ਕਾਲਜ ਅਧਿਆਪਕਾਂ ਵੱਲੋਂ ਨਵੀਂ ਸਿੱਖਿਆ ਨੀਤੀ ਖ਼ਿਲਾਫ਼ ਪ੍ਰਦਰਸ਼ਨ
ਸੁਖਵਿੰਦਰ ਪਾਲ ਸੋਢੀ
ਚੰਡੀਗੜ੍ਹ, 3 ਜੂਨ
ਪੰਜਾਬ ਤੇ ਚੰਡੀਗੜ੍ਹ ਦੇ ਕਾਲਜ ਅਧਿਆਪਕਾਂ ਨੇ ਅੱਜ ਸਵੇਰੇ ਨਵੀਂ ਸਿੱਖਿਆ ਨੀਤੀ ਇਸ ਸਾਲ ਤੋਂ ਅਚਨਚੇਤ ਬਿਨਾਂ ਕਿਸੇ ਯੋਜਨਾ ਦੇ ਲਾਗੂ ਕਰਨ ਖ਼ਿਲਾਫ਼ ਪੰਜਾਬ ਯੂਨੀਵਰਸਿਟੀ ਦੇ ਪ੍ਰਬੰਧਕੀ ਬਲਾਕ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਇਸ ਸਬੰਧੀ ਸੈਨੇਟ ਦੀ ਮੀਟਿੰਗ ਤੋਂ ਪਹਿਲਾਂ ਸੈਨੇਟਰਾਂ ਨੂੰ ਮੰਗ ਪੱਤਰ ਸੌਂਪਿਆ। ਅਧਿਆਪਕਾਂ ਦੇ ਸੰਘਰਸ਼ ਤੋਂ ਬਾਅਦ ਹੀ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੇ ਨਵੀਂ ਸਿੱਖਿਆ ਨੀਤੀ ਨੂੰ ਇਸ ਸਾਲ ਦੀ ਥਾਂ ਅਗਲੇ ਸੈਸ਼ਨ ਤੋਂ ਲਾਗੂ ਕਰਨ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਪ੍ਰਦਰਸ਼ਨ ਕਰਦਿਆਂ ਕਾਲਜਾਂ ਦੇ ਅਧਿਆਪਕਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਨਵੀਂ ਸਿੱਖਿਆ ਨੀਤੀ ਉੱਚ ਸਿੱਖਿਆ ਪ੍ਰਣਾਲੀ ਵਿੱਚ ਭਾਰੀ ਤਬਦੀਲੀਆਂ ਲਿਆਵੇਗੀ। ਇਸ ਤੋਂ ਇਲਾਵਾ ਅਧਿਆਪਕਾਂ ਨੇ ਵਿਗਿਆਨ ਦੇ ਵਿਸ਼ਿਆਂ ਅਤੇ ਭਾਸ਼ਾਵਾਂ ਦੇ ਕੰਮ ਦੇ ਬੋਝ ਨੂੰ ਘਟਾਉਣ, ਹੁਨਰ ਵਧਾਉਣ ਵਾਲੇ ਕੋਰਸਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੀ ਮੰਗ ਕੀਤੀ। ਪ੍ਰਧਾਨ ਡਾ. ਸੁਰਜੀਤ ਸਿੰਘ ਨੇ ਕਿਹਾ ਕਿ ਕਾਲਜ ਇੰਨੇ ਘੱਟ ਸਮੇਂ ਵਿੱਚ ਇਨ੍ਹਾਂ ਤਬਦੀਲੀਆਂ ਲਈ ਤਿਆਰ ਨਹੀਂ ਹਨ ਕਿਉਂਕਿ ਨਵੀਂ ਸਿੱਖਿਆ ਨੀਤੀ ਲਈ ਕਾਲਜਾਂ ਦੇ ਬੁਨਿਆਦੀ ਢਾਂਚੇ ਦੇ ਨਾਲ-ਨਾਲ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਬਦਲਾਅ ਆਉਣਗੇ। ਇਸ ਲਈ ਨਵੀਂ ਸਿੱਖਿਆ ਨੀਤੀ ਨੂੰ ਹਾਲ ਦੀ ਘੜੀ ਮੁਲਤਵੀ ਕਰਨ ਦੀ ਲੋੜ ਹੈ। ਸਕੱਤਰ ਡਾ. ਨਵਨੀਤ ਕੇ ਪਰੂਥੀ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ ਦੇ ਸ਼ੰਕਿਆਂ ਨੂੰ ਦੂਰ ਕਰਨ ਲਈ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸਮਾਂ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਬਾਅਦ ਚੰਡੀਗੜ੍ਹ ਦੇ ਕਾਲਜਾਂ ਦੇ ਅਧਿਆਪਕਾਂ ਨੇ ਖੁਸ਼ੀ ਜਤਾਈ ਕਿ ਅਧਿਆਪਕਾਂ ਦੇ ਸੰਘਰਸ਼ ਤੋਂ ਬਾਅਦ ਇਸ ਸਿੱਖਿਆ ਨੀਤੀ ਨੂੰ ਅਗਲੇ ਸਾਲ ਤੋਂ ਲਾਗੂ ਕੀਤਾ ਜਾਵੇਗਾ।