ਬਿਜਲੀ ਕਾਮਿਆਂ ਵੱਲੋਂ ਮੰਤਰੀ ਖ਼ਿਲਾਫ਼ ਪ੍ਰਦਰਸ਼ਨ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 2 ਸਤੰਬਰ
ਜੁਆਇੰਟ ਫੋਰਮ ਅਤੇ ਏਕਤਾ ਮੰਚ ਨੇ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਭੱਜੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਖ਼ਿਲਾਫ਼ ਝੰਡਾ ਮਾਰਚ ਕਰ ਕੇ ਪੰਜਾਬ ਸਰਕਾਰ ਤੇ ਬਿਜਲੀ ਨਿਗਮ ਦੀ ਮੇਨੈਜਮੈਂਟ ਦਾ ਪਿੱਟ ਸਿਆਪਾ ਕੀਤਾ। ਜਥੇਬੰਦੀਆਂ ਦੇ ਸੂਬਾਈ ਆਗੂਆਂ ਰਘਵੀਰ ਸਿੰਘ ਰਾਮਗੜ੍ਹ, ਰਛਪਾਲ ਸਿੰਘ ਪਾਲੀ, ਪੀਐੱਸਈਬੀ ਐਂਪਲਾਈਜ਼ ਫੈਡਰੇਸ਼ਨ ਏਟਕ ਦੇ ਜ਼ੋਨ ਪ੍ਰਧਾਨ ਸਤੀਸ਼ ਕੁਮਾਰ ਤੇ ਟੀਐਸਯੂ ਦੇ ਧਰਮਿੰਦਰ, ਪੀਐੱਸਈਬੀ ਐਂਪਲਾਈਜ਼ ਫੈਡਰੇਸ਼ਨ ਏਟਕ ਦੇ ਡਿਵੀਜ਼ਨ ਪ੍ਰਧਾਨ ਗੁਰਪ੍ਰੀਤ ਸਿੰਘ ਮਹਿਦੂਦਾਂ ਤੇ ਟੀਐੱਸਯੂ ਦੇ ਡਿਵੀਜ਼ਨ ਪ੍ਰਧਾਨ ਗੌਰਵ ਕੁਮਾਰ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਬਿਜਲੀ ਕਾਮਿਆਂ ਨੇ ਅੰਮ੍ਰਿਤਸਰ ਪੁੱਜ ਕੇ ਬਿਜਲੀ ਮੰਤਰੀ ਖਿਲਾਫ਼ ਰੋਸ ਪ੍ਰਗਟ ਕੀਤਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਮੰਨੀਆਂ ਗਈਆਂ ਮੰਗਾਂ ਲਾਗੂ ਕਰਾਉਣ ਲਈ ਦਬਾਅ ਪਾਉਣ ਵਾਸਤੇ ਵਰਕ ਟੂ ਰੂਲ ਨੂੰ ਜਿੱਥੇ ਹੋਰ ਸਖ਼ਤ ਕੀਤਾ ਹੈ ਉੱਥੇ ਹੀ ਜੇਈਜ਼ ਵੱਲੋਂ ਚੱਲ ਰਹੇ ਸੰਘਰਸ਼ ਨੂੰ ਦਿੱਤੇ ਸਮਰਥਨ ਨੇ ਇਸ ਨੂੰ ਹੋਰ ਮਜ਼ਬੂਤ ਕੀਤਾ ਹੈ। ਮੁਲਾਜ਼ਮਾਂ ਵੱਲੋਂ 10, 11 ਅਤੇ 12 ਸਤੰਬਰ ਦੀ ਸਮੂਹਿਕ ਛੁੱਟੀ ਲੈ ਕੇ ਸਰਕਾਰ ਖ਼ਿਲਾਫ਼ ਰੋਸ ਜ਼ਾਹਰ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਚੱਲ ਰਹੇ ਸੰਘਰਸ਼ ਕਾਰਨ ਲੋਕਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਲਈ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਜ਼ਿੰਮੇਵਾਰ ਹੈ ਅਤੇ ਲੋਕਾਂ ਨੂੰ ਨਿਰਵਿਘਨ ਬਿਜਲੀ ਦੇਣ ਲਈ ਉਨ੍ਹਾਂ ਨੂੰ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰ ਦੇਣਾ ਚਾਹੀਦਾ ਹੈ।
ਇਸ ਮੌਕੇ ਸੋਬਨ ਸਿੰਘ, ਕੇਵਲ ਸਿੰਘ ਬਨਵੈਤ, ਸੁਰਜੀਤ ਸਿੰਘ, ਦੀਪਕ ਕੁਮਾਰ, ਸਰਤਾਜ ਸਿੰਘ, ਜੇਈ ਸੁਰਿੰਦਰ ਤੇ ਪਰਦੀਪ ਸਿੰਘ, ਧਰਮਪਾਲ, ਗੱਬਰ ਸਿੰਘ, ਹਿਰਦੇ ਰਾਮ, ਮੁਨੀਸ਼, ਸੁਖਦੇਵ ਸਿੰਘ, ਪ੍ਰਕਾਸ਼, ਬਹਾਦਰ ਸਿੰਘ, ਕਮਲਦੀਪ ਰਣੀਆ, ਭੂਸ਼ਣ, ਵਿਕਰਮ, ਹਰਪ੍ਰੀਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਹੋਰ ਮੁਲਾਜ਼ਮ ਹਾਜ਼ਰ ਸਨ।