ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ ਖ਼ਿਲਾਫ਼ ਕਾਂਗਰਸ ਵੱਲੋਂ ਪ੍ਰਦਰਸ਼ਨ
ਹਤਿੰਦਰ ਮਹਿਤਾ
ਜਲੰਧਰ, 7 ਸਤੰਬਰ
ਸਾਬਕਾ ਵਿਧਾਇਕ ਰਜਿੰਦਰ ਬੇਰੀ ਦੀ ਅਗਵਾਈ ਹੇਠ ਸਥਾਨਕ ਕਾਂਗਰਸੀ ਆਗੂਆਂ ਨੇ ਅੱਜ ਸਵੇਰੇ ਸ਼ਹਿਰ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਰੋਸ ਪ੍ਰਦਰਸ਼ਨ ਕੀਤਾ। ਨਕੋਦਰ ਚੌਕ ਵਿੱਚ ਪ੍ਰਦਰਸ਼ਨਕਾਰੀਆਂ ਤੇ ਕਾਂਗਰਸੀ ਆਗੂਆਂ ਨੇ ਸਿਰਾਂ ’ਤੇ ਕਾਲੀਆਂ ਪੱਟੀਆਂ ਅਤੇ ਪੱਗਾਂ ਬੰਨ੍ਹ ਕੇ ‘ਆਪ’ ਖ਼ਿਲਾਫ਼ ਰੋਸ ਪ੍ਰਗਟਾਇਆ। ਧਰਨੇ ਦੌਰਾਨ ਸਥਾਨਕ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ’ਤੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਵੱਲ ਧਿਆਨ ਨਾ ਦੇਣ ਦੇ ਦੋਸ਼ ਲਾਉਂਦਿਆਂ ਤਿੱਖੇ ਹਮਲੇ ਕੀਤੇ।
ਕਾਂਗਰਸ ਦੇ ਸਾਬਕਾ ਕੌਂਸਲਰ ਸ਼ੈਰੀ ਚੱਢਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸੂਬੇ ਨੂੰ ਅਰਾਜਕਤਾ ਵਿੱਚ ਸੁੱਟ ਦਿੱਤਾ ਹੈ। ਜੁਰਮ ਦੀਆਂ ਦਰਾਂ ਵੱਧ ਰਹੀਆਂ ਹਨ। ਜਲੰਧਰ ਵਿੱਚ ਨਿੱਤ ਦਿਨ ਲੁੱਟ-ਖੋਹ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ ਅਤੇ ਸਰਕਾਰ ਰਾਹਤ ਦੇਣ ਦੀ ਬਜਾਏ ਆਮ ਲੋਕਾਂ ’ਤੇ ਬੋਝ ਪਾ ਰਹੀ ਹੈ। ਸਾਬਕਾ ਵਿਧਾਇਕ ਰਜਿੰਦਰ ਬੇਰੀ ਨੇ ਕਿਹਾ ਕਿ ਅਮਨ-ਕਾਨੂੰਨ ਦੀ ਮਾੜੀ ਸਥਿਤੀ ਨੂੰ ਲੈ ਕੇ ਲੋਕ ਸਰਕਾਰ ਤੋਂ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਕਿ ਸਮਾਜ ਦੇ ਹਰ ਵਰਗ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਰੌਲਾ ਪਾਇਆ ਜਾ ਰਿਹਾ ਹੈ ਪਰ ‘ਆਪ’ ਇਸ ਬਾਰੇ ਕੁਝ ਨਹੀਂ ਕਰ ਰਹੀ। ਉਨ੍ਹਾਂ ਕਿਹਾ, “ਕੋਈ ਵੀ ਹੁਣ ਪੰਜਾਬ ਵਿੱਚ ਨਹੀਂ ਰਹਿਣਾ ਚਾਹੁੰਦਾ, ਇਸ ਦਾ ਇੱਕੋ ਇੱਕ ਕਾਰਨ ਇਹ ਹੈ ਕਿ ਉਹ ਇੱਥੇ ਸੁਰੱਖਿਅਤ ਮਹਿਸੂਸ ਨਹੀਂ ਕਰਦੇ”। ਕਾਂਗਰਸੀ ਆਗੂਆਂ ਨੇ ਕਿਹਾ ਕਿ ਸਮੱਸਿਆਵਾਂ ਹੱਲ ਹੋਣ ਤੱਕ ਉਹ ਸੰਘਰਸ਼ ਜਾਰੀ ਰੱਖਣਗੇ।
ਤੇਲ ਦੀਆਂ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਵੀ ਸਰਕਾਰ ਨੂੰ ਘੇਰਿਆ
ਅਮਨ-ਕਾਨੂੰਨ ਦੀ ਸਥਿਤੀ ਦੇ ਨਾਲ ਕਾਂਗਰਸੀ ਆਗੂਆਂ ਨੇ ਤੇਲ ਦੀਆਂ ਕੀਮਤਾਂ ਵਿੱਚ ਹਾਲ ਹੀ ਵਿੱਚ ਹੋਏ ਵਾਧੇ ਨੂੰ ਲੈ ਕੇ ਵੀ ‘ਆਪ’ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸ਼ੁੱਕਰਵਾਰ ਨੂੰ ਵੀ ਇਸੇ ਤਰ੍ਹਾਂ ਦਾ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਮੰਗ ਪੱਤਰ ਸੌਂਪ ਕੇ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਸੀ। ਪੱਤਰ ਵਿੱਚ ਪੈਟਰੋਲ ’ਤੇ 61 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ’ਤੇ 92 ਪੈਸੇ ਪ੍ਰਤੀ ਲਿਟਰ ਵੈਟ ਵਧਾਉਣ ਦੇ ਸਰਕਾਰ ਦੇ ਫੈਸਲੇ ਨੂੰ ਉਜਾਗਰ ਕੀਤਾ ਗਿਆ ਹੈ।