ਇਨਕਲਾਬੀ ਜਥੇਬੰਦੀਆਂ ਵੱਲੋਂ ਫ਼ਲਸਤੀਨੀ ਲੋਕਾਂ ਦੇ ਹੱਕ ਵਿੱਚ ਮੁਜ਼ਾਹਰਾ
ਪਾਲ ਸਿੰਘ ਨੌਲੀ
ਜਲੰਧਰ, 22 ਅਕਤੂਬਰ
ਇੱਥੇ ਅੱਜ ਇਨਕਲਾਬੀ ਧਿਰਾਂ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਨਿਵਾਦੀ) ਨਿਊ ਡੈਮੋਕਰੇਸੀ ਅਤੇ ਇਨਕਲਾਬੀ ਕੇਂਦਰ ਪੰਜਾਬ ਵੱਲੋਂ ਸਾਂਝੇ ਤੌਰ ’ਤੇ ਫ਼ਲਸਤੀਨੀ ਲੋਕਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਅਤੇ ਇਜ਼ਰਾਈਲ ਵੱਲੋਂ ਕੀਤੀ ਜਾ ਰਹੀ ਬੰਬਾਰੀ ਖ਼ਿਲਾਫ਼ ਮਾਝਾ-ਦੋਆਬਾ ਜ਼ੋਨ ਪੱਧਰੀ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਤੋਂ ਪਹਿਲਾਂ ਸੈਂਕੜੇ ਲੋਕਾਂ ਨੇ ਦੇਸ਼ ਭਗਤ ਯਾਦਗਾਰ ਹਾਲ ਵਿੱਚ ਇਕੱਠੇ ਹੋ ਕੇ ਰੈਲੀ ਕੀਤੀ।
ਇਸ ਮੌਕੇ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਨਿਵਾਦੀ) ਨਿਊ ਡੈਮੋਕਰੇਸੀ ਦੇ ਸੂਬਾਈ ਆਗੂ ਕਾਮਰੇਡ ਅਜਮੇਰ ਸਿੰਘ ਅਤੇ ਇਨਕਲਾਬੀ ਕੇਂਦਰ ਪੰਜਾਬ ਦੇ ਆਗੂ ਕਾਮਰੇਡ ਕੰਵਲਜੀਤ ਖੰਨਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਪਣੇ ਦੇਸ਼ ਫ਼ਲਸਤੀਨ ਦੀ ਪ੍ਰਭੂਸੱਤਾ ਲਈ ਲੜ ਰਹੇ ਲੋਕਾਂ ਨਾਲ ਖੜ੍ਹਨ, ਉਨ੍ਹਾਂ ਦੇ ਹੱਕ ਵਿੱਚ ਜ਼ੋਰਦਾਰ ਆਵਾਜ਼ ਉਠਾਉਣ ਅਤੇ ਇਜ਼ਰਾਈਲੀ ਬੰਬਾਰੀ ਖ਼ਿਲਾਫ਼ ਵਿਸ਼ਾਲ ਲਾਮਬੰਦੀ ਕਰਨ ਦੀ ਅੱਜ ਜ਼ਰੂਰਤ ਹੈ। ਉਨ੍ਹਾਂ ਸੰਯੁਕਤ ਰਾਸ਼ਟਰ ਵਿੱਚ ਪਾਸ ਮਤਾ ਲਾਗੂ ਕਰਨ ਦੀ ਮੰਗ ਕੀਤੀ ਅਤੇ ਕਿਹਾ ਕਿ ਇਜ਼ਰਾਈਲ ਨੂੰ ਤੁਰੰਤ ਬੰਬਾਰੀ ਰੋਕੇ। ਇਸ ਮੌਕੇ ਕਾਮਰੇਡ ਸੁਰਿੰਦਰ ਅਤੇ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਵੀ ਸੰਬੋਧਨ ਕੀਤਾ।