ਜਲ ਸਪਲਾਈ ਵਰਕਰਾਂ ਵੱਲੋਂ ਸਰਕਾਰ ਖ਼ਿਲਾਫ਼ ਵਿਖਾਵਾ
ਜੋਗਿੰਦਰ ਸਿੰਘ ਓਬਰਾਏ
ਖੰਨਾ, 17 ਜੁਲਾਈ
ਅੱਜ ਇਥੋਂ ਦੇ ਅਮਲੋਹ ਚੌਕ ’ਚ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਸਰਕਾਰ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਮੈਨੇਜਮੈਂਟ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ। ਇਸ ਮੌਕੇ ਜਥੇਬੰਦੀ ਦੇ ਆਗੂਆਂ ਕਰਮ ਚੰਦ ਫਰੌਰ, ਦਲਵੀਰ ਸਿੰਘ, ਰਵਿੰਦਰ ਸਿੰਘ, ਸੰਦੀਪ ਕੌਰ, ਜਸਵਿੰਦਰ ਕੌਰ ਨੇ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਪੰਜਾਬ ’ਚ ਪਿਛਲੇ 10-15 ਸਾਲਾਂ ਤੋਂ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਤੇ ਆਊਟਸੋਰਸ ਵਰਕਰਾਂ ਨੂੰ ਵਿਭਾਗ ’ਚ ਮਰਜ਼ ਕਰ ਕੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ ਦੀ ਯੂਨੀਅਨ ਦੀ ਪ੍ਰਮੁੱਖ ਮੰਗ ਦਾ ਹੱਲ ਕਰਨ ਲਈ ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਚੰਡੀਗੜ੍ਹ ਵਿੱਚ ਹੋਈ। ਮੀਟਿੰਗ ਦੌਰਾਨ ਇਨਲਿਸਟਮੈਂਟ/ਆਊਟਸੋਰਸ ਵਰਕਰਾਂ ਨੂੰ ਵਿਭਾਗ ਵਿੱਚ ਸਿੱਧੇ ਤੌਰ ’ਤੇ ਕੰਟਰੈਕਟ ’ਤੇ ਲੈਣ ਸਬੰਧੀ ਵਿਭਾਗ ਵੱਲੋਂ 7 ਜੁਲਾਈ ਨੂੰ ਚਿੱਠੀ ਜਾਰੀ ਕਰ ਕੇ ਵਿਭਾਗੀ ਮੁਖੀ ਦੇ ਨਾਲ 12 ਜੁਲਾਈ ਨੂੰ ਯੂਨੀਅਨ ਦੀ ਤੈਅ ਹੋਈ ਮੀਟਿੰਗ ਰੱਦ ਕਰ ਕੇ ਅਗਲੀ ਮੀਟਿੰਗ 14 ਜੁਲਾਈ ਨੂੰ ਸਮਾਂ ਦਿੱਤਾ ਗਿਆ ਪ੍ਰੰਤੂ ਉਸ ਨੂੰ ਵੀ ਰੱਦ ਕਰ ਦਿੱਤਾ ਗਿਆ। ਇਸ ਦੇ ਰੋਸ ਵਜੋਂ ਯੂਨੀਅਨ ਵੱਲੋਂ ਪੰਜਾਬ ਸਰਕਾਰ ਤੇ ਵਿਭਾਗ ਦੀ ਮੈਨੇਜਮੈਂਟ ਖਿਲਾਫ਼ ਅਰਥੀ ਫੂਕ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਫ਼ਿਰ ਵੀ ਮੈਨੇਜਮੈਂਟ ਵੱਲੋਂ ਵਰਕਰ ਵਿਰੋੋਧੀ ਲਏ ਜਾ ਰਹੇ ਫੈਸਲਿਆਂ ਨੂੰ ਤੁਰੰਤ ਵਾਪਸ ਨਾ ਲਿਆ ਤਾਂ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਗਿਆ। ਇਸ ਮੌਕੇ ਗੁਰਦੀਪ ਸਿੰਘ, ਸਿਕੰਦਰ ਸਿੰਘ, ਬਲਵੀਰ ਸਿੰਘ, ਨਾਹਰ ਸਿੰਘ, ਅਮਰਜੀਤ ਸਿੰਘ, ਗੁਰਤੇਜ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।