ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਥਾਣੇ ਅੱਗੇ ਪ੍ਰਦਰਸ਼ਨ
ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 11 ਨਵੰਬਰ
ਮਾਛੀਵਾੜਾ ਪੁਲੀਸ ਥਾਣਾ ਅੱਗੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਗਨੀ ਖਾਂ ਨਬੀ ਖਾਂ ਸਾਹਿਬ ਦੇ ਵਿਵਾਦ ਨੂੰ ਸੁਲਝਾਉਣ ਲਈ ਪ੍ਰਬੰਧਕ ਕਮੇਟੀ ਅਤੇ ਗੁਰੂ ਘਰ ਨਾਲ ਜੁੜੀ ਸੰਗਤ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।
ਅੱਜ ਸਵੇਰੇ ਸ਼ੁਰੂ ਹੋਇਆ ਰੋਸ ਪ੍ਰਦਰਸ਼ਨ ਦੇਰ ਸ਼ਾਮ ਤੱਕ ਜਾਰੀ ਰਿਹਾ ਅਤੇ ਉਨ੍ਹਾਂ ਵਲੋਂ ਮੰਗ ਕੀਤੀ ਜਾ ਰਹੀ ਸੀ ਕਿ ਇਤਿਹਾਸਕ ਗੁਰਦੁਆਰਾ ਸ੍ਰੀ ਗਨੀ ਖਾਂ ਨਬੀ ਖਾਂ ਸਾਹਿਬ ਦਾ ਸਾਰਾ ਪ੍ਰਬੰਧ ਕਾਰ ਸੇਵਾ ਵਾਲੇ ਬਾਬਿਆਂ ਦੇ ਸਪੁਰਦ ਕੀਤਾ ਜਾਵੇ। ਇਸ ਮੌਕੇ ਪੁੱਜੇ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਤੇ ਡੀਐੱਸਪੀ ਤਰਲੋਚਨ ਸਿੰਘ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਜਲਦ ਹੀ ਇਸ ਵਿਵਾਦ ਨੂੰ ਸੁਲਝਾ ਦਿੱਤਾ ਜਾਵੇਗਾ। ਇਸ ਮੌਕੇ ਵਿਧਾਇਕ ਦਿਆਲਪੁਰਾ ਨੇ ਕਿਹਾ ਕਿ ਪੁਲੀਸ ਪ੍ਰਸ਼ਾਸਨ ਮੌਕੇ ’ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲਵੇ ਅਤੇ ਜੋ ਵੀ ਸੰਗਤ ਚਾਹੁੰਦੀ ਹੈ ਉਸ ਨੂੰ ਗੁਰੂ ਘਰ ਦਾ ਪ੍ਰਬੰਧ ਸੌਂਪ ਦਿੱਤਾ ਜਾਵੇ।
ਡੀਐੱਸਪੀ ਤਰਲੋਚਨ ਸਿੰਘ ਨੇ ਲੋਕਾਂ ਨੂੰ ਕਿਹਾ ਕਿ ਉਹ ਪੰਜ ਦਿਨ ਦਾ ਸਮਾਂ ਦੇਣ, ਇਸ ਗੁਰੂ ਘਰ ਨਾਲ ਜੁੜੇ ਵਿਵਾਦ ਨੂੰ ਪੂਰੀ ਤਰ੍ਹਾਂ ਸੁਲਝਾ ਦਿੱਤਾ ਜਾਵੇਗਾ ਪਰ ਧਰਨੇ ’ਤੇ ਬੈਠੀ ਸੰਗਤ ਇਸ ਗੱਲ ’ਤੇ ਬਜ਼ਿੱਦ ਰਹੇ ਕਿ ਉਨ੍ਹਾਂ ਦਾ ਮਸਲਾ ਤੁਰੰਤ ਸੁਲਝਾਇਆ ਜਾਵੇ।
ਡੀਐੱਸਪੀ ਤਰਲੋਚਨ ਸਿੰਘ ਨੇ ਕਿਹਾ ਕਿ ਇਹ ਧਰਮ ਨਾਲ ਜੁੜਿਆ ਗੰਭੀਰ ਮਸਲਾ ਹੈ ਜਿਸ ਨੂੰ ਸ਼ਾਂਤਮਈ ਢੰਗ ਨਾਲ ਪੁਲੀਸ ਪ੍ਰਸ਼ਾਸਨ ਵੱਲੋਂ ਸੁਲਝਾਉਣ ਦੇ ਯਤਨ ਕੀਤੇ ਜਾ ਰਹੇ ਹਨ।