼ਨ ਲਾਗੂ ਕਰਨ ਦੀ ਮੰਗ ਕਰ ਰਹੇ ਹਨ ਜਦੋਂ ਕਿ ਸਮੇਂ ਦੀਆਂ ਸਰਕਾਰਾਂ ਵੱਲੋਂ ਕੰਟਰੀਬਿਊਟਰੀ ਸਕੀਮ ਤਹਿਤ ਨਵੀਂ ਐੱਨਪੀਐਸ, ਯੂਪੀਐੱਸ ਪ੍ਰਣਾਲੀ ਵਾਲੀ ਮਾਮੂਲੀ ਪੈਨਸ਼ਨ ਜਬਰੀ ਥੋਪੀ ਜਾ ਰਹੀ ਹੈ।