ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਜਤਿੰਦਰ ਬੈਂਸ
ਗੁਰਦਾਸਪੁਰ, 3 ਸਤੰਬਰ
ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਗੁਰਦਾਸਪੁਰ ਇਕਾਈ ਵੱਲੋਂ ਅੱਜ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਸਰਕਾਰ ਮਜ਼ਦੂਰਾਂ ਨਾਲ ਕੀਤੇ ਵਾਅਦਿਆਂ ਤੋਂ ਮੁੱਕਰ ਗਈ ਹੈ। ਯੂਨੀਅਨ ਨੇ 18 ਸਤੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਰੋਸ ਧਰਨਾ ਲਾਉਣ ਦਾ ਐਲਾਨ ਵੀ ਕੀਤਾ ਹੈ।
ਆਗੂਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਚੋਣਾਂ ਵੇਲੇ ਗਰੀਬਾਂ ਦੇ ਘਰ ਘਰ ਰਾਸ਼ਨ ਪੁੱਜਦਾ ਕਰਨ ਦਾ ਵਾਅਦਾ ਕੀਤਾ ਸੀ। ਦੂਜੇ ਪਾਸੇ ਸਰਕਾਰ ਹੁਣ ਰਾਸ਼ਨ ਡਿੱਪੂਆਂ ’ਤੇ ਮਿਲਦੀ ਕਣਕ ਵੀ ਬੰਦ ਕਰਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀ ਵਾਅਦਾਖਿਲਾਫੀ ਵਿਰੁੱਧ ਅਤੇ ਮਜ਼ਦੂਰ ਮੰਗਾਂ ਦੀ ਪ੍ਰਾਪਤੀ ਲਈ ‘ਡਿਪਟੀ ਕਮਿਸ਼ਨਰ ਦਫ਼ਤਰ ਗੁਰਦਾਸਪੁਰ ਪਹੁੰਚੋ’ ਦੀ ਤਿਆਰੀ ਮੁਹਿਮ ਤਹਿਤ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਯੂਨੀਅਨ ਦੇ ਜ਼ਿਲ੍ਹਾ ਜਥੇਬੰਦਕ ਆਗੂ ਰਸ਼ਪਾਲ ਸਿੰਘ, ਹਰਜਿੰਦਰ ਕੌਰ ਅਤੇ ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਦੇ ਸੂਬਾ ਸਕੱਤਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ 18 ਸਤੰਬਰ ਨੂੰ ਡੀਸੀ ਦਫਤਰ ਗੁਰਦਾਸਪੁਰ ਵਿੱਚ ਲਗਾਏ ਜਾ ਰਹੇ ਧਰਨੇ ਦੀ ਤਿਆਰੀ ਤਹਿਤ ਅੱਜ ਪਿੰਡ ਵਿੱਚ ਮੀਟਿੰਗ ਕੀਤੀ ਗਈ। ਇਸਨ ਮਗਰੋਂ ਘਰ-ਘਰ ਜਾ ਕੇ ਫੰਡ ਵੀ ਇਕੱਤਰ ਕਰਨ ਸਬੰਧੀ ਵੀ ਵਿਚਾਰ-ਚਰਚਾ ਕੀਤੀ ਗਈ।
ਆਗੂਆਂ ਕਿਹਾ ਕਿ ਇਸ ਫੈਸਲੇ ਖ਼ਿਲਾਫ਼ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਜ਼ਦੂਰ ਮੰਗਾਂ ਦੀ ਪ੍ਰਾਪਤੀ ਲਈ 18 ਸਤੰਬਰ ਨੂੰ ਸ਼ਹਿਰ ਵਿੱਚ ਰੋਸ ਮਾਰਚ ਕਰਨ ਉਪਰੰਤ ਡੀ.ਸੀ ਦਫਤਰ ਮੂਹਰੇ ਧਰਨਾ ਲਗਾਇਆ ਜਾਵੇਗਾ।