ਬੇਰੁਜ਼ਗਾਰੀ ਦਾ ਮਸਲਾ ਹੱਲ ਨਾ ਕਰਨ ’ਤੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਪੱਤਰ ਪ੍ਰੇਰਕ/ ਖੇਤਰੀ ਪ੍ਰਤੀਨਿਧ
ਪਟਿਆਲਾ, 1 ਜਨਵਰੀ
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੇਰੁਜ਼ਗਾਰਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਨਿਊ ਪਟਿਆਲਾ ਵੈਲਫੇਅਰ ਕਲੱਬ ਵੱਲੋਂ ਪ੍ਰਧਾਨ ਅਰਵਿੰਦਰ ਕੁਮਾਰ ਕਾਕਾ ਦੀ ਅਗਵਾਈ ਹੇਠ ਅੱਜ ਇੱਥੇ ਨਵੇਂ ਸਾਲ ਦੇ ਪਹਿਲੇ ਹੀ ਦਿਨ ‘ਆਪ’ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾ ਕਿਹਾ ਕਿ ਬਦਲਾਅ ਦੇ ਨਾਂ ’ਤੇ ਸੂਬੇ ਦੀ ਸਰਕਾਰ ਤਾਂ ਬਦਲ ਗਈ ਪਰ ਬੇਰੁਜ਼ਗਾਰਾਂ ਦੇ ਦਿਨ ਨਹੀਂ ਬਦਲੇ। ਅਨੇਕਾਂ ਸਰਕਾਰੀ ਵਿਭਾਗਾਂ ਵਿੱਚ ਅਨੇਕਾਂ ਪੋਸਟਾਂ ਖਾਲੀ ਹੋਣ ਦੇ ਬਾਵਜੂਦ ਬੇਰੁਜ਼ਗਾਰਾਂ ਨੂੰ ਨੌਕਰੀਆਂ ਨਹੀਂ ਦਿੱਤੀਆਂ ਜਾ ਰਹੀਆਂ ਜਿਸ ਕਾਰਨ ਵੱਡੀਆਂ ਡਿਗਰੀਆਂ ਵਾਲ਼ੇ ਨੌਜਵਾਨ ਵੀ ਸੜਕਾਂ ’ਤੇ ਧਰਨੇ ਮੁਜ਼ਾਹਰੇ ਕਰਨ ਲਈ ਮਜਬੂਰ ਹਨ। ਉਨ੍ਹਾਂ ਮੰਗ ਕੀਤੀ ਕਿ ਜਿੰਨਾ ਚਿਰ ਨੌਕਰੀਆਂ ਤੇ ਰੁਜ਼ਗਾਰ ਦਾ ਪ੍ਰਬੰਧ ਨਹੀਂ ਹੋ ਜਾਂਦਾ, ਓਨਾ ਚਿਰ ਹਰੇਕ ਬੇਰੁਜ਼ਗਾਰ ਨੂੰ ਪੰਜ ਹਜਾਰ ਰੁਪਏ ਮਹੀਨਾ ਬੇਰੁਜ਼ਗਾਰੀ ਭੱਤਾ ਦਿੱਤਾ ਜਾਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਬਣੀ ਨੂੰ 22 ਮਹੀਨੇ ਬੀਤਣ ਮਗਰੋਂ ਵੀ ਬੇਰੁਜ਼ਗਾਰੀ ਦੀ ਸਮੱਸਿਆ ਪਹਿਲਾਂ ਵਾਂਗ ਹੀ ਬਰਕਰਾਰ ਹੈ ਪਰ ਲੋਕ ਸਭਾ ਚੋਣਾਂ ਦੌਰਾਨ ਸਰਕਾਰ ਨੂੰ ਇਸ ਦਾ ਖਮਿਆਜ਼ਾ ਅਵੱਸ਼ ਭੁਗਤਣਾ ਪਵੇਗਾ।
ਪ੍ਰਧਾਨ ਅਰਵਿੰਦਰ ਕਾਕਾ ਨੇ ਹੋਰ ਕਿਹਾ ਕਿ ਮੁਫ਼ਤ ਦੀਆਂ ਚੀਜ਼ਾਂ ਨੌਜਵਾਨਾਂ ਦੇ ਭਵਿੱਖ ਨੂੰ ਨਹੀਂ ਸੰਵਾਰ ਸਕਦੀਆਂ। ਉਨ੍ਹਾਂ ਦਾ ਕਹਿਣਾ ਸੀ ਕਿ ਪਿਛਲੀਆਂ ਸਰਕਾਰਾਂ ਵਾਂਗ ਇਸ ਸਰਕਾਰ ਵੱਲੋਂ ਬੇਰੁਜ਼ਗਾਰੀ ਦੇ ਖਾਤਮੇ ਲਈ ਕੋਈ ਵੱਡਾ ਐਕਸ਼ਨ ਨਹੀਂ ਲਿਆ ਗਿਆ। ਸਿਰਫ ਬਿਆਨਬਾਜ਼ੀ ਕਰਕੇ ਹੀ ਲੋਕਾਂ ਦਾ ਧਿਆਨ ਭਟਕਾਇਆ ਜਾ ਰਿਹਾ ਹੈ। ਇਸ ਮੌਕੇ ਸੰਜੇ ਕੁਮਾਰ, ਪਰਮਜੀਤ ਸਿੰਘ, ਵਿਜੇ ਕੁਮਾਰ, ਅਵਤਾਰ ਸਿੰਘ, ਕਰਮ ਸਿੰਘ, ਬਲਜਿੰਦਰ ਸਿੰਘ, ਰਾਜਪਤ, ਸੁਖਦੇਵ ਸਿੰਘ, ਪ੍ਰੇਮ ਜੋਸ਼ੀ, ਰਜਿੰਦਰ ਕੁਮਾਰ, ਸਤਪਾਲ ਸਿੰਘ, ਸਰਵਨ ਕੁਮਾਰ, ਕ੍ਰਿਸ਼ਨ ਕੁਮਾਰ, ਸੰਤ ਸਿੰਘ, ਹੈਪੀ ਰਾਣਾ, ਜਗਤਾਰ ਸਿੰਘ ਤੇ ਗਿਆਨ ਚੰਦ ਆਦਿ ਹਾਜ਼ਰ ਸਨ।