ਸੂਬਾਈ ਕਨਵੈਨਸ਼ਨ ਤੇ ਵਿਖਾਵਾ 21 ਨੂੰ
ਪੱਤਰ ਪ੍ਰੇਰਕ
ਜਲੰਧਰ, 16 ਜੁਲਾਈ
ਪੰਜਾਬ ਦੀਆਂ ਤਿੰਨ ਦਰਜਨ ਤੋਂ ਵੱਧ ਜਥੇਬੰਦੀਆਂ ਵੱਲੋਂ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿੱਚ 21 ਜੁਲਾਈ ਨੂੰ ਸੂਬਾਈ ਕਨਵੈਨਸ਼ਨ ਕੀਤੀ ਜਾ ਰਹੀ ਹੈ। ਇਸ ਦੀ ਸਫ਼ਲਤਾ ਲਈ ਅੱਜ ਤਰਕਸ਼ੀਲ ਸੁਸਾਇਟੀ ਦੇ ਸੁਰਜੀਤ ਟਿੱਬਾ, ਪ੍ਰਗਤੀਸ਼ੀਲ ਲੇਖਕ ਸੰਘ ਦੇ ਪ੍ਰੋ. ਸੁਰਜੀਤ ਜੱਜ ਅਤੇ ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ ਦੀ ਪ੍ਰਧਾਨਗੀ ’ਚ ਮੀਟਿੰਗ ਹੋਈ। ਜ਼ਿਲ੍ਹੇ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਦੇ ਪ੍ਰਤੀਨਿਧਾਂ ਦੀ ਮੀਟਿੰਗ ’ਚ ਵਿਚਾਰਾਂ ਕਰ ਕੇ ਤਿਆਰੀ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ। ਮੀਟਿੰਗ ’ਚ ਜਮਹੂਰੀ ਅਧਿਕਾਰ ਸਭਾ, ਤਰਕਸ਼ੀਲ ਸੋਸਾਇਟੀ, ਦੇਸ਼ ਭਗਤ ਯਾਦਗਾਰ ਕਮੇਟੀ, ਪੰਜਾਬ ਲੋਕ ਸਭਿਆਚਾਰਕ ਮੰਚ, ਪ੍ਰਗਤੀਸ਼ੀਲ ਲੇਖਕ ਸੰਘ, ਪੀਪਲਜ਼ ਵਾਇਸ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਟੈਕਨੀਕਲ ਸਰਵਿਸਜ਼ ਯੂਨੀਅਨ, ਸਾਹਿਤ ਸਭਾ ਫੁਲਕਾਰੀ, ਮਾਨਵਵਾਦੀ ਰਚਨਾ ਮੰਚ, ਪੇਂਡੂ ਮਜ਼ਦੂਰ ਯੂਨੀਅਨ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਡਾ. ਅੰਬੇਡਕਰ ਭਵਨ ਆਦਿ ਜੱਥੇਬੰਦੀਆਂ ਤੋਂ ਬੂਟਾ ਸਿੰਘ ਮਹਿਮੂਦਪੁਰ, ਡਾ. ਸੈਲੇਸ਼, ਸੁਰਿੰਦਰ ਕੁਮਾਰੀ ਕੋਛੜ ਨੇ ਵਿਚਾਰ-ਚਰਚਾ ’ਚ ਅਹਿਮ ਨੁਕਤੇ ਰੱਖੇ। ਬੁਲਾਰਿਆਂ ਕਿਹਾ ਕਿ ਤਿੰਨ ਦਰਜਨ ਤੋਂ ਵੱਧ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ 21 ਜੁਲਾਈ ਨੂੰ ਜਲੰਧਰ ਵਿਖੇ ਸਾਂਝੀ ਕਨਵੈਨਸ਼ਨ ਅਤੇ ਮੁਜ਼ਾਹਰਾ ਕੀਤਾ ਜਾਵੇਗਾ ਜਿਸਦੀ ਕਾਮਯਾਬੀ ਲਈ ਵੱਧ ਤੋਂ ਵੱਧ ਲਾਮਬੰਦੀ ਕੀਤੀ ਜਾਵੇਗੀ।