ਸਿੱਖਾਂ ਜਥੇਬੰਦੀਆਂ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਦਿੱਲੀ ’ਚ ਪ੍ਰਦਰਸ਼ਨ
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 20 ਸਤੰਬਰ
ਆਲ ਇੰਡੀਆ ਕਾਂਗਰਸ ਕਮੇਟੀ ਦੇ ਮੁੱਖ ਦਫ਼ਤਰ ਬਾਹਰ ਦਿੱਲੀ ਦੇ ਸਿੱਖਾਂ ਵੱਲੋਂ ਰਾਹੁਲ ਗਾਂਧੀ ਦੀ ਹਾਲੀਆ ਅਮਰੀਕਾ ਫੇਰੀ ਦੌਰਾਨ ਸਿੱਖ ਭਾਈਚਾਰੇ ਬਾਰੇ ਕੀਤੀ ਟਿੱਪਣੀ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਤਿਲਕ ਨਗਰ ਅਤੇ ਤਿਲਕ ਵਿਹਾਰ ਤੋਂ ਜ਼ਿਆਦਾਤਰ ਉਹ ਲੋਕ ਸ਼ਾਮਲ ਹੋਏ ਜੋ ਅਕਸਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਆਗੂ ਆਤਮਾ ਸਿੰਘ ਲੁਬਾਣਾ ਨਾਲ ਪ੍ਰਦਰਸ਼ਨਾਂ ਵਿੱਚ ਸ਼ਿਰਕਤ ਕਰਦੇ ਆਏ ਸਨ।
ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਤਖ਼ਤੀਆਂ ਅਤੇ ਪੋਸਟਰ ਫੜੇ ਹੋਏ ਸਨ ਜਿਨ੍ਹਾਂ ਉਪਰ ਦਰਸਾਇਆ ਗਿਆ ਕਿ ‘ਸਿੱਖਾਂ ਨੂੰ ਭਾਰਤ ਦੇਸ਼ ਰਾਹੁਲ ਗਾਂਧੀ ਤੋਂ ਪਿਆਰਾ ਹੈ’। ਪ੍ਰਦਰਸ਼ਨ ਵਿੱਚ ਔਰਤਾਂ ਦੀ ਸ਼ਮੂਲੀਅਤ ਜ਼ਿਆਦਾ ਰਹੀ। ਪ੍ਰਦਰਸ਼ਨ ਵਿੱਚ ਸ਼ਾਮਲ ਬੀਬੀਆਂ ਨੇ ਕਿਹਾ ਕਿ ਸਿੱਖਾਂ ਨੂੰ ਦੇਸ਼ ਵਿੱਚ ਕੜਾ ਕਿਰਪਾਨ ਪਾਉਣ ਤੋਂ ਕੋਈ ਰੋਕ ਨਹੀਂ ਹੈ ਅਤੇ ਪ੍ਰਦਰਸ਼ਨ ਵਿਚ ਸ਼ਾਮਲ ਸਿੱਖ ਆਗੂਆਂ ਨੇ ਕਕਾਰ ਧਾਰਨ ਕੀਤੇ ਹੋਏ ਸਨ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਕਤਲੇਆਮ ਕਾਂਗਰਸ ਦੇ ਰਾਜ ਵਿੱਚ ਉਸ ਦੇ ਆਗੂਆਂ ਵੱਲੋਂ ਕੀਤਾ ਗਿਆ, ਗੁਰਦੁਆਰੇ ਸਾੜੇ ਗਏ ਅਤੇ ਔਰਤਾਂ ਬੇਪਤ ਕੀਤੀਆਂ ਗਈਆਂ। ਇਸ ਲਈ ਰਾਹੁਲ ਗਾਂਧੀ ਪਹਿਲਾਂ ਇਤਿਹਾਸ ਵਾਚਣ। ਦਿੱਲੀ ਕਮੇਟੀ ਦੇ ਮੈਂਬਰ ਵੀ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ।
ਭਾਜਪਾ ਨੇ ਕਾਂਗਰਸ ਦਫ਼ਤਰ ਅੱਗੇ ਰਾਹੁਲ ਦੇ ਪੁਤਲੇ ਫੂਕੇ
ਨਵੀਂ ਦਿੱਲੀ (ਪੱਤਰ ਪ੍ਰੇਰਕ): ਦਿੱਲੀ ਭਾਜਪਾ ਓਬੀਸੀ ਮੋਰਚਾ ਨੇ ਅੱਜ ਰਾਹੁਲ ਗਾਂਧੀ ਵੱਲੋਂ ਵਿਦੇਸ਼ਾਂ ਵਿੱਚ ਦਿੱਤੇ ਬਿਆਨ ਖ਼ਿਲਾਫ਼ ਕਾਂਗਰਸ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕੀਤਾ। ਓਬੀਸੀ ਮੋਰਚੇ ਨੇ ਮੰਗ ਕੀਤੀ ਕਿ ਰਾਹੁਲ ਗਾਂਧੀ ਨੇ ਓਬੀਸੀ ਭਾਈਚਾਰੇ ਖ਼ਿਲਾਫ਼ ਦਿੱਤੇ ਬਿਆਨ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ ਨਹੀਂ ਤਾਂ ਪੂਰੇ ਦੇਸ਼ ਵਿੱਚ ਉਨ੍ਹਾਂ ਖ਼ਿਲਾਫ਼ ਪ੍ਰਦਰਸ਼ਨ ਜਾਰੀ ਰਹਿਣਗੇ। ਸੰਸਦ ਮੈਂਬਰ ਰਾਮਵੀਰ ਸਿੰਘ ਬਿਧੂੜੀ ਦੀ ਅਗਵਾਈ ਵਿੱਚ ਹੋਏ ਇਸ ਧਰਨੇ ਵਿੱਚ ਪ੍ਰਦਰਸ਼ਨਕਾਰੀਆਂ ਨੇ ਰਾਹੁਲ ਗਾਂਧੀ ਦਾ ਪੁਤਲਾ ਫੂਕ ਕੇ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ। ਪ੍ਰਦਰਸ਼ਨਕਾਰੀਆਂ ਨੇ ਜੇਸਲਮੇਰ ਹਾਊਸ ਮਾਨ ਸਿੰਘ ਰੋਡ ਤੋਂ ਪ੍ਰਦਰਸ਼ਨ ਸ਼ੁਰੂ ਕੀਤਾ ਤੇ ਕਾਂਗਰਸ ਦੇ ਮੁੱਖ ਦਫ਼ਤਰ ਵੱਲ ਵਧੇ ਪਰ ਦਿੱਲੀ ਪੁਲੀਸ ਨੇ ਉਨ੍ਹਾਂ ਨੂੰ ਰਾਹ ਵਿੱਚ ਹੀ ਰੋਕ ਲਿਆ ਤੇ ਅੱਗੇ ਨਹੀਂ ਵਧਣ ਦਿੱਤਾ। ਭਾਜਪਾ ਵਰਕਰਾਂ ਨੇ ਉੱਥੇ ਹੀ ਧਰਨਾ ਲਾ ਦਿੱਤਾ ਅਤੇ ਕਾਂਗਰਸ ਨੂੰ ਰਗੜੇ ਲਾਏ। ਭਾਜਪਾ ਦੇ ਸੰਸਦ ਮੈਂਬਰ ਰਾਮਵੀਰ ਸਿੰਘ ਬਿਧੂੜੀ ਨੇ ਕਿਹਾ ਕਿ ਪਛੜੀਆਂ ਸ਼੍ਰੇਣੀਆਂ ਦੇ ਲੋਕ ਰੋਹ ਨਾਲ ਭਰੇ ਹੋਏ ਹਨ। ਰਾਹੁਲ ਗਾਂਧੀ ਨੇ ਜਿਸ ਤਰ੍ਹਾਂ ਪਛੜੀਆਂ ਸ਼੍ਰੇਣੀਆਂ ਦੇ ਲੋਕਾਂ ਦੀ ਗੱਲ ਕੀਤੀ, ਐੱਸਸੀ ਅਤੇ ਐੱਸਟੀ ਸਮਾਜ ਦੇ ਲੋਕਾਂ ਦਾ ਰਾਖਵਾਂਕਰਨ ਖਤਮ ਕਰਨ ਸਬੰਧੀ ਦਿੱਤਾ ਗਿਆ ਬਿਆਨ ਨਿੰਦਣਯੋਗ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਵੱਲੋਂ ਦਿੱਤਾ ਗਿਆ ਰਾਖਵਾਂਕਰਨ ਖਤਮ ਕਰਨ ਦਾ ਐਲਾਨ ਵਿਦੇਸ਼ੀ ਧਰਤੀ ‘ਤੇ ਕੀਤਾ ਗਿਆ ਹੈ। ਹਰਿਆਣਾ ਦੇ ਮੁੱਖ ਮੰਤਰੀ ਪਛੜੇ ਵਰਗ ਤੋਂ ਹਨ ਅਤੇ ਮੋਦੀ ਸਰਕਾਰ ਨੇ ਓਬੀਸੀ ਕਮਿਸ਼ਨ ਨੂੰ ਸੰਵਿਧਾਨਕ ਦਰਜਾ ਦੇਣ ਦਾ ਕੰਮ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ ਅਤੇ ਉਹ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ। ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਕਿਹਾ ਕਿ ਜਦੋਂ ਰਾਹੁਲ ਗਾਂਧੀ ਭਾਰਤ ਵਿੱਚ ਹੁੰਦੇ ਹਨ ਤਾਂ ਉਹ ਪੀਆਰ ਕੰਪਨੀ ਵੱਲੋਂ ਦਿੱਤੇ ਆਦੇਸ਼ਾਂ ਅਨੁਸਾਰ ਕੰਮ ਕਰਦੇ ਹਨ। ਪਰ ਜਦੋਂ ਉਹ ਵਿਦੇਸ਼ ਪਹੁੰਚਦੇ ਹਨ ਤਾਂ ਉਨ੍ਹਾਂ ਦਾ ਅਸਲੀ ਚਿਹਰਾ ਸਾਹਮਣੇ ਆਉਂਦਾ ਹੈ ਅਤੇ ਉਹ ਵਿਦੇਸ਼ ਜਾ ਕੇ ਵੱਖਵਾਦੀ ਸੋਚ ਵਾਲੇ ਲੋਕਾਂ ਨਾਲ ਖੜ੍ਹੇ ਹੁੰਦੇ ਹਨ। ਦਿੱਲੀ ਭਾਜਪਾ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਨੇ ਦੇਸ਼ ਦੇ ਸਭ ਤੋਂ ਵੱਡੇ ਦਲਿਤ ਚਿਹਰੇ ਦੇ ਆਗੂ ਬਾਬੂ ਜਗਜੀਵਨ ਰਾਮ ਨੂੰ ਪ੍ਰਧਾਨ ਮੰਤਰੀ ਨਹੀਂ ਬਣਨ ਦਿੱਤਾ ਅਤੇ ਓਬੀਸੀ ਭਾਈਚਾਰੇ ਦੇ ਸੀਤਾ ਰਾਮ ਕੇਸਰੀ ਨੂੰ ਪ੍ਰਧਾਨ ਬਣਾਇਆ ਸੀ ਪਰ ਉਨ੍ਹਾਂ ਨੂੰ ਕਾਂਗਰਸ ਤੋਂ ਬਾਹਰ ਕੱਢ ਦਿੱਤਾ ਗਿਆ।