ਕਿਸਾਨਾਂ ਵੱਲੋਂ ਡੀਏਪੀ ਦੀ ਕਾਲਾਬਾਜ਼ਾਰੀ ਰੋਕਣ ਲਈ ਮੁਜ਼ਾਹਰਾ
ਖੇਤਰੀ ਪ੍ਰਤੀਨਿਧ
ਪਟਿਆਲਾ, 30 ਸਤੰਬਰ
ਪੰਜਾਬ ਵਿੱਚ ਡੀਏਪੀ ਖਾਦ ਦੀ ਕਿੱਲਤ ਦੂਰ ਕਰਨ ਅਤੇ ਕਾਲਾਬਾਜ਼ਾਰੀ ਰੋਕਣ ਲਈ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵੱਲੋਂ ਅੱਜ ਇੱਥੇ ਡੀਸੀ ਦਫਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾਈ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਕੋਸਿਆ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਹਕੂਮਤ ਦੀਆਂ ਮਾਰੂ ਨੀਤੀਆਂ ਖਿਲਾਫ਼ ਸੰਘਰਸ਼ ਵਿੱਢਣ ਲਈ ਲਾਮਬੰਦ ਹੋਣ ਦਾ ਸੱਦਾ ਦਿੱਤਾ।
ਸੂਬਾਈ ਪ੍ਰਧਾਨ ਨੇ ਕਿਹਾ ਕਿ ਹਾੜ੍ਹੀ ਦਾ ਸੀਜ਼ਨ ਸਿਰ ’ਤੇ ਹੋਣ ਤੋਂ ਪਹਿਲਾਂ ਹੀ ਆਲੂਆਂ ਦੀ ਬਿਜਾਈ ਕਰਨ ਵਾਲੇ ਕਿਸਾਨ ਬਾਜ਼ਾਰ ਵਿੱਚ ਲੁੱਟਖਸੁੱਟ ਦਾ ਸ਼ਿਕਾਰ ਹੋ ਚੁੱਕੇ ਹਨ। ਇਸ ਤੋਂ ਇਲਾਵਾ ਕਣਕ ਦੀ ਬਜਾਈ ਲਈ ਸੁਸਾਇਟੀਆਂ ਵਿੱਚ ਡੀਏਪੀ ਦੀ ਸਪਲਾਈ ਨਾਹ ਦੇ ਬਰਾਬਰ ਹੈ। ਉਨ੍ਹਾਂ ਮੰਗ ਕੀਤੀ ਕਿ ਪਹਿਲਾਂ ਖਾਦ 60-40 ਦੀ ਰੇਸ਼ੋ ਮੁਤਾਬਕ ਸੁਸਾਇਟੀਆਂ ਵਿੱਚ ਸਪਲਾਈ ਯਕੀਨੀ ਬਣਾਈ ਜਾਵੇ। ਹਕੂਮਤ ਦੀਆਂ ਮਾਰੂ ਨੀਤੀਆਂ ਦੇ ਖਿਲਾਫ਼ ਲਾਮਬੰਦੀ ਦਾ ਸੱਦਾ ਦਿੰਦਿਆਂ ਉਨ੍ਹਾ ਕਿਹਾ ਕਿ ਸਿਆਸੀ ਪਾਰਟੀਆਂ ਵੱਡੀਆਂ ਕਾਰਪੋਰੇਸ਼ਨਾਂ ਅੱਗੇ ਸਿਰਫ ਦਲਾਲ ਵਜੋਂ ਹੀ ਭੂਮਿਕਾ ਨਿਭਾਅ ਰਹੀਆਂ ਹਨ ਜਿਸ ਕਰਕੇ ਇਨ੍ਹਾਂ ਭ੍ਰਿਸ਼ਟ ਜਮਾਤਾਂ ਤੋਂ ਪੰਜਾਬ ਦੇ ਭਲੇ ਦੀ ਆਸ ਨਹੀਂ ਹੈ। ਆਪਣੀਆਂ ਜ਼ਮੀਨਾਂ, ਜੰਗਲ, ਵਾਤਾਵਰਣ ਤੇ ਪਾਣੀ ਨੂੰ ਬਚਾਉਣ ਲਈ ਵੱਡੀ ਲਾਮਬੰਦੀ ਅਤੇ ਸੰਘਰਸ਼ਾਂ ਰਾਹੀਂ ਵੱਡੀ ਚੇਤਨਾ ਪੈਦਾ ਕਰਕੇ ਹੀ ਇਨਸਾਫ ਲੈਣੇ ਪੈਣਗੇ।
ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਪਰਾਲੀ ਸਾੜਨ ਦੇ ਮਾਮਲੇ ’ਚ ਅਧਿਕਾਰੀਆਂ ਵੱਲੋਂ ਜ਼ਮੀਨਾਂ ਵਿਚ ਲਾਲ ਐਂਟਰੀਆਂ ਦੀਆਂ ਦਿੱਤੀਆਂ ਜਾ ਰਹੀਆਂ ਧਮਕੀਆਂ ਦਾ ਵੀ ਗੰਭੀਰ ਨੋਟਿਸ ਲਿਆ ਤੇ ਚਿਤਾਵਨੀ ਦਿੱਤੀ ਕਿ ਪਰਾਲੀ ਦੀ ਸਾਂਭ ਸੰਭਾਲ ਦੀ ਜ਼ਿੰਮੇਵਾਰੀ ਸਰਕਾਰ ਦੀ ਹੈ ਪਰ ਅਜਿਹੇ ਪ੍ਰਬੰਧ ਨਾ ਹੋਣ ਕਾਰਨ ਹੀ ਕਿਸਾਨ ਪਰਾਲੀ ਸਾੜਨ ਲਈ ਮਜਬੂਰ ਹਨ। ਇਸ ਮੌਕੇ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਰਾਮ ਸਿੰਘ ਮਟੋਰੜਾ, ਜਗਮੇਲ ਸਿੰਘ ਸੁੱਧੇਵਾਲ, ਗੁਰਬਚਨ ਸਿੰਘ ਕਨਸੂਹਾ ਦਲਜਿੰਦਰ ਆਲੋਵਾਲ, ਬਲਜੀਤ ਪੰਜੋਲਾ, ਜਰਨੈਲ ਸਿੰਘ ਮੰਡੌੜ, ਹਰਦਿਆਲ ਭਾਨਰਾ, ਟਹਿਲ ਸਿੰਘ ਕੱਕੇਪੁਰ, ਅਮਨ ਸਿੱਧੂ, ਸੁਖਵਿੰਦਰ ਫਤਿਹਮਾਜਰੀ, ਸਰਬਜੀਤ ਭੜੀ, ਮੁਖਤਿਆਰ ਕੱਕੇਪੁਰ, ਸੁਰਜੀਤ ਲਚਕਾਣੀ ਆਦਿ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।