ਕੇਜਰੀਵਾਲ ਦੀ ਰਿਹਾਈ ਲਈ ‘ਇੰਡੀਆ’ ਗੱਠਜੋੜ ਵੱਲੋਂ ਜੰਤਰ-ਮੰਤਰ ’ਤੇ ਪ੍ਰਦਰਸ਼ਨ
ਨਵੀਂ ਦਿੱਲੀ, 30 ਜੁਲਾਈ
‘ਇੰਡੀਆ’ ਗੱਠਜੋੜ ਦੇ ਆਗੂਆਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਵਿਗੜ ਰਹੀ ਸਿਹਤ ਦੇ ਮੱਦੇਨਜ਼ਰ ਉਨ੍ਹਾਂ ਦੀ ਰਿਹਾਈ ਦੀ ਮੰਗ ਕਰਦਿਆਂ ਅੱਜ ਇੱਥੇ ਜੰਤਰ-ਮੰਤਰ ’ਤੇ ਰੋਸ ਪ੍ਰਦਰਸ਼ਨ ਕੀਤਾ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਵਿਰੋਧੀ ਧਿਰ ਦੀ ਆਵਾਜ਼ ‘ਦਬਾਉਣ’ ਦਾ ਦੋਸ਼ ਲਾਇਆ। ਉਨ੍ਹਾਂ ਇੱਥੇ ਪੁਰਾਣੇ ਰਾਜਿੰਦਰ ਨਗਰ ਦੇ ਬੇਸਮੈਂਟ ਵਿੱਚ ਪਾਣੀ ਭਰਨ ਕਾਰਨ ਸਿਵਲ ਸਰਵਿਸਿਜ਼ ਦੀ ਤਿਆਰੀ ਕਰ ਰਹੇ ਤਿੰਨ ਵਿਦਿਆਰਥੀਆਂ ਦੀਆਂ ਹੋਈ ਮੌਤ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।
ਪ੍ਰਦਰਸ਼ਨ ਦੌਰਾਨ ‘ਭਾਰਤ ਮਾਤਾ ਕੀ ਜੈ’ ਅਤੇ ‘ਤਾਨਾਸ਼ਾਹੀ ਮੁਰਦਾਬਾਦ’ ਦੇ ਨਾਅਰੇ ਲਾਏ ਗਏ। ਇਸ ਮੌਕੇ ਸੰਬੋਧਨ ਕਰਦਿਆਂ ਸੀਪੀਆਈਐੱਮਐੱਲ (ਲਿਬਰੇਸ਼ਨ) ਦੇ ਆਗੂ ਦੀਪਾਂਕਰ ਭੱਟਾਚਾਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਤਿੰਨ ਸੀਨੀਅਰ ਆਗੂ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਸਾਜ਼ਿਸ਼ ਤਹਿਤ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਕਿਹਾ ਕਿ ਲੋਕ ਹਰਿਆਣਾ, ਮਹਾਰਾਸ਼ਟਰ ਅਤੇ ਝਾਰਖੰਡ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਮੂੰਹ-ਤੋੜ ਜਵਾਬ ਦੇਣਗ। ‘ਆਪ’ ਆਗੂ ਗੋਪਾਲ ਰਾਏ ਨੇ ਕਿਹਾ ਕਿ ਹਿਰਾਸਤ ਮਗਰੋਂ ਕੇਜਰੀਵਾਲ ਦੀ ਸੂਗਰ ਦਾ ਪੱਧਰ ਕਈ ਵਾਰ ਘਟ ਗਿਆ ਹੈ। ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਸੰਸਦ ਮੈਂਬਰ ਸੰਜੈ ਸਿੰਘ, ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ, ਐੱਨਸੀਪੀ (ਐਸਪੀ) ਮੁਖੀ ਸ਼ਰਦ ਪਵਾਰ ਅਤੇ ਲੋਕ ਸਭਾ ਵਿੱਚ ਕਾਂਗਰਸ ਦੇ ਉਪ ਨੇਤਾ ਗੌਰਵ ਗੋਗੋਈ ਵੀ ਮੌਜੂਦ ਸਨ। -ਪੀਟੀਆਈ