ਮਜ਼ਦੂਰਾਂ ਵੱਲੋਂ ਬੀਡੀਪੀਓ ਦਫ਼ਤਰ ਅੱਗੇ ਪ੍ਰਦਰਸ਼ਨ
ਸੁਰਿੰਦਰ ਸਿੰਘ ਗੁਰਾਇਆ
ਟਾਂਡਾ, 30 ਅਗਸਤ
ਇਥੋਂ ਦੇ ਬੀਡੀਪੀਓ ਦਫ਼ਤਰ ਵਿੱਚ ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਮਜ਼ਦੂਰਾਂ ਦੀਆਂ ਬੁਨਿਆਦੀ ਮੰਗਾਂ ਮਨਵਾਉਣ ਲਈ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਆਗੂਆਂ ਨੇ ਬੀਡੀਪੀਓ ਰਾਜਵਿੰਦਰ ਕੌਰ ਨੂੰ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਦਿੱਤਾ। ਪੇਂਡੂ ਮਜ਼ਦੂਰ ਯੂਨੀਅਨ ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ ਅਤੇ ਤਹਿਸੀਲ ਆਗੂ ਨਾਵਲ ਗਿੱਲ ਟਾਹਲੀ ਨੇ ਕਿਹਾ ਕਿ ਸਰਕਾਰਾਂ ਲੈਂਡ ਸੀਲਿੰਗ ਐਕਟ 1972 ਲਾਗੂ ਕਰਕੇ ਵਾਧੂ ਜ਼ਮੀਨਾਂ ਬੇ-ਜ਼ਮੀਨੇ ਮਜ਼ਦੂਰਾਂ-ਕਿਸਾਨਾਂ ʼਚ ਵੰਡੇ, ਲਾਲ ਲਕੀਰ ਵਿੱਚ ਰਹਿੰਦੇ ਘਰਾਂ ਨੂੰ ਮਾਲਕੀ ਹੱਕ ਦੇਵੇ, ਲੋੜਵੰਦਾਂ ਨੂੰ ਰਿਹਾਇਸ਼ੀ ਪਲਾਟ ਦਿੱਤੇ ਜਾਣ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਮਕਾਨ ਉਸਾਰੀ ਲਈ ਗ੍ਰਾਂਟ ਮਿਲੇ, ਆਲ ਇੰਡੀਆ ਲੇਬਰ ਕਾਨਫਰੰਸ 1956 ਮੁਤਾਬਕ ਮਜ਼ਦੂਰਾਂ ਲਈ ਹਰ ਖੇਤਰ ਵਿੱਚ ਦਿਹਾੜੀ 1000 ਰੁਪਏ ਹੋਵੇ, ਮਜ਼ਦੂਰਾਂ ਸਿਰ ਮਾਈਕਰੋਫਾਈਨਾਂਸ ਕੰਪਨੀਆ ਸਮੇਤ ਸਮੁੱਚੇ ਸਹਿਕਾਰੀ, ਸਰਕਾਰੀ ਤੇ ਗੈਰ-ਸਰਕਾਰੀ ਕਰਜ਼ੇ ਮੁਆਫ ਹੋਣ, ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਕੇ ਰਸੋਈ ’ਚ ਵਰਤੋਂ ਵਿੱਚ ਆਉਣ ਵਾਲੀਆਂ ਸਾਰੀਆਂ ਵਸਤਾਂ ਕੰਟਰੋਲ ਰੇਟ ’ਤੇ ਦਿੱਤੀਆਂ ਜਾਣ ਅਤੇ ਸੰਘਰਸ਼ਾਂ ਦੌਰਾਨ ਮਜ਼ਦੂਰ ਆਗੂਆਂ ਤੇ ਕਾਰਕੁਨਾਂ ਖ਼ਿਲਾਫ਼ ਦਰਜ ਕੀਤੇ ਕੇਸ ਰੱਦ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਤਹਿਸੀਲ ਆਗੂ ਧਰਮਿੰਦਰ ਸਿੰਘ, ਮੰਗਤ ਰਾਮ, ਬੌਧ ਰਾਜ, ਕਸ਼ਮੀਰ ਸਿੰਘ, ਅਮਨਦੀਪ ਸਿੰਘ ਨੇ ਸੰਬੋਧਨ ਕੀਤਾ।