ਕਿਸਾਨਾਂ ਵੱਲੋਂ ਡੀਸੀ ਦਫ਼ਤਰਾਂ ਅੱਗੇ ਪ੍ਰਦਰਸ਼ਨ
ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 20 ਨਵੰਬਰ
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 7 ਅਹਿਮ ਮੰਗਾਂ ਸਬੰਧੀ ਅੱਜ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਬਾਹਰ ਵੱਡੀ ਗਿਣਤੀ ਵਿੱਚ ਕਿਸਾਨਾਂ-ਮਜ਼ਦੂਰਾਂ ਅਤੇ ਔਰਤਾਂ ਨੇ ਇਕੱਠ ਕਰ ਕੇ ਰੋਸ ਪ੍ਰਦਰਸ਼ਨ ਕੀਤੇ। ਇਹ ਪ੍ਰਦਰਸ਼ਨ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਿਕ) ਅਤੇ ਉੱਤਰੀ ਭਾਰਤ ਦੀਆਂ 18 ਜਥੇਬੰਦੀਆਂ ਵੱਲੋਂ ਦਿੱਤੇ ਗਏ ਸੱਦੇ ਤਹਿਤ ਕੀਤੇ ਗਏ।
ਇਸ ਮੌਕੇ ਕਿਸਾਨ ਜਥੇਬੰਦੀ ਦੇ ਆਗੂ ਸਰਵਣ ਸਿੰਘ ਪੰਧੇਰ, ਗੁਰਬਚਨ ਸਿੰਘ ਚੱਬਾ, ਜਰਮਨਜੀਤ ਸਿੰਘ ਬੰਡਾਲਾ ਤੇ ਹੋਰਨਾਂ ਨੇ ਸੰਬੋਧਨ ਕਰਦੇ ਕਿਹਾ ਕਿ ਸਰਕਾਰ ਕਿਸਾਨ ਨੂੰ ਬੇਲੋੜਾ ਬਦਨਾਮ ਕਰਨ ਦੀ ਬਜਾਇ ਸਮੱਸਿਆ ਵਾਂ ਦਾ ਠੋਸ ਹੱਲ ਕਰੇ, ਪਰਾਲੀ ਸਾੜਨ ਦੇ ਪਾਏ ਗਏ ਜੁਰਮਾਨੇ, ਪਰਚੇ ਤੇ ਰੈਡ ਐਂਟਰੀਆਂ ਰੱਦ ਕੀਤੀਆਂ ਜਾਣ, ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਪਾਸਪੋਰਟ ਅਤੇ ਹਥਿਆਰਾਂ ਦੇ ਲਾਇਸੈਂਸ ਤੇ ਹੋਰ ਸਰਕਾਰੀ ਸੁਵਿਧਾਵਾਂ ਰੱਦ ਕਰਨ ਜਿਹੇ ਫੁਰਮਾਨ ਵਾਪਸ ਲਏ ਜਾਣ।
ਬੀਕੇਯੂ ਸਿਰਸਾ ਦੇ ਜ਼ਿਲ੍ਹਾ ਪ੍ਰਧਾਨ ਨਸੀਬ ਸਿੰਘ ਸਾਂਗਣਾ ਨੇ ਕਿਹਾ ਕਿ ਭਾਰਤ ਮਾਲਾ ਪ੍ਰਾਜੈਕਟ ਲਈ ਜ਼ਮੀਨਾਂ ਐਕੁਆਇਰ ਕਰਨੀਆਂ ਬੰਦ ਕੀਤੀਆਂ ਜਾਣ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ, ਗੁਰਲਾਲ ਸਿੰਘ ਮਾਨ, ਕੰਧਾਰ ਸਿੰਘ ਭੋਏਵਾਲ ਸਣੇ ਹੋਰ ਹਾਜ਼ਰ ਸਨ।
ਹੁਸ਼ਿਆਰਪੁਰ (ਹਰਪ੍ਰੀਤ ਕੌਰ): ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਡੀਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਧਰਨੇ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਅਤੇ ਸਕੱਤਰ ਕੁਲਦੀਪ ਸਿੰਘ ਬੇਗੋਵਾਲ ਨੇ ਕੀਤੀ। ਇਸ ਮੌਕੇ ਕਿਸਾਨਾਂ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਜਥੇਬੰਦੀ ਦੀ ਸੂਬਾ ਕੋਰ ਕਮੇਟੀ ਦੇ ਮੈਂਬਰ ਸਵਿੰਦਰ ਸਿੰਘ ਚੁਤਾਲਾ ਅਤੇ ਦਵਿੰਦਰ ਸਿੰਘ ਕਾਹਲੋਂ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਦੇ ਨਾਂਅ ’ਤੇ ਜ਼ਲੀਲ ਕਰ ਰਹੀਆਂ ਹਨ। ਕਿਸਾਨਾਂ ਖਿਲਾਫ਼ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ ਤੇ ਜਮ੍ਹਾਂਬੰਦੀਆਂ ਵਿੱਚ ``ਲਾਲ ਐਂਟਰੀਆਂ ਪਾਈਆਂ ਜਾ ਰਹੀਆਂ ਹਨ ਜੋ ਕਿਸਾਨਾਂ ਨਾਲ ਸਰਾਸਰ ਧੱਕਾ ਹੈ।
ਧਰਨੇ ਵਿਚ ਹੋਰਨਾਂ ਤੋਂ ਇਲਾਵਾ ਜਸਦੀਪ ਸਿੰਘ ਜੱਸੀ, ਜਸਬੀਰ ਸਿੰਘ, ਕੁਲਵਿੰਦਰ ਸਿੰਘ, ਸਤਨਾਮ ਸਿੰਘ ਔਲਖ, ਬਲਵੰਤ ਸਿੰਘ, ਕਮਲਜੀਤ ਕੌਰ, ਬਲਜਿੰਦਰ ਕੌਰ, ਰਣਜੀਤ ਕੌਰ, ਮਨਦੀਪ ਕੌਰ, ਨਿਰਮਲ ਸਿੰਘ, ਹਰਬੰਸ ਸਿੰਘ, ਸਰਵਣ ਟਾਹਲੀ, ਗੋਬਿੰਦ ਸਿੰਘ, ਗੁਰਦੇਵ ਸਿੰਘ, ਅਜੀਤ ਸਿੰਘ, ਸੰਤੋਸ਼ ਕੁਮਾਰੀ, ਜਰਨੈਲ ਸਿੰਘ ਆਦਿ ਸ਼ਾਮਿਲ ਸਨ।
ਗੁਰਦਾਸਪੁਰ (ਜਤਿੰਦਰ ਬੈਂਸ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਇਲਾਕੇ ਦੇ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ।
ਆਗੂਆਂ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਫੌਜੀ, ਪ੍ਰੈੱਸ ਸਕੱਤਰ ਸੁਖਦੇਵ ਸਿੰਘ ਅੱਲੜਪਿੰਡੀ ਨੇ ਕਿਹਾ ਕਿ ਸਰਕਾਰ ਗ਼ੈਰਕਾਨੂੰਨੀ ਹੁਕਮ ਲਾਗੂ ਕਰ ਕੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਰਾਲੀ ਸਬੰਧੀ ਮੁਸ਼ਕਿਲਾਂ ਦਾ ਪੱਕਾ ਹੱਲ ਕੱਢੇ ਤੇ ਕਿਸਾਨਾਂ ਖਿਲਾਫ਼ ਕੇਸ ਦਰਜ ਕਰਨ ਦੇ ਹੁਕਮ ਵਾਪਸ ਲਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਿੱਜੀਕਰਨ ਨੂੰ ਉਤਸ਼ਾਹਿਤ ਕਰਨ ਤਹਿਤ ਪ੍ਰੀਪੇਡ ਮੀਟਰ ਲਗਾਏ ਜਾ ਰਹੇ ਹਨ ਤੇ ਕਿਸਾਨਾਂ ਦੀਆਂ ਜ਼ਮੀਨਾਂ ਜਬਰੀ ਐਕੁਆਇਰ ਕੀਤੀਆ ਜਾ ਰਹੀਆਂ ਹਨ। ਧਰਨਾਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਕੇ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ।
ਇਸ ਮੌਕੇ ਸੁਖਵਿੰਦਰ ਸਿੰਘ ਅੱਲੜਪਿੰਡੀ, ਅਨੂਪ ਸਿੰਘ ਸੁਲਤਾਨੀ, ਗੁਰਮੁੱਖ ਸਿੰਘ ਬੱਲੜਵਾਲ, ਡਾ. ਦਲਜੀਤ ਸਿੰਘ, ਨਿਸ਼ਾਨ ਸਿੰਘ, ਹਰਚਰਨ ਸਿੰਘ, ਜਤਿੰਦਰ ਸਿੰਘ ਵਰਿਆਂ, ਗੁਰਪ੍ਰੀਤ ਸਿੰਘ ਆਦਿ ਨੇ ਸੰਬੋਧਨ ਕੀਤਾ।
ਤਰਨ ਤਾਰਨ (ਪੱਤਰ ਪ੍ਰੇਰਕ): ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਿਸਾਨਾਂ ਦੀਆਂ ਮੰਗਾਂ ਸਬੰਧੀ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਧਰਨਾ ਦਿੱਤਾ ਗਿਆ ਅਤੇ ਮੰਗਾਂ ਦਾ ਯਾਦ ਪੱਤਰ ਡਿਪਟੀ ਕਮਿਸ਼ਨਰ ਦੇ ਦਫ਼ਤਰ ਸੌਂਪਿਆ ਗਿਆ| ਧਰਨੇ ਵਿੱਚ ਕਿਸਾਨ ਔਰਤਾਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ| ਕਮੇਟੀ ਦੇ ਸੂਬਾ ਆਗੂ ਸਤਨਾਮ ਸਿੰਘ ਪੰਨੂ, ਹਰਪ੍ਰੀਤ ਸਿੰਘ ਸਿੱਧਵਾਂ ਅਤੇ ਰਘਬੀਰ ਸਿੰਘ ਭੰਗਾਲਾਂ ਦੀ ਅਗਵਾਈ ਹੇਠ ਦਿੱਤੇ ਧਰਨੇ ਵਿੱਚ ਕਿਸਾਨਾਂ ਦੀਆਂ ਭਖਦੀਆਂ ਮੰਗਾਂ ’ਤੇ ਚਰਚਾ ਹੋਈ। ਸ੍ਰੀ ਪੰਨੂ ਨੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰ ਕੇ ਜੁਰਮਾਨੇ ਪਾਉਣੇ, ਮਾਲ ਵਿਭਾਗ ਦੇ ਰਿਕਾਰਡ ਵਿੱਚ ਰੈੱਡ ਐਂਟਰੀਆਂ ਸਣੇ ਹੋਰ ਕਾਰਵਾਈਆਂ ਤੋਂ ਇਲਾਵਾ ਪ੍ਰੀਪੇਡ ਮੀਟਰ ਲਾਉਣੇ ਬੰਦ ਕਰਨ, ਅਤੇ ਸੜਕੀ ਮਾਰਗਾਂ ਲਈ ਕਿਸਾਨ ਦੀਆਂ ਜ਼ਮੀਨਾਂ ਐਕੁਆਇਰ ਨਾ ਕਰਨ ਦੀ ਮੰਗ ਕੀਤੀ। ਜਥੇਬੰਦੀਆਂ ਵੱਲੋਂ ਪੱਟੀ ਅਤੇ ਖਡੂਰ ਸਾਹਿਬ ਦੇ ਐਸਡੀਐਮ ਦੇ ਦਫ਼ਤਰਾਂ ਸਾਹਮਣੇ ਵੀ ਧਰਨੇ ਦੇ ਕੇ ਅਧਿਕਾਰੀਆਂ ਨੂੰ ਮੰਗ ਪੱਤਰ ਦਿੱਤੇ ਗਏ|
ਸਰਕਾਰ ਨੂੰ ਕਿਸਾਨੀ ਮਸਲਿਆਂ ਦੇ ਹੱਲ ਕਰਨ ਦੀ ਅਪੀਲ
ਜਲੰਧਰ (ਪੱਤਰ ਪ੍ਰੇਰਕ): ਕਿਸਾਨ ਜਥੇਬੰਦੀਆਂ ਵੱਲੋਂ ਅੱਜ ਡੀਸੀ ਦਫਤਰ ਅੱਗੇ ਧਰਨੇ ਲਗਾ ਕੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪੇ ਗਏ। ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ , ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ, ਅਤੇ ਦੁਆਬਾ ਕਿਸਾਨ ਵੈੱਲਫੇਅਰ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਜ਼ਿਲ੍ਹਾ ਜਲੰਧਰ ਵਿੱਚ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਉਨ੍ਹਾਂ ਏਡੀਸੀ ਗੁਰਸਿਮਰਨ ਜੀਤ ਕੌਰ ਨੂੰ ਮੰਗ ਪੱਤਰ ਸੌਂਪਿਆ ਅਤੇ ਸਰਕਾਰ ਨੂੰ ਮਸਲਿਆਂ ਦਾ ਹੱਲ ਕਰਨ ਦੀ ਅਪੀਲ ਕੀਤੀ ਗਈ ਇਸ ਦੌਰਾਨ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਪਰਾਲੀ ਸਬੰਧੀ ਮੁਸ਼ਕਲਾਂ ਦਾ ਪੱਕਾ ਹੱਲ ਕਰੇ, ਕਿਸਾਨ-ਮਜ਼ਦੂਰਾਂ ’ਤੇ ਅੱਗ ਲਾਉਣ ਦੇ ਦਰਜ ਕੀਤੇ ਕੇਸ ਰੱਦ ਕੀਤੇ ਜਾਣ, ਨਿੱਜੀਕਰਨ ਨੂੰ ਉਤਸ਼ਾਹਿਤ ਕਰਨ ਵਾਲੀਆਂ ਨੀਤੀਆਂ ਤਹਿਤ ਚਿੱਪ ਵਾਲੇ ਮੀਟਰ ਲਾਉਣੇ ਬੰਦ ਕੀਤੇ ਜਾਣ, ਹਾਈਵੇਅ ਕੱਢਣ ਲਈ ਜ਼ਮੀਨਾਂ ਐਕੁਆਇਰ ਕੀਤੀਆਂ ਜਾਣੀਆਂ ਬੰਦ ਹੋਣ, ਪੰਜਾਬ ਵਿੱਚ ਪੂਰਨ ਤੌਰ ’ਤੇ ਨਸ਼ਾ ਬੰਦੀ ਕੀਤੀ ਜਾਵੇ ਅਤੇ ਨਸ਼ੇ ਕਾਰਨ ਮੌਤ ਹੋਣ ਦੀ ਸੂਰਤ ਵਿੱਚ ਉੱਥੋਂ ਦੇ ਵਿਧਾਇਕ, ਐਸਐਸਪੀ, ਡੀਐਸਪੀ ’ਤੇ ਕੇਸ ਦਰਜ ਕੀਤਾ ਜਾਵੇ ਅਤੇ ਗੰਨਾਂ ਮਿਲਾ ਤੁਰੰਤ ਚਾਲੂ ਕੀਤੀਆਂ ਜਾਣ, ਗੰਨੇ ਦੇ ਭਾਅ ਵਿੱਚ 120 ਰੁਪਏ ਦਾ ਵਾਧਾ ਕੀਤਾ ਜਾਵੇ ਆਦਿ। ਏਡੀਸੀ ਨੇ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਅਤੇ ਬੀਬੀਆਂ ਹਾਜ਼ਰ ਸਨ।