For the best experience, open
https://m.punjabitribuneonline.com
on your mobile browser.
Advertisement

ਨੌਜਵਾਨ ਦੀ ਲਾਸ਼ ਸੜਕ ’ਤੇ ਰੱਖ ਕੇ ਮੁਜ਼ਾਹਰਾ

07:41 AM Jun 23, 2024 IST
ਨੌਜਵਾਨ ਦੀ ਲਾਸ਼ ਸੜਕ ’ਤੇ ਰੱਖ ਕੇ ਮੁਜ਼ਾਹਰਾ
ਨੌਜਵਾਨ ਦੀ ਲਾਸ਼ ਚੌਕ ਵਿੱਚ ਰੱਖ ਕੇ ਰੋਸ ਪ੍ਰਗਟਾਉਂਦੇ ਹੋਏ ਲੋਕ।
Advertisement

ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 22 ਜੂਨ
ਕਸਬਾ ਸਿੱਧਵਾਂ ਬੇਟ ਵਿੱਚ ਜਗਰਾਉਂ-ਜਲੰਧਰ ਮੁੱਖ ਮਾਰਗ ’ਤੇ ਇੱਕ ਨੌਜਵਾਨ ਦੀ ਲਾਸ਼ ਸੜਕ ’ਤੇ ਰੱਖ ਕੇ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰਾਕਾਰੀਆਂ ਦਾ ਦੋਸ਼ ਹੈ ਕਿ ਪੁਲੀਸ ਨੇ ਕਤਲ ਕੀਤੇ ਨੌਜਵਾਨ ਦਾ ਮਾਮਲਾ ਸੜਕ ਹਾਦਸੇ ’ਚ ਬਦਲ ਦਿੱਤਾ। ਮੁਜ਼ਾਹਰੇ ਦੀ ਅਗਵਾਈ ਕਰ ਰਹੇ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਆਗੂ ਡਾ. ਸੁਖਦੇਵ ਭੂੰਦੜੀ, ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ, ਸਕੱਤਰ ਸੁਖਦੇਵ ਸਿੰਘ ਮਾਣੂੰਕੇ, ਜਸਵਿੰਦਰ ਸਿੰਘ ਭੁਮਾਲ ਤੇ ਹੋਰਨਾਂ ਨੇ ਕਿਹਾ ਕਿ ਬੀਤੇ ਦਿਨ ਕੰਬਾਈਨ ਡਰਾਈਵਰ ਸ਼ਿੰਦਰਪਾਲ ਸਿੰਘ ਛਿੰਦਾ ਵਾਸੀ ਭੈਣੀ ਆਰਾਈਆਂ ਨੂੰ ਕਥਿਤ ਤੌਰ ’ਤੇ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲੀਸ ਨਾਲ ਕਥਿਤ ਮਿਲੀਭੁਗਤ ਰਾਹੀਂ ਕੇਸ ਸੜਕ ਦੁਰਘਟਨਾ ਦਾ ਬਣਾ ਦਿੱਤਾ ਗਿਆ ਹੈ, ਜੋ ਝੂਠ ਹੈ।
ਇਸ ਸਬੰਧੀ ਪਤਾ ਲੱਗਣ ’ਤੇ ਸ਼ਿੰਦਰਪਾਲ ਸਿੰਘ ਦੇ ਪਰਿਵਾਰ ਨੇ ਉਸਦੀ ਲਾਸ਼ ਸਿੱਧਵਾਂ ਬੇਟ ਮੁੱਖ ਚੌਕ ’ਚ ਰੱਖ ਕੇ ਧਰਨਾ ਲਾ ਦਿੱਤਾ ਜਿਸ ਕਾਰਨ ਮੁੱਖ ਮਾਰਗ ’ਤੇ ਆਵਾਜਾਈ ਠੱਪ ਹੋ ਗਈ। ਥਾਣਾ ਸਿੱਧਵਾਂ ਬੇਟ ਦੇ ਇੰਸਪੈਕਟਰ ਜਸਵੀਰ ਸਿੰਘ ਨੇ ਨਿਰਪੱਖ ਪੜਤਾਲ ਕਰ ਕੇ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਡੀਐੱਸਪੀ ਦਾਖਾ ਨਾਲ ਵੀ ਗੱਲਬਾਤ ਕਰਵਾਈ ਤੇ ਇਸ ਭਰੋਸੇ ਮਗਰੋਂ ਧਰਨਾ ਚੁੱਕ ਲਿਆ ਗਿਆ। ਜਨਤਕ ਜਥੇਬੰਦੀਆਂ ਨੇ ਇਨਸਾਫ਼ ਨਾ ਮਿਲਣ ’ਤੇ ਬਣਦੀ ਕਾਰਵਾਈ ਨਾ ਹੋਣ ’ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਤਲ ਦਾ ਕੇਸ ਦਰਜ ਨਾ ਕੀਤਾ ਗਿਆ ਤਾਂ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ ਅਤੇ ਭਲਕੇ 23 ਜੂਨ ਨੂੰ ਜਗਰਾਉਂ ਵਿੱਚ ਜ਼ਿਲ੍ਹਾ ਪੁਲੀਸ ਮੁਖੀ ਦਫ਼ਤਰ ਦੇ ਬਾਹਰ ਲਾਸ਼ ਰੱਖ ਕੇ ਧਰਨਾ ਲਾਇਆ ਜਾਵੇਗਾ। ਇਸ ਮੌਕੇ ਮੇਜਰ ਸਿੰਘ, ਬਿੰਦਰ ਸਿੰਘ, ਮਨਜੀਤ ਸਿੰਘ, ਰਾਣੀ ਤੇ ਤੇਜਾ ਸਿੰਘ ਭੁਮਾਲ ਹਾਜ਼ਰ ਸਨ।

Advertisement

Advertisement
Author Image

Advertisement
Advertisement
×