ਮਾਲਵਿੰਦਰ ਸਿੰਘ ਮਾਲੀ ਦੀ ਰਿਹਾਈ ਲਈ ਪ੍ਰਦਰਸ਼ਨ
ਗੁਰਦੀਪ ਸਿੰਘ ਲਾਲੀ
ਸੰਗਰੂਰ, 28 ਅਕਤੂਬਰ
ਇੱਥੇ ਵੱਖ-ਵੱਖ ਕਿਸਾਨ, ਮਜ਼ਦੂਰ, ਬੁੱਧੀਜੀਵੀ, ਜਨਤਕ ਜਮਹੂਰੀ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਸਿਆਸੀ ਅਲੋਚਕ ਤੇ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਦੀ ਗ੍ਰਿਫਤਾਰੀ ਖ਼ਿਲਾਫ਼ ਅਤੇ ਬਿਨਾਂ ਸ਼ਰਤ ਰਿਹਾਈ ਲਈ ਸ਼ਹਿਰ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ ਅਤੇ ਡੀਸੀ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਵੱਖ-ਵੱਖ ਜਥੇਬੰਦੀਆਂ ਦੇ ਕਾਰਕੁਨ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿੱਚ ਇਕੱਠੇ ਹੋਏ ਜਿੱਥੋਂ ਰੋਸ ਮਾਰਚ ਕਰਦੇ ਹੋਏ ਡੀਸੀ ਦਫ਼ਤਰ ਅੱਗੇ ਪੁੱਜੇ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਭੁਟਾਲ, ਤਰਕਸ਼ੀਲ ਸੁਸਾਇਟੀ ਦੇ ਮਾਸਟਰ ਪਰਮਦੇਵ, ਆਈ ਡੀਪੀ ਦੇ ਕੌਮੀ ਪ੍ਰਧਾਨ ਕਰਨੈਲ ਸਿੰਘ ਜਖੇਪਲ ਤੇ ਸੂਬਾ ਆਗੂ ਫਲਜੀਤ ਸਿੰਘ, ਸੀਪੀਆਈ ਦੇ ਜ਼ਿਲ੍ਹਾ ਸਕੱਤਰ ਸੁਖਦੇਵ ਸਰਮਾ, ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਆਗੂ ਬਲਬੀਰ ਸਿੰਘ ਜਲੂਰ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਆਗੂ ਮਾਸਟਰ ਗਿਆਨ ਚੰਦ ਨਦਾਮਪੁਰ ਨੇ ਕਿਹਾ ਕਿ ਸਿਆਸੀ ਅਲੋਚਕ ਤੇ ਟਿੱਪਣੀਕਾਰ ਵਜੋਂ ਜਾਣੇ ਜਾਂਦੇ ਮਾਲਵਿੰਦਰ ਸਿੰਘ ਮਾਲੀ ਨੂੰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਝੂਠੇ ਕੇਸ ਵਿੱਚ 16 ਸਤੰਬਰ 2024 ਨੂੰ ਪਟਿਆਲਾ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਉਦੋਂ ਤੋਂ ਹੀ ਉਹ ਕੇਂਦਰੀ ਜੇਲ੍ਹ ਪਟਿਆਲਾ ਵਿੱਚ ਬੰਦ ਹਨ। ਉਨ੍ਹਾਂ ਕਿਹਾ ਕਿ ਮਾਲੀ ਦੀ ਗ੍ਰਿਫ਼ਤਾਰੀ ਸੰਵਿਧਾਨ ਦੇ ਆਰਟੀਕਲ 19 ਦੀ ਉਲੰਘਣਾ ਹੈ ਜੋ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਲਈ ਹੈ। ਆਗੂਆਂ ਨੇ ਭਗਵੰਤ ਮਾਨ ਸਰਕਾਰ ਨੂੰ ਵੀ ਨਰਿੰਦਰ ਮੋਦੀ ਸਰਕਾਰ ਦੇ ਤਾਨਾਸ਼ਾਹ ਕਦਮਾਂ ’ਤੇ ਚੱਲਣ ਵਾਲੀ ਕਰਾਰ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਮਾਲਵਿੰਦਰ ਸਿੰਘ ਖ਼ਿਲਾਫ਼ ਦਰਜ ਝੂਠਾ ਕੇਸ ਰੱਦ ਕਰਕੇ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ। ਰੋਸ ਪ੍ਰਦਰਸ਼ਨ ਵਿੱਚ ਜਸਬੀਰ ਕੌਰ ਉਗਰਾਂਹਾਂ, ਨਿਰਮਲ ਸਿੰਘ ਬਟੜਿਆਣਾ, ਲਛਮਣ ਸਿੰਘ ਅਲੀਸ਼ੇਰ, ਗੁਰਮੇਲ ਸਿੰਘ ਖਾਈ, ਪੱਤਰਕਾਰ ਮੇਜਰ ਸਿੰਘ ਮੱਟਰਾਂ ਸ਼ਾਮਲ ਹੋਏ।
ਮੂੰਹਾਂ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਗਟਾਇਆ
ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ): ਮਾਲਵਿੰਦਰ ਸਿੰਘ ਮਾਲੀ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਨੂੰ ਲੈ ਕੇ ਇਨਸਾਫ਼ ਮੰਚ ਪੰਜਾਬ ਦੇ ਦਰਜਨਾਂ ਵਰਕਰ ਆਪਣੇ ਮੂੰਹਾਂ ’ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਸਥਾਨਕ ਡੀਸੀ ਦਫ਼ਤਰ ਅੱਗੇ ਰੋਸ ਪ੍ਰਗਟਾਉਂਦੇ ਹੋਏ ਨੇੜੇ ਹੀ ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ ਦੇ ਦਫ਼ਤਰ ਅੱਗੇ ਪਿਛਲੇ ਗਿਆਰਾਂ ਦਿਨਾਂ ਤੋਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਧਰਨਾ ਲਾਈ ਬੈਠੇ ਕਿਸਾਨਾਂ ਦੇ ਧਰਨੇ ਵਿੱਚ ਜਾ ਬੈਠੇ। ਇਸ ਦੌਰਾਨ ਕਿਸਾਨ ਆਗੂਆਂ ਨੇ ਵੀ ਮਾਲੀ ਦੀ ਰਿਹਾਈ ਨੂੰ ਲੈ ਕੇ ਇਨਸਾਫ਼ ਮੰਚ ਦੀ ਮੰਗ ਦੀ ਹਮਾਇਤ ਕਰਦਿਆਂ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਨਿਖੇਧੀ ਕੀਤੀ। ਇਸ ਮੌਕੇ ਇਨਸਾਫ਼ ਮੰਚ ਦੇ ਕਨਵੀਨਰ ਡਾਕਟਰ ਮੁਹੰਮਦ ਇਰਸ਼ਾਦ ਨੇ ਕਿਹਾ ਕਿ ਪ੍ਰੈਸ ਅਤੇ ਵਿਚਾਰ ਵਟਾਂਦਰੇ ਦੀ ਆਜ਼ਾਦੀ ਹਰ ਸੱਭਿਅਕ ਸਮਾਜ ਦਾ ਹਮੇਸ਼ਾ ਹਿੱਸਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਨੇ ਕਿਸਾਨ ਮੰਗਾਂ ਦੀ ਵਿਸਥਾਰਤ ਚਰਚਾ ਕਰਦਿਆਂ ਕੇਂਦਰੀ ਅਤੇ ਰਾਜ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੀ ਨਿੰਦਾ ਕੀਤੀ ਅਤੇ ਨਾਲ ਹੀ ਮਾਲਵਿੰਦਰ ਸਿੰਘ ਮਾਲੀ ਤੇ ਦਰਜ ਪੁਲੀਸ ਕੇਸ ਨੂੰ ਰੱਦ ਕਰਨ ਅਤੇ ਰਿਹਾਅ ਕੀਤੇ ਜਾਣ ਦੀ ਵੀ ਮੰਗ ਕੀਤੀ। ਇਸ ਮੌਕੇ ਬੀਕੇਯੂ (ਡਕੌਂਦਾ) ਦੇ ਜ਼ਿਲ੍ਹਾ ਪ੍ਰਧਾਨ ਬੂਟਾ ਖਾਂ ਸੰਘੈਣ, ਇਨਸਾਫ਼ ਮੰਚ ਦੇ ਅਬਦੁਲ ਸਕੱਤਰੇਤ ਕਰਮ ਦੀਨ ਮਲਿਕ ,ਕਿਸਾਨ ਆਗੂ ਨਿਰਮਲ ਸਿੰਘ ਅਲੀਪੁਰ, ਚਰਨਜੀਤ ਸਿੰਘ ਹਥਨ , ਮਜ਼ਦੂਰ ਆਗੂ ਮੇਜਰ ਸਿੰਘ ਹਥਨ ਨੇ ਵੀ ਸੰਬੋਧਨ ਕੀਤਾ।