ਪੈਨਸ਼ਨਰਾਂ ਵੱਲੋਂ ਅਮਨ ਅਰੋੜਾ ਦੀ ਕੋਠੀ ਅੱਗੇ ਪ੍ਰਦਰਸ਼ਨ
ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 10 ਨਵੰਬਰ
ਦਿ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸੁਨਾਮ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀਂ ਅਮਨ ਅਰੋੜਾ ਦੀ ਕੋਠੀ ਅੱਗੇ ਮੁੱਖ ਮੰਤਰੀਂ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮੁਲਾਜ਼ਮ ਅਤੇ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਸੱਦੇ ’ਤੇ ਸਥਾਨਕ ਮਾਤਾ ਮੋਦੀ ਪਾਰਕ ਵਿਖੇ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੇ ਇਸਤੋਂ ਪਹਿਲਾਂ ਸ਼ਹਿਰ ਦੇ ਬਾਜ਼ਾਰ ’ਚ ਰੋਸ ਪ੍ਰਦਰਸ਼ਨ ਕੀਤਾ ਜਦੋਂ ਕਿ ਬਾਅਦ ’ਚ ਕੈਬਨਿਟ ਮੰਤਰੀ ਦੀ ਕੋਠੀ ਅੱਗੇ ਅਰਥੀ ਫੂਕੀ।
ਇਕਾਈ ਸੁਨਾਮ ਦੇ ਪ੍ਰਧਾਨ ਭੁਪਿੰਦਰ ਸਿੰਘ ਛਾਜਲੀ ਦੀ ਅਗਵਾਈ ਹੇਠ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੂੰ ਜਥੇਬੰਦੀ ਦੇ ਜਨਰਲ ਸਕੱਤਰ ਜੀਤ ਸਿੰਘ ਬੰਗਾ, ਹਰਨੇਕ ਸਿੰਘ ਨੱਢੇ, ਕੇਹਰ ਸਿੰਘ ਨੇ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਜਾਣ-ਬੁੱਝ ਕੇ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁਲਾਜ਼ਮ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਟਾਲ-ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ ਜਿਸ ਕਾਰਨ ਪੈਨਸ਼ਰਾਂ ’ਚ ਰੋਸ ਹੈ। ਉਨ੍ਹਾਂ ਕਿਹਾ ਕਿ ਝੂਠੇ ਚੋਣ ਦਾਅਵੇ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਆਗੂ ਚੋਣਾਂ ਤੋਂ ਪਹਿਲਾਂ ਜਥੇਬੰਦੀਆਂ ਦੇ ਸੰਘਰਸ਼ ’ਚ ਸ਼ਾਮਲ ਹੋ ਕੇ ਮੁਲਾਜ਼ਮ ਪੈਨਸ਼ਰਾਂ ਦੀਆਂ ਮੰਗਾਂ ਹੱਕੀ ਅਤੇ ਜਾਇਜ਼ ਕਰਾਰ ਦਿੰਦੇ ਸਨ। ਉਨ੍ਹਾਂ ਕਿਹਾ ਕਿ ਦੂਜੇ ਕਈ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਆਪਣੇ ਮੁਲਾਜ਼ਮਾਂ ਅਤੇ ਪੈਨਸਨਰਾਂ ਲਈ ਬੋਨਸ ਦੇਣ ਦੇ ਨਾਲ-ਨਾਲ ਡੀਏ ਦੀਆਂ ਕਿਸ਼ਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਚਤਿਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੂਰੇ ਪੰਜਾਬ ’ਚ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ।