ਕੌਮੀ ਇਨਸਾਫ਼ ਮੋਰਚੇ ਦੇ ਕਾਰਕੁਨਾਂ ਤੇ ਕਿਸਾਨਾਂ ਵੱਲੋਂ ਪ੍ਰਦਰਸ਼ਨ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 3 ਦਸੰਬਰ
ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਕੌਮੀ ਇਨਸਾਫ਼ ਮੋਰਚਾ, ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਣੇ ਹੋਰ ਸਿੱਖ ਜਥੇਬੰਦੀਆਂ ਵੱਲੋਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਲੜੀਵਾਰ ਧਰਨਾ (ਪੱਕਾ ਮੋਰਚਾ) ਜਾਰੀ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੰਡੀਗੜ੍ਹ ਫੇਰੀ ਦੇ ਮੱਦੇਨਜ਼ਰ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਬਾਪੂ ਗੁਰਚਰਨ ਸਿੰਘ, ਜਥੇਦਾਰ ਗੁਰਦੀਪ ਸਿੰਘ ਬਠਿੰਡਾ ਅਤੇ ਕਿਸਾਨ ਯੂਨੀਅਨ (ਤੋਤੇਵਾਲ) ਦੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ ਦੀ ਅਗਵਾਈ ਹੇਠ ਇਨਸਾਫ਼ਪਸੰਦਾਂ ਨੇ ਹੱਥਾਂ ਵਿੱਚ ਕਾਲੇ ਝੰਡੇ ਲੈ ਕੇ ਪ੍ਰਦਰਸ਼ਨ ਕਰਦਿਆਂ ‘ਮੋਦੀ ਗੋ ਬੈਕ’ ਦੇ ਨਾਅਰੇ ਲਗਾਏ। ਦੂਜੇ ਪਾਸੇ, ਮੁਹਾਲੀ ਦੀ ਥਾਂ ਪ੍ਰਧਾਨ ਮੰਤਰੀ ਦਾ ਜਹਾਜ਼ ਸਿੱਧਾ ਰਜਿੰਦਰ ਪਾਰਕ ਸੈਕਟਰ-2 ਵਿੱਚ ਉਤਰਿਆ।
ਜਾਣਕਾਰੀ ਅਨੁਸਾਰ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਅਤੇ ਕਿਸਾਨਾਂ ਨੇ ਪੱਕੇ ਮੋਰਚੇ ਵਾਲੀ ਥਾਂ ਤੋਂ ਆਪਣੇ ਹੱਥਾਂ ਵਿੱਚ ਕੇਸਰੀ ਅਤੇ ਕਾਲੇ ਝੰਡੇ ਫੜ ਕੇ ‘ਮੋਦੀ ਗੋ ਬੈਕ’ ਦੇ ਨਾਅਰੇ ਲਗਾਉਂਦੇ ਹੋਏ ਅੱਗੇ ਵਧਦੇ ਗਏ ਪਰ ਮੁਹਾਲੀ ਪੁਲੀਸ ਨੇ ਪਹਿਲਾਂ ਉਨ੍ਹਾਂ ਨੂੰ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਨੇੜੇ ਰੋਕ ਲਿਆ। ਇੱਥੇ ਕੁੱਝ ਦੇਰ ਬਹਿਸ ਤੋਂ ਬਾਅਦ ਪ੍ਰਦਰਸ਼ਨਕਾਰੀ ਸੀਪੀ ਮਾਲ ਤੱਕ ਪਹੁੰਚ ਗਏ। ਇੱਥੋਂ ਫਿਰ ਉਹ ਏਅਰਪੋਰਟ ਸੜਕ ’ਤੇ ਆਈਸਰ ਤੱਕ ਪਹੁੰਚ ਗਏ ਅਤੇ ਪ੍ਰਧਾਨ ਮੰਤਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਬਾਅਦ ਵਿੱਚ ਸਾਰੇ ਪ੍ਰਦਰਸ਼ਨਕਾਰੀ ਵਾਪਸ ਪੱਕੇ ਮੋਰਚੇ ਵਿੱਚ ਪਹੁੰਚ ਗਏ।
ਕੌਮੀ ਇਨਸਾਫ਼ ਮੋਰਚੇ ਦੇ ਕਨਵੀਨਰ ਬਾਪੂ ਗੁਰਚਰਨ ਸਿੰਘ ਅਤੇ ਕਿਸਾਨ ਆਗੂ ਸੁੱਖ ਗਿੱਲ ਮੋਗਾ ਨੇ ਕਿਹਾ ਕਿ ਸਿੱਖ ਪਿਛਲੇ ਦੋ ਸਾਲਾਂ ਤੋਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਲੜੀਵਾਰ ਪੱਕਾ ਮੋਰਚਾ ਲਗਾ ਕੇ ਬੈਠੇ ਹਨ ਪ੍ਰੰਤੂ ਹੁਣ ਤੱਕ ਪੰਜਾਬ ਅਤੇ ਦੇਸ਼ ਦੇ ਹੁਕਮਰਾਨਾਂ ਦੇ ਕੰਨਾਂ ’ਤੇ ਜੂੰ ਤੱਕ ਨਹੀਂ ਸਰਕੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਅਤੇ ਸਿੱਖਾਂ ਦੇ ਮਸਲੇ ਹੱਲ ਕਰਨ ਲਈ ਸੁਹਿਰਦ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕਾਨੂੰਨ ਮੁਤਾਬਕ ਸਜ਼ਾਵਾਂ ਭੁਗਤ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ, ਉੱਥੇ ਪੰਜਾਬ ਦਾ ਕਿਸਾਨ ਇਨਸਾਫ਼ ਲਈ ਸੜਕਾਂ ’ਤੇ ਰੁਲ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ।