ਸਫ਼ਾਈ ਕਾਮਿਆਂ ਵੱਲੋਂ ਨਗਰ ਕੌਂਸਲ ਦਫ਼ਤਰ ਅੱਗੇ ਮੁਜ਼ਾਹਰਾ
ਫਰਿੰਦਰਪਾਲ ਗੁਲਿਆਣੀ
ਨਰਾਇਣਗੜ੍ਹ, 23 ਨਵੰਬਰ
ਇੱਥੇ ਨਗਰ ਕੌਂਸਲ ਦੇ ਸਫ਼ਾਈ ਕਾਮਿਆਂ ਨੇ ਅੱਜ ਕੌਂਸਲ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਕੇ ਕੁੱਟਮਾਰ ਦਾ ਸ਼ਿਕਾਰ ਸਫ਼ਾਈ ਕਾਮੇ ਨੂੰ ਇਨਸਾਫ਼ ਦੇਣ ਦੀ ਮੰਗ ਕਰਦਿਆਂ ਉਸ ਦੀ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਮੰਗੀ। ਮਿਉਂਸਿਪਲ ਐਂਪਲਾਈਜ਼ ਯੂਨੀਅਨ ਦੇ ਪ੍ਰਧਾਨ ਸਾਗਰ ਅਤੇ ਸਕੱਤਰ ਧਰਮਵੀਰ ਨੇ ਦੱਸਿਆ ਕਿ ਪੀੜਤ ਸਫ਼ਾਈ ਕਰਮਚਾਰੀ ਸੁਧੀਰ ਨੂੰ ਇਨਸਾਫ਼ ਦਿਵਾਉਣ ਲਈ ਲਗਾਤਾਰ ਤਿੰਨ ਦਿਨਾਂ ਤੋਂ ਨਗਰ ਕੌਂਸਲ ਦਫ਼ਤਰ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ। ਨਗਰ ਕੌਂਸਲ ਨੇ ਇਸ ਸਬੰਧੀ ਕਾਰਵਾਈ ਕਰਨ ਲਈ ਪੁਲੀਸ ਪ੍ਰਸ਼ਾਸਨ ਨੂੰ ਪੱਤਰ ਵੀ ਲਿਖਿਆ ਹੈ। ਇਸ ਦੇ ਬਾਵਜੂਦ ਅੱਜ ਤੱਕ ਕੋਈ ਕਾਰਵਾਈ ਨਹੀਂ ਹੋਈ ਜਿਸ ਤੋਂ ਸਪੱਸ਼ਟ ਹੈ ਕਿ ਸਿਆਸੀ ਦਬਾਅ ਕਾਰਨ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਉਂਕਿ ਮੁਲਜ਼ਮ ਦਾ ਚਾਚਾ ਨਗਰ ਕੌਂਸਲ ਦੇ ਵਾਰਡ 3 ਤੋਂ ਕੌਂਸਲਰ ਹੈ। ਇਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਇਹ ਡਿਊਟੀ ਸਮੇਂ ਦੌਰਾਨ ਅਨੁਸੂਚਿਤ ਜਾਤੀ ਦੇ ਸਫਾਈ ਕਰਮਚਾਰੀ ਨਾਲ ਕੁੱਟਮਾਰ ਦਾ ਮਾਮਲਾ ਹੈ ਜੋ ਕਿ ਗੰਭੀਰ ਅਪਰਾਧ ਦੀ ਸ਼੍ਰੇਣੀ ਵਿੱਚ ਆਉਂਦਾ ਹੈ। ਇਸ ਲਈ ਕਸੂਰਵਾਰ ਵਿਅਕਤੀਆਂ ਖਿਲਾਫ ਤੁਰੰਤ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਮੁਲਾਜ਼ਮ ਸੜਕਾਂ ’ਤੇ ਆ ਕੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ। ਸਮਰਥਨ ਵਿੱਚ ਆਏ ਸੀਟੂ ਵੱਲੋਂ 26 ਨਵੰਬਰ ਨੂੰ ਐੱਸਡੀਐੱਮ ਨੂੰ ਮੰਗ ਪੱਤਰ ਵੀ ਸੌਂਪ ਕੇ ਇਨਸਾਫ਼ ਦੀ ਮੰਗ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਵਾਰਡ ਨੰਬਰ 3 ਵਿੱਚ ਸਫਾਈ ਕਰ ਰਹੇ ਮੁਲਾਜ਼ਮ ਨਾਲ ਵਾਰਡ ਦੇ ਹੀ ਇਕ ਵਿਅਕਤੀ ਨੇ ਕੁੱਟਮਾਰ ਕੀਤੀ ਤੇ ਸਫਾਈ ਕਰਮਚਾਰੀ ’ਤੇ ਹੀ ਗੰਭੀਰ ਦੋਸ਼ ਲਗਾ ਦਿੱਤੇ ਜਿਸ ਸਬੰਧ ਵਿੱਚ ਮੁਲਾਜ਼ਮਾਂ ਨੇ ਇਨਸਾਫ਼ ਲਈ ਸੰਘਰਸ਼ ਵਿੱਢਿਆ ਹੋਇਆ ਹੈ।