ਡੀਟੀਐੈੱਫ ਵੱਲੋਂ ਸਿੱਖਿਆ ਭਵਨ ਦੇ ਬਾਹਰ ਮੁਜ਼ਾਹਰਾ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 29 ਨਵੰਬਰ
ਇਥੇ ਈਟੀਟੀ ਅਧਿਆਪਕਾਂ ਨੇ ਅੱਜ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਦੇ ਬੈਨਰ ਹੇਠ ਸਿੱਖਿਆ ਭਵਨ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਅਤੇ ਅਫ਼ਸਰਸ਼ਾਹੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਤਰੱਕੀ ਤੋਂ ਵਾਂਝੇ ਅਧਿਆਪਕਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਸਰਕਾਰੀ ਨੇਮਾਂ ਮੁਤਾਬਕ ਤਰੱਕੀ ਦੇਣ ਦੇ ਮਾਮਲੇ ਵਿੱਚ ਸਿੱਖਿਆ ਵਿਭਾਗ ਦੀ ਅਫ਼ਸਰਸ਼ਾਹੀ ਅੜਿੱਕਾ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਪਿੱਤਰੀ ਜ਼ਿਲ੍ਹਿਆਂ ਤੋਂ ਬਾਹਰ ਦੂਰ ਦੁਰਾਡੇ ਸਟੇਸ਼ਨ ਦਿੱਤੇ ਗਏ ਹਨ। ਇਸ ਧੱਕੇਸ਼ਾਹੀ ਖ਼ਿਲਾਫ਼ ਅਧਿਆਪਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਡੀਟੀਐੱਫ ਦੇ ਸੂਬਾ ਪ੍ਰਧਾਨ ਦਿੱਗਵਿਜੈ ਪਾਲ ਸ਼ਰਮਾ ਤੇ ਸਕੱਤਰ ਬਲਬੀਰ ਲੌਂਗੋਵਾਲ ਨੇ ਵਿਭਾਗ ਦੀਆਂ ਤਾਨਾਸ਼ਾਹ ਨੀਤੀਆਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਇਨਕਲਾਬੀ ਤਬਦੀਲੀ ਦੇ ਨਾਅਰੇ ਲਾਉਣ ਵਾਲੀ ‘ਆਪ’ ਸਰਕਾਰ ਦਾ ਦੋਗਲਾ ਚਿਹਰਾ ਲੋਕਾਂ ਸਾਹਮਣੇ ਨਸ਼ਰ ਹੋ ਚੁੱਕਾ ਹੈ। ਜਥੇਬੰਦੀ ਦੇ ਮੀਤ ਪ੍ਰਧਾਨ ਸੁਖਵਿੰਦਰ ਸੁੱਖੀ, ਪ੍ਰੈੱਸ ਸਕੱਤਰ ਲਖਵੀਰ ਸਿੰਘ ਹਰੀਕੇ ਅਤੇ ਵਿੱਤ ਸਕੱਤਰ ਜਸਵਿੰਦਰ ਗੋਨਿਆਣਾ ਨੇ ਤਰੱਕੀ ਨੀਤੀ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਮਾਸਟਰ ਕਾਡਰ ਤੋਂ ਲੈਕਚਰਾਰ ਦੀ ਤਰੱਕੀ ਦੇਣ ਸਮੇਂ ਅਧਿਆਪਕਾਂ ਨੂੰ ਪਹਿਲਾਂ ਸਕੂਲ ਆਫ਼ ਐਮੀਨੈਂਸ ਅਤੇ ਫਿਰ ਜ਼ਿਲ੍ਹਾ ਸਿੱਖਿਆ ਸੰਸਥਾਵਾਂ ਵਿੱਚ, ਇਸ ਤੋਂ ਬਾਅਦ ਵੱਧ ਗਿਣਤੀ ਵਿਦਿਆਰਥੀਆਂ ਵਾਲੇ ਸਕੂਲਾਂ ਵਿੱਚ ਸਟੇਸ਼ਨ ਲੈਣ ਲਈ ਮਜਬੂਰ ਕੀਤਾ ਗਿਆ। ਲੋੜਵੰਦ ਵਿਦਿਆਰਥੀਆਂ ਲਈ ਸਿੱਖਿਆ ਦੇ ਬੂਹੇ ਬੰਦ ਕਰਦਿਆਂ ਹਾਈ ਅਤੇ ਮਿਡਲ ਸਕੂਲਾਂ ਵਿੱਚ ਖਾਲੀ ਅਸਾਮੀਆਂ ਨੂੰ ਜਬਰੀ ਲੁਕਾ ਕੇ ਰੱਖਿਆ ਗਿਆ ਹੈ। ਉਨ੍ਹਾਂ ਗਲਤ ਢੰਗ ਨਾਲ ਕੀਤੀਆਂ ਤਰੱਕੀਆਂ ਨੂੰ ਰੱਦ ਕਰਨ ਤੇ ਖਾਲੀ ਸਟੇਸ਼ਨਾਂ ਦੀ ਸੂਚੀ ਜਾਰੀ ਕਰਨ ਸਣੇ ਅਧਿਆਪਕਾਂ ਨੂੰ ਸਟੇਸ਼ਨ ਚੋਣ ਦਾ ਹੱਕ ਦਿੱਤਾ ਜਾਵੇ।