ਬ੍ਰਿਜ ਭੂਸ਼ਣ ਦੀ ਗ੍ਰਿਫ਼ਤਾਰੀ ਲਈ ਪ੍ਰਦਰਸ਼ਨ
ਸ਼ਗਨ ਕਟਾਰੀਆ
ਬਠਿੰਡਾ/ਜੈਤੋ, 5 ਜੂਨ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਅੱਜ ਬਠਿੰਡਾ ਜ਼ਿਲ੍ਹੇ ਦੇ ਮੌੜ ਮੰਡੀ, ਤਲਵੰਡੀ ਸਾਬੋ, ਸੰਗਤ, ਗੋਨਿਆਣਾ, ਭਗਤਾ, ਨਥਾਣਾ ਅਤੇ ਰਾਮਪੁਰਾ ਸ਼ਹਿਰਾਂ ਤੋਂ ਇਲਾਵਾ ਜੈਤੋ ਸ਼ਹਿਰ ਅੰਦਰ ਰੋਸ ਮੁਜ਼ਾਹਰੇ ਕਰਕੇ ਕੁਸ਼ਤੀ ਫ਼ੈਡਰੇਸ਼ਨ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਪੁਤਲੇ ਫੂਕ ਕੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਆਵਾਜ਼ ਬੁਲੰਦ ਕੀਤੀ। ਪ੍ਰਦਰਸ਼ਨਾਂ ਦੌਰਾਨ ਬਠਿੰਡਾ ਜ਼ਿਲ੍ਹੇ ‘ਚ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਬਸੰਤ ਸਿੰਘ ਕੋਠਾ ਗੁਰੂ, ਮਹਿਲਾ ਆਗੂ ਹਰਿੰਦਰ ਬਿੰਦੂ, ਮਾਲਣ ਕੌਰ, ਜੈਤੋ ‘ਚ ਜ਼ਿਲ੍ਹਾ ਫ਼ਰੀਦਕੋਟ ਦੇ ਆਗੂ ਤਾਰਾ ਸਿੰਘ ਰੋੜੀਕਪੂਰਾ, ਹਰਪ੍ਰੀਤ ਸਿੰਘ ਦਲ ਸਿੰਘ ਵਾਲਾ ਤੇ ਸ਼ਿੰਦਾ ਸਿੰਘ ਦਲ ਸਿੰਘ ਵਾਲਾ ਨੇ ਦੋਸ਼ ਲਾਏ ਕਿ ਇਨਸਾਫ਼ ਲੈਣ ਲਈ ਦਿੱਲੀ ਦੇ ਜੰਤਰ-ਮੰਤਰ ‘ਤੇ ਬੈਠ ਕੇ ਰੋਸ ਪ੍ਰਦਰਸ਼ਨ ਕਰ ਰਹੀਆਂ ਪਹਿਲਵਾਨ ਕੁੜੀਆਂ ਨੂੰ ਇਨਸਾਫ਼ ਦੇਣ ਦੀ ਬਜਾਏ ਉਨ੍ਹਾਂ ‘ਤੇ ਹੀ ਪੁਲੀਸ ਵੱਲੋਂ ਕੇਸ ਮੜ੍ਹ ਦਿੱਤੇ ਗਏ ਅਤੇ ਪੁਲੀਸ ਵੱਲੋਂ ਜਬਰ ਢਾਹਿਆ ਗਿਆ। ਬੁਲਾਰਿਆਂ ਨੇ ਕਿਹਾ ਕਿ ਖਿਡਾਰਨਾਂ ਨੂੰ ਇਨਸਾਫ਼ ਦਿਵਾਉਣ ਤੱਕ ਉਨ੍ਹਾਂ ਦੀ ਡਟਵੀਂ ਹਮਾਇਤ ਕੀਤੀ ਜਾਵੇਗੀ। ਬੁਲਾਰਿਆਂ ਨੇ ਮੰਗ ਕੀਤੀ ਹੈ ਕਿ ਪਹਿਲਵਾਨ ਖਿਡਾਰਨਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਹੇਠ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਖਿਡਾਰਨਾਂ ਦੇ ਸ਼ਾਂਤਮਈ ਰੋਸ ਪ੍ਰਦਰਸ਼ਨ ਨੂੰ ਖਿੰਡਾਉਣ ਲਈ ਉਨ੍ਹਾਂ ਉੱਪਰ ਅਣਮਨੁੱਖੀ ਤਸ਼ੱਦਦ ਢਾਹੁਣ ਦੇ ਦੋਸ਼ੀ ਪੁਲੀਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਮਾਨਸਾ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਵੱਲੋਂ ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਰੋਸ ਮੁਜ਼ਾਹਰਾ ਕਰਕੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਦਾ ਪੁਤਲਾ ਸਾੜਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਦੇ ਇਕੱਠ ਨੂੰ ਜਥੇਬੰਦੀ ਦੇ ਬਲਾਕ ਮਾਨਸਾ ਦੇ ਪ੍ਰਧਾਨ ਜਗਸੀਰ ਸਿੰਘ ਨੇ ਸੰਬੋਧਨ ਕੀਤਾ।
ਮਹਿਲ ਕਲਾਂ (ਪੱਤਰ ਪ੍ਰੇਰਕ): ਮਹਿਲਾ ਪਹਿਲਵਾਨਾਂ ਦੇ ਸੰਘਰਸ਼ ਦੀ ਹਮਾਇਤ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਵੱਲੋਂ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੀਆਂ ਅਰਥੀਆਂ ਫੂਕੀਆਂ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ਨੇ ਦੱਸਿਆ ਕਿ ਬਲਾਕ ਦੇ ਦਰਜ਼ਨ ਤੋਂ ਜਿਆਦਾ ਪਿੰਡਾਂ ਵਿੱਚ ਅਰਥੀਆਂ ਫੂਕੀਆਂ ਗਈਆਂ ਹਨ।
ਸਿਰਸਾ (ਨਿੱਜੀ ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਿਸਾਨ ਜਥੇਬੰਦੀਆਂ ਨੇ ਪਿੰਡ-ਪਿੰਡ ਕੁਸ਼ਤੀ ਸੰਘ ਦੇ ਮੁਖੀ ਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਦੇ ਪੁਤਲੇ ਫੂਕੇ ਗਏ। ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਪਿੰਡ ਕਰੀਵਾਲਾ ‘ਚ ਕੁਸ਼ਤੀ ਸੰਘ ਦੇ ਮੁਖੀ ਤੇ ਭਾਜਪਾ ਸੰਸਦ ਮੈਂਬਰ ਸ਼ਰਨ ਦਾ ਪੁਤਲਾ ਫੂਕਣ ਤੋਂ ਪਹਿਲਾਂ ਇਕੱਠੇ ਹੋਏ ਪਿੰਡ ਦੇ ਲੋਕਾਂ ਨੂੰ ਸੰਬੋਧਨ ਕਿਸਾਨ ਸਭਾ ਦੇ ਆਗੂ ਸਵਰਨ ਸਿੰਘ ਵਿਰਕ ਨੇ ਕੀਤਾ।
ਲੰਬੀ (ਪੱਤਰ ਪ੍ਰੇਰਕ): ਲੰਬੀ ਵਿਖੇ ਅਰਥੀ ਫੂਕੀ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਭਾਕਿਯੂ (ਏਕਤਾ) ਉਗਰਾਹਾਂ ਦੇ ਬਲਾਕ ਪ੍ਰਧਾਨ ਗੁਰਪਾਸ਼ ਸਿੰਘੇਵਾਲਾ ਨੇ ਸੰਬੋਧਨ ਕੀਤਾ।
ਪੈਨਸ਼ਨਰਾਂ ਵੱਲੋਂ ਪਹਿਲਵਾਨਾਂ ਦੀ ਹਮਾਇਤ
ਬਰਨਾਲਾ (ਖੇਤਰੀ ਪ੍ਰਤੀਨਿਧ): ਪਾਵਰਕੌਮ ਅਤੇ ਟਰਾਂਸਕੋ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੱਦੇ ‘ਤੇ ਆਗੂ ਸ਼ਿੰਦਰ ਸਿੰਘ ਧੌਲਾ ਦੀ ਅਗਵਾਈ ਹੇਠ ਬਰਨਾਲਾ ਸ਼ਹਿਰੀ ਅਤੇ ਦਿਹਾਤੀ ਮੰਡਲ ਦੇ ਪੈਨਸ਼ਨਰਜ਼ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦਾ ਪੁਤਲਾ ਫੂਕਿਆ। ਇੱਥੇ ਧਨੌਲਾ ਰੋਡ ‘ਤੇ ਸਥਿਤ ਐਕਸੀਅਨ ਦਤਰ ਕੰਪਲੈਕਸ ਵਿਖੇ ਹੋਈ ਭਰਵੀਂ ਰੈਲੀ ਨੂੰ ਸੰਬੋਧਨ ਕਰਦਿਆਂ ਆਗੂਆਂ ਗੁਰਚਰਨ ਸਿੰਘ, ਹਰਨੇਕ ਸਿੰਘ ਸੰਘੇੜਾ, ਨਰਾਇਣ ਦੱਤ ਨੇ ਪਾਵਰਕੌਮ ਦੀ ਮੈਨੇਜਮੈਂਟ ਨਾਲ ਮੰਗਾਂ ਸਬੰਧੀ ਚੱਲ ਰਹੇ ਸੰਘਰਸ਼ ਅਤੇ ਪਹਿਲਵਾਨ ਖਿਡਾਰਨਾਂ ਦੇ ਸਰੀਰਕ ਸ਼ੋਸ਼ਣ ਖਿਲਾਫ਼ ਚੱਲ ਰਹੇ ਸੰਘਰਸ਼ ਦੀ ਜਾਣਕਾਰੀ ਵਿਸਥਾਰ ਸਹਿਤ ਦਿੱਤੀ।