ਯੂਟੀ ਪਾਵਰਮੈਨ ਯੂਨੀਅਨ ਵੱਲੋਂ ਪ੍ਰਦਰਸ਼ਨ
ਕੁਲਦੀਪ ਸਿੰਘ
ਚੰਡੀਗੜ੍ਹ, 25 ਨਵੰਬਰ
ਯੂਟੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਿਜਲੀ ਵਿਭਾਗ ਦੇ ਨਿੱਜੀਕਰਨ ਦੀ ਪ੍ਰਕਿਰਿਆ ਵਿੱਚ ਮੁਲਾਜ਼ਮਾਂ ਦੀਆਂ ਸੇਵਾ ਸ਼ਰਤਾਂ ਨੂੰ ਤੈਅ ਨਾ ਕਰਨ ਦੇ ਦੋਸ਼ ਲਗਾਉਂਦਿਆਂ ਯੂਟੀ ਪਾਵਰਮੈਨ ਯੂਨੀਅਨ ਦੇ ਸੱਦੇ ਉੱਤੇ ਅੱਜ ਸ਼ਹਿਰ ਦੇ ਵੱਖ-ਵੱਖ ਬਿਜਲੀ ਦਫ਼ਤਰਾਂ ਵਿੱਚ ਪ੍ਰਦਰਸ਼ਨ ਕੀਤੇ ਗਏ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਯੂਨੀਅਨ ਦੇ ਪ੍ਰੈੱਸ ਸਕੱਤਰ ਸੁਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਵੱਖ-ਵੱਖ ਦਫ਼ਤਰਾਂ ਵਿੱਚ ਹੋਈਆਂ ਰੈਲੀਆਂ ਨੂੰ ਯੂਨੀਅਨ ਦੇ ਪ੍ਰਧਾਨ ਧਿਆਨ ਸਿੰਘ, ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ, ਪਾਨ ਸਿੰਘ, ਸਤਕਾਰ ਸਿੰਘ, ਸੁਰਜੀਤ ਸਿੰਘ, ਰੇਸ਼ਮ ਸਿੰਘ, ਅਮਿਤ ਢੀਂਗਰਾ, ਵਰਿੰਦਰ ਸਿੰਘ, ਵਿਨੈ ਪ੍ਰਸਾਦ ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਪ੍ਰਸ਼ਾਸਨ ਦੇ ਤਾਨਾਸ਼ਾਹੀ ਵਤੀਰੇ ਦੀ ਨਿਖੇਧੀ ਕੀਤੀ। ਉਨ੍ਹਾਂ ਨੇ ਪ੍ਰਾਈਵੇਟ ਕੰਪਨੀ ਨੂੰ ਐੱਲਓਆਈ ਜਾਰੀ ਕਰਨ ’ਤੇ ਪਾਵਰਮੈਨ ਯੂਨੀਅਨ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਇਹ ਮੁਲਾਜ਼ਮਾਂ ਅਤੇ ਆਮ ਜਨਤਾ ਨਾਲ ਧੋਖਾ ਹੈ ਅਤੇ ਯੂਨੀਅਨ ਆਮ ਲੋਕਾਂ ਨਾਲ ਮਿਲ ਕੇ ਲੜਾਈ ਲੜੇਗੀ। ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਵੱਲੋਂ ਲਏ ਗਏ ਫ਼ੈਸਲੇ ਨੂੰ ਰੱਦ ਕੀਤਾ ਜਾਵੇ।
ਉਨ੍ਹਾਂ ਐਲਾਨ ਕੀਤਾ ਛੇ ਦਸੰਬਰ ਨੂੰ ਯੂਨੀਅਨ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਵੀ ਕਿਹਾ ਕਿ ਜਿਸ ਦਿਨ ਪ੍ਰਸ਼ਾਸਨ ਬਿਜਲੀ ਵਿਭਾਗ ਕੰਪਨੀ ਨੂੰ ਸੌਂਪਣ ਦੀ ਕੋਸ਼ਿਸ਼ ਕਰੇਗਾ, ਉਸੇ ਦਿਨ ਤੋਂ ਕੰਮ ਦਾ ਮੁਕੰਮਲ ਬਾਈਕਾਟ ਕੀਤਾ ਜਾਵੇਗਾ।