ਯੂਥ ਕਾਂਗਰਸ ਵੱਲੋਂ ਕਿਰਨ ਖੇਰ ਦੀ ਗੁੰਮਸ਼ੁਦਗੀ ਦੇ ਪੋਸਟਰਾਂ ਨਾਲ ਪ੍ਰਦਰਸ਼ਨ
ਮੁਕੇਸ਼ ਕੁਮਾਰ
ਚੰਡੀਗੜ੍ਹ, 14 ਜੁਲਾਈ
ਚੰਡੀਗੜ੍ਹ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਮਨੋਜ ਲੁਬਾਣਾ ਨੇ ਹੜ੍ਹ ਪ੍ਰਭਾਵਿਤ ਸ਼ਹਿਰ ਚੰਡੀਗੜ੍ਹ ਵਿੱਚ ਸਥਾਨਕ ਸੰਸਦ ਮੈਂਬਰ ਕਿਰਨ ਖੇਰ ਦੀ ਗ਼ੈਰਹਾਜ਼ਰੀ ’ਤੇ ਸਵਾਲ ਚੁੱਕਦਿਆਂ ਰੋਸ ਪ੍ਰਦਰਸ਼ਨ ਕੀਤਾ। ਯੂਥ ਕਾਂਗਰਸ ਦੇ ਵਰਕਰਾਂ ਨੇ ‘ਲਾਪਤਾ ਸੰਸਦ ਮੈਂਬਰ ਕਿਰਨ ਖੇਰ’ ਦੇ ਪੋਸਟਰ ਲੈਕੇ ਇੱਥੇ ਸੈਕਟਰ 16 ਸਥਿਤ ਕ੍ਰਿਕਟ ਸਟੇਡੀਅਮ ਨੇੜੇ ਰੋਸ ਪ੍ਰਦਰਸ਼ਨ ਕੀਤਾ।
ਯੂਥ ਕਾਂਗਰਸ ਦੇ ਪ੍ਰਧਾਨ ਮਨੋਜ ਲੁਬਾਣਾ ਨੇ ਕਿਹਾ ਕਿ ਭਾਰੀ ਭਾਰੀ ਮੀਂਹ ਕਾਰਨ ਪਾਣੀ ਦੀ ਮਾਰ ਹੇਠ ਆਏ ਚੰਡੀਗੜ੍ਹ ਸ਼ਹਿਰ ਦੇ ਵੱਡੀ ਗਿਣਤੀ ਇਲਾਕਿਆਂ ’ਚ ਪਾਣੀ ਭਰ ਗਿਆ। ਜ਼ਿਆਦਾਤਰ ਇਲਾਕਿਆਂ ਵਿੱਚ ਬਿਜਲੀ ਕੱਟਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਠੱਪ ਹੋਣ ਕਾਰਨ ਸਥਿਤੀ ਹੋਰ ਵਿਗੜ ਗਈ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਦੌਰਾਨ ਸ਼ਹਿਰ ਦੀ ਸੰਸਦ ਮੈਂਬਰ ਕਿਰਨ ਖੇਰ ਕਿਤੇ ਵੀ ਨਜ਼ਰ ਨਹੀਂ ਆਏ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਇੱਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਇਸ ਔਖੀ ਘੜੀ ਦੌਰਾਨ ਲਾਪਤਾ ਰਹਿਣ ਅਤੇ ਉਦਘਾਟਨ ਸਮਾਗਮਾਂ ਵਿੱਚ ਪੁੱਜਣ ਵਾਲੀ ਸਥਾਨਕ ਸੰਸਦ ਮੈਂਬਰ ਕਿਰਨ ਖੇਰ ਖ਼ਿਲਾਫ਼ ਚੰਡੀਗੜ੍ਹ ਯੂਥ ਕਾਂਗਰਸ ਦੇ ਵਰਕਰਾਂ ਨੇ ਰੋਸ ਜਤਾਇਆ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਨੇ ਸ਼ਹਿਰ ਵਾਸੀਆਂ ਨੂੰ ਉਨ੍ਹਾਂ ਦੇ ਹਾਲ ’ਤੇ ਛੱਡ ਦਿੱਤਾ। ਉਨ੍ਹਾਂ ਕਿਹਾ ਕਿ ਹੜ੍ਹ ਕਾਰਨ ਕਈਂ ਲੋਕ ਆਪਣਾ ਸਭ ਕੁਝ ਗੁਆ ਚੁੱਕੇ ਹਨ ਅਤੇ ਜੇਕਰ ਪ੍ਰਸ਼ਾਸਨ ਨੇ ਜਲਦੀ ਪਾਣੀ ਨਾ ਕੱਢਿਆ ਤਾਂ ਉਨ੍ਹਾਂ ਦੇ ਘਰ ਢਹਿਣ ਵਾਲੇ ਹਨ। ਉਨ੍ਹਾਂ ਕਿਹਾ ਕਿ ਇਸ ਔਖੇ ਸਮੇਂ ਵਿੱਚ ਜਦੋਂ ਲੋਕਾਂ ਨੂੰ ਆਪਣੇ ਸੰਸਦ ਮੈਂਬਰ ਦੇ ਸਮਰਥਨ ਦੀ ਲੋੜ ਹੈ ਪਰ ਉਹ ਲਾਪਤਾ ਹਨ। ਉਨ੍ਹਾਂ ਕਿਹਾ ਕਿ ਕਰਮ ਸ਼ਬਦਾਂ ਨਾਲੋਂ ਉੱਚੀ ਬੋਲਦੇ ਹਨ ਅਤੇ ਉਨ੍ਹਾਂ ਦੀਆਂ ਕਾਰਜਸ਼ੈਲੀ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਨੂੰ ਚੰਡੀਗੜ੍ਹ ਦੀ ਦੁਰਦਸ਼ਾ ਅਤੇ ਇੱਥੋਂ ਦੇ ਲੋਕਾਂ ਦੀ ਕੋਈ ਪਰਵਾਹ ਨਹੀਂ ਹੈ। ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ ਨੇ ਕਿਹਾ ਕਿ ਸ਼ਹਿਰ ਦੀ ਸੰਸਦ ਮੈਂਬਰ ਕਿਰਨ ਖੇਰ ਹਮੇਸ਼ਾ ਉਸ ਸਮੇਂ ਲਾਪਤਾ ਰਹਿੰਦੀ ਹੈ ਜਦੋਂ ਚੰਡੀਗੜ੍ਹ ਦੇ ਲੋਕਾਂ ਨੂੰ ਉਨ੍ਹਾਂ ਦੀ ਲੋੜ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਉਹ ਸਿਰਫ਼ ਵੋਟਾਂ ਮੰਗਣ ਆਉਂਦੀ ਹੈ ਅਤੇ ਜਨਤਾ ਪ੍ਰਤੀ ਉਸ ਦੀ ਕੋਈ ਜ਼ਿੰਮੇਵਾਰੀ ਨਹੀਂ ਹੁੰਦੀ। ਇਸ ਮੌਕੇ ਯੂਥ ਕਾਂਗਰਸ ਦੇ ਰਾਜੀਵ ਮੌਦਗਿਲ, ਯਾਦਵਿੰਦਰ ਮਹਿਤਾ, ਸਾਹਿਲ ਦੂਬੇ, ਅਸ਼ੀਸ਼ ਪਾਲ, ਹਰਮਨ ਜੱਸੜ, ਮਨਜ਼ੂਰ ਖਾਨ, ਹਰਕੀਰਤ ਸਿੰਘ, ਅੰਸ਼ ਉਪਾਧਿਆਏ, ਮਨੀਸ਼ ਰਾਏ ਅਤੇ ਪ੍ਰਤੀਕ ਬਡਵਾਲ ਹਾਜ਼ਰ ਸਨ।