ਆਂਗਣਵਾੜੀ ਮੁਲਾਜ਼ਮਾਂ ਵੱਲੋਂ ਮੰਗਾਂ ਦੇ ਹੱਕ ’ਚ ਮੁਜ਼ਾਹਰਾ
ਸਤਵਿੰਦਰ ਬਸਰਾ
ਲੁਧਿਆਣਾ, 26 ਸਤੰਬਰ
ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਅੱਜ ਹੋਈ ਜ਼ਿਲ੍ਹਾ ਪੱਧਰੀ ਰੈਲੀ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਭਾਸ਼ ਰਾਣੀ ਨੇ ਬਿਨਾਂ ਮੋਬਾਈਲ ਦਿੱਤਿਆਂ ਪੋਸ਼ਣ ਟਰੈਕ ਸਬੰਧੀ ਲਏ ਜਾ ਰਹੇ ਕੰਮ ਦੀ ਨਿਖੇਧੀ ਕੀਤੀ। ਇਸ ਮੀਟਿੰਗ-ਕਮ-ਰੈਲੀ ਵਿੱਚ ਜ਼ਿਲ੍ਹੇ ਦੇ 15 ਬਲਾਕਾਂ ਦੇ ਚੁਣੇ ਮੈਂਬਰਾਂ ਨੇ ਸ਼ਿਰਕਤ ਕੀਤੀ। ਇਨ੍ਹਾਂ ਮੁਲਾਜ਼ਮਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਭਾਸ਼ ਰਾਣੀ, ਜਨਰਲ ਸਕੱਤਰ ਭਿੰਦਰ ਕੌਰ ਗੋਸਲ ਤੇ ਵਿੱਤ ਸਕੱਤਰ ਸਰਜੀਤ ਕੌਰ ਨੇ ਮੁੱਖ ਮੁੱਦਿਆਂ ’ਤੇ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਵਿੱਚ ਸਰਕਾਰ ਆਈ ਹੈ, ਉਸ ਦਿਨ ਤੋਂ ਮੁਲਾਜ਼ਮਾਂ ਨੂੰ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਆਂਗਣਵਾੜੀ ਵਰਕਰਾਂ/ਹੈਲਪਰਾਂ ਦੀ ਤਨਖਾਹ ਦੁੱਗਣੀ ਕੀਤੀ ਜਾਵੇਗੀ, ਪ੍ਰੀ ਪ੍ਰਾਇਮਰੀ ਜਮਾਤਾਂ ਆਂਗਣਵਾੜੀ ਕੇਂਦਰਾਂ ਵਿੱਚ ਚਲਾਈਆਂ ਜਾਣਗੀਆਂ ਪਰ ਸਰਕਾਰ ਬਣਦਿਆਂ ਹੀ ਸਭ ਕੁੱਝ ਭੁਲਾ ਦਿੱਤਾ ਗਿਆ। ਆਂਗਣਵਾੜੀ ਮੁਲਾਜ਼ਮਾਂ ਦੀ ਤਨਖਾਹ ਤਾਂ ਦੁੱਗਣੀ ਨਹੀਂ ਹੋਈ ਪਰ ਕੰਮ ਦਾ ਬੋਝ ਜ਼ਰੂਰ ਹੋਰ ਵਧ ਗਿਆ ਹੈ। ਕੇਂਦਰ ਸਰਕਾਰ ਵੱਲੋਂ ਵਰਕਰ ਨੂੰ 2700 ਰੁਪਏ ਅਤੇ ਹੈਲਪਰ ਨੂੰ 1350 ਰੁਪਏ ਮਾਣਭੱਤੇ ਦੇ ਰੂਪ ਵਿੱਚ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇੰਨੀ ਮਹਿੰਗਾਈ ਅਤੇ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਵੀ ਸਰਕਾਰ ਨੇ ਆਈਸੀਡੀਐਸ ਦੇ ਬਜਟ ਵਿੱਚ ਇੱਕ ਰੁਪਏ ਦਾ ਵਾਧਾ ਨਹੀਂ ਕੀਤਾ ਗਿਆ ਜੋ ਸਰਕਾਰ ਦੀ ਨੀਅਤ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਤਿੱਖੀ ਰੂਪ ਰੇਖਾ ਬਣਾ ਕੇ ਕੇਂਦਰ ਸਰਕਾਰ ਦੇ ਖਿਲਾਫ ਵੱਡਾ ਸੰਘਰਸ਼ ਵਿੱਢਿਆ ਜਾਵੇਗਾ ਅਤੇ ਇਸ ਸੰਘਰਸ਼ ਦੀ ਤਿਆਰੀ 2 ਅਕਤੂਬਰ ਦੇ ਦਿੱਲੀ ਵਿੱਚ ਹੋਣ ਜਾ ਰਹੇ ਆਈਸੀਡੀਐੱਸ ਸਬੰਧੀ ਸੈਮੀਨਾਰ ਵਿੱਚ ਕੀਤੀ ਜਾਵੇਗੀ। ਇਸ ਸੈਮੀਨਾਰ ਵਿੱਚ ਪੰਜਾਬ ਤੋਂ ਵੀ ਚੁਣੇ ਹੋਏ ਨੁਮਾਇੰਦੇ ਹਿੱਸਾ ਲੈਣਗੇ। ਅਗਲੇ ਪ੍ਰੋਗਰਾਮ ਦੀ ਰੂਪ ਰੇਖਾ ਉਲੀਕਣ ਦੀ ਤਿਆਰੀ ਦੀ ਸ਼ੁਰੂਆਤ ਲੁਧਿਆਣਾ ਦੀ ਅੱਜ ਦੀ ਰੈਲੀ ਤੋਂ ਕੀਤੀ ਗਈ ਹੈ। ਇਸ ਰੈਲੀ ਵਿੱਚ ਹੋਰਨਾਂ ਤੋਂ ਇਲਾਵਾ ਆਸ਼ਾ ਰਾਣੀ, ਸੁਨੀਤਾ ਰਾਣੀ, ਚਰਨਜੀਤ ਕੌਰ, ਦਲਜੀਤ ਕੌਰ, ਪਰਮਜੀਤ ਕੌਰ, ਰਜਨੀ ਬਾਲਾ, ਸਰਬਜੀਤ ਕੌਰ, ਬਲਵਿੰਦਰ ਕੌਰ, ਮਨਪ੍ਰੀਤ ਕੌਰ, ਜੋਗਿੰਦਰ ਰਾਮ, ਰਾਮ ਲਾਲ ਤੇ ਸੁਖਵਿੰਦਰ ਸਿੰਘ ਲੋਟੇ ਆਦਿ ਨੇ ਵੀ ਸੰਬੋਧਨ ਕੀਤਾ।