ਜਮਹੂਰੀ ਜਥੇਬੰਦੀਆਂ ਵੱਲੋਂ ਕਾਲੇ ਕਾਨੂੰਨਾਂ ਵਿਰੁੱਧ ਵਿਖਾਵਾ
ਪੱਤਰ ਪ੍ਰੇਰਕ
ਜਲੰਧਰ, 10 ਦਸੰਬਰ
ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਪੰਜਾਬ ਦੀਆਂ ਤਿੰਨ ਦਰਜਨ ਤੋਂ ਵੱਧ ਜਨਤਕ ਤੇ ਜਮਹੂਰੀ ਜਥੇਬੰਦੀਆਂ ਦੇ ਸੱਦੇ ’ਤੇ ਅੱਜ ਕੇਂਦਰੀ ਹਕੂਮਤ ਵੱਲੋਂ ਮਨੁੱਖੀ ਹੱਕਾਂ ਦਾ ਘਾਣ ਕਰਨ ਵਾਲੇ ਕਾਲੇ ਕਾਨੂੰਨਾਂ ਵਿਰੁੱਧ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਇਨ੍ਹਾਂ ਕਾਨੂੰਨਾਂ ਨੂੰ ਫੌਰੀ ਰੱਦ ਕਰਨ ਅਤੇ ਜੇਲ੍ਹੀਂ ਡੱਕੇ ਬੁੱਧੀਜੀਵੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ।
ਅੱਜ ਦੇ ਰੋਸ ਮੁਜ਼ਾਹਰੇ ਦੀ ਅਗਵਾਈ ਜਮਹੂਰੀ ਅਧਿਕਾਰ ਸਭਾ, ਤਰਕਸ਼ੀਲ ਸੁਸਾਇਟੀ ਪੰਜਾਬ, ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ, ਪੰਜਾਬੀ ਲੇਖਕ ਸਭਾ ਜਲੰਧਰ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ,ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ.ਕਿਰਤੀ ਕਿਸਾਨ ਯੂਨੀਅਨ, ਟੈਕਨੀਕਲ ਸਰਵਿਸ਼ਜ ਯੂਨੀਅਨ (ਭੰਗਲ), ਇਸਤਰੀ ਜਾਗ੍ਰਿਤੀ ਮੰਚ,ਪੰਜਾਬ ਲੋਕ ਸਭਿਆਚਾਰਕ ਮੰਚ (ਪਲਸ ਮੰਚ), ਪੰਜਾਬ ਸੁਬਾਰੀਨੇਟ ਸਰਵਿਸਜ਼ ਫੈਡਰੇਸ਼ਨ ਅਤੇ ਪੀਪਲਜ਼ ਵੁਆਇਸ ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ।
ਦੇਸ਼ ਭਗਤ ਯਾਦਗਾਰ ਹਾਲ ’ਚ ਹੋਈ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਲੇਖਕ ਬੂਟਾ ਸਿੰਘ ਮਹਿਮੂਦਪੁਰ ਨੇ ਕਿਹਾ ਕਿ ਕੇਂਦਰੀ ਤੇ ਸੂਬਾਈ ਸਰਕਾਰਾਂ ਵੱਲੋਂ ਲੋਕ ਵਿਰੋਧੀ ਸਾਮਰਾਜੀ ਨੀਤੀਆਂ ਨੂੰ ਲੋਕਾਂ ਸਿਰ ਮੜ੍ਹ ਕੇ ਜੋ ਕਾਰਪੋਰੇਟੀ ਪੱਖੀ ਮਾਡਲ ਲਾਗੂ ਕੀਤਾ ਜਾ ਰਿਹਾ ਹੈ, ਇਸ ਨੇ ਜਨਸਮੂਹਾਂ ਵਿੱਚ ਬੇਚੈਨੀ ਪੈਦਾ ਕੀਤੀ ਹੋਈ ਹੈ। ਅੱਜ ਦੇ ਇਕੱਠ ਵਿੱਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਸਿਆਸੀ ਕਾਰਕੁਨ ਪ੍ਰੋ. ਸਾਈਂ ਬਾਬਾ ਨੂੰ ਸ਼ਰਧਾਂਜਲੀ ਦਿੱਤੀ ਗਈ। ਜਮਹੂਰੀ ਅਧਿਕਾਰ ਸਭਾ ਜ਼ਿਲ੍ਹਾ ਜਲੰਧਰ ਦੇ ਮੀਤ ਪ੍ਰਧਾਨ ਜਸਵਿੰਦਰ ਭੋਗਲ ਨੇ ਧੰਨਵਾਦੀ ਸ਼ਬਦ ਕਹੇ ਅਤੇ ਸਕੱਤਰ ਡਾ. ਮੰਗਤ ਰਾਏ ਨੇ ਮੰਚ ਸੰਚਾਲਨ ਕੀਤਾ।
ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ): ਇੱਥੋਂ ਦੀਆਂ ਲੋਕਪੱਖੀ ਜਨਤਕ ਅਤੇ ਜਮਹੂਰੀ ਜਥੇਬੰਦੀਆਂ ਵੱਲੋਂ ਭੰਡਾਰੀ ਪੁਲ ’ਤੇ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਜਮਹੂਰੀ ਅਧਿਕਾਰਾਂ ਦੇ ਹੱਕ ਵਿੱਚ ਕਨਵੈਨਸ਼ਨ ਕੀਤੀ ਗਈ। ਕਨਵੈਨਸ਼ਨ ਵਿੱਚ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਯੂਏਪੀਏ, ਅਫਸਪਾ, ਐੱਨਐਸਏ ਦੇ ਕਾਨੂੰਨਾਂ, ਮਜ਼ਦੂਰ ਵਿਰੋਧੀ ਕਿਰਤ ਕੋਡਾਂ ਸਮੇਤ ਤਿੰਨ ਫੌਜਦਾਰੀ ਕਾਨੂੰਨਾਂ ਅਤੇ ਐੱਨਆਈਏ ਦੇ ਨਾਜਾਇਜ਼ ਛਾਪਿਆਂ ਰਾਹੀਂ ਨਾਗਰਿਕਾਂ ਦੇ ਮਨੁੱਖੀ ਅਧਿਕਾਰਾਂ ਦੇ ਹੋ ਰਹੇ ਘਾਣ ਵਿਰੁੱਧ ਰੋਸ ਪ੍ਰਦਰਸ਼ਨ ਅਤੇ ਮਾਰਚ ਕੀਤਾ ਗਿਆ।
ਇਸ ਮੌਕੇ ਬੁਲਾਰਿਆਂ ਜਮਹੂਰੀ ਚਿੰਤਕ ਡਾ. ਪਰਮਿੰਦਰ, ਰਤਨ ਸਿੰਘ ਰੰਧਾਵਾ, ਕਸ਼ਮੀਰ ਸਿੰਘ ਧੰਗਈ, ਯਸ਼ਪਾਲ ਝਬਾਲ,ਸੁਮੀਤ ਅੰਮ੍ਰਿਤਸਰ, ਲਖਬੀਰ ਨਿਜ਼ਾਮਪੁਰਾ, ਡਾ. ਪਰਮਿੰਦਰ ਪੰਡੋਰੀ, ਜਤਿੰਦਰ ਸਿੰਘ ਛੀਨਾ, ਅਮਰੀਕ ਸਿੰਘ ਸੰਗਤਪੁਰਾ, ਰਵਿੰਦਰ ਲਲਕਾਰ, ਜਗਤਾਰ ਕਰਮਪੁਰਾ, ਗੁਰਬਚਨ ਸਿੰਘ, ਮੁਲਾਜ਼ਮ ਆਗੂ ਇੰਦਰਜੀਤ ਆਦਿ ਨੇ ਵੀ ਸੰਬੋਧਨ ਕੀਤਾ।