ਵਿੱਤ ਮੰਤਰੀ ਦੀ ਕੋਠੀ ਅੱਗੇ ਪ੍ਰਦਰਸ਼ਨ 9 ਨੂੰ
ਪੱਤਰ ਪ੍ਰੇਰਕ
ਕੁਰਾਲੀ, 6 ਅਕਤੂਬਰ
ਪੰਜਾਬ ਏਡਿਡ ਸਕੂਲ ਟੀਚਰਜ਼ ਐਂਡ ਅਦਰ ਐਂਪਲਾਈਜ਼ ਯੂਨੀਅਨ ਵੱਲੋਂ ਵਿੱਤ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਧਰਨਾ ਤੇ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਯੂਨੀਅਨ ਦੀ ਸੂਬਾ ਇਕਾਈ ਦੀ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਕੀਤਾ ਗਿਆ। ਇਸ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਮੰਗਾਂ ਨੂੰ ਲੈ ਕੇ ਯੂਨੀਅਨ ਵੱਲੋਂ 9 ਅਕਤੂਬਰ ਨੂੰ ਸੰਗਰੂਰ ਵਿੱਚ ਵਿੱਤ ਮੰਤਰੀ ਦੀ ਕੋਠੀ ਅੱਗੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ।
ਗੁਰਮੀਤ ਸਿੰਘ ਅਤੇ ਸ਼ਰਨਜੀਤ ਸਿੰਘ ਕਾਦੀਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਏਡਿਡ (ਸਰਕਾਰੀ ਸਹਾਇਤਾ ਪ੍ਰਾਪਤ) ਸਕੂਲਾਂ ਪ੍ਰਤੀ ਲਾਰੇ ਲੱਪੇ ਵਾਲੇ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਸਰਕਾਰ ਵਲੋਂ ਏਡਿਡ ਸਕੂਲਾਂ ਦੇ ਸਟਾਫ਼ ਤੇ ਪੈਨਸ਼ਨਰਾਂ ਲਈ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਹੋ ਨਹੀਂ ਸਗੋਂ ਸਕੂਲਾਂ ਦੇ ਸੀਐਂਡਵੀ ਕੇਡਰ ਦੇ ਅਧਿਆਪਕਾਂ ਦੀ ਤਨਖਾਹ ਅੱਠ ਮਹੀਨਿਆਂ ਤੋਂ ਰੁਕੀ ਹੈ ਜਿਸ ਕਾਰਨ ਇਸ ਕੇਡਰ ਦੇ ਅਧਿਆਪਕਾਂ ਨੂੰ ਆਰਥਿਕ ਮੰਦਹਾਲੀ ਝੱਲਣੀ ਪੈ ਰਹੀ ਹੈ। ਤਨਖਾਹ ਦੀ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਕਈ ਵਾਰ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਪਰ ਉਨ੍ਹਾਂ ਨੇ ਮਸਲਿਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ।