ਲਾਠੀਚਾਰਜ ਤੋਂ ਖ਼ਫ਼ਾ ਕਿਸਾਨ ਜਥੇਬੰਦੀਆਂ ਵੱਲੋਂ ਹਰਿਆਣਾ ’ਚ ਪ੍ਰਦਰਸ਼ਨ
ਆਤਿਸ਼ ਗੁਪਤਾ
ਚੰਡੀਗੜ੍ਹ, 7 ਜੂਨ
ਮੁੱਖ ਅੰਸ਼
- ਸ਼ਾਹਬਾਦ ‘ਚ ਧਰਨੇ ਦੌਰਾਨ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕਰਨ ਦੀ ਮੰਗ
- ਕਈ ਥਾਈਂ ਪੁਲੀਸ ਤੇ ਕਿਸਾਨਾਂ ਵਿਚਾਲੇ ਝੜਪਾਂ
ਕੁਰੂਕਸ਼ੇਤਰ ਦੇ ਸ਼ਾਹਬਾਦ ਵਿੱਚ ਘੱਟੋ-ਘੱਟ ਸਮਰਥਨ ਮੁੱਲ ‘ਤੇ ਸੂਰਜਮੁਖੀ ਦੀ ਖਰੀਦ ਸ਼ੁਰੂ ਕਰਨ ਦੀ ਮੰਗ ਕਰ ਰਹੇ ਕਿਸਾਨਾਂ ‘ਤੇ ਹਰਿਆਣਾ ਪੁਲੀਸ ਵੱਲੋਂ ਲਾਠੀਚਾਰਜ ਕੀਤੇ ਜਾਣ ਤੋਂ ਨਾਰਾਜ਼ ਕਿਸਾਨ ਜਥੇਬੰਦੀਆਂ ਨੇ ਸੂਬੇ ਭਰ ‘ਚ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ। ਅੱਜ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ਸੂਬੇ ਦੇ ਸਾਰੇ ਟੌਲ ਪਲਾਜ਼ਿਆਂ ਨੂੰ ਪਰਚੀ ਮੁਕਤ ਕਰਵਾ ਕੇ ਰੋਸ ਪ੍ਰਦਰਸ਼ਨ ਕੀਤੇ। ਕਿਸਾਨਾਂ ਨੇ ਕੁਰੂਕਸ਼ੇਤਰ, ਸਿਰਸਾ, ਰੋਹਤਕ, ਅੰਬਾਲਾ, ਕਰਨਾਲ, ਯਮੁਨਾ ਨਗਰ ਸਣੇ ਸੂਬੇ ਭਰ ‘ਚ ਰੋਸ ਪ੍ਰਦਰਸ਼ਨ ਸ਼ੁਰੂ ਕੀਤੇ। ਇਸ ਦੌਰਾਨ ਪੁਲੀਸ ਨੇ ਕਿਸਾਨਾਂ ਨੂੰ ਧਰਨਿਆਂ ਤੋਂ ਉਠਾਉਣ ਦੀ ਕੋਸ਼ਿਸ਼ ਕੀਤੀ ਤਾਂ ਕਈ ਥਾਈਂ ਉਨ੍ਹਾਂ ਦੀਆਂ ਪੁਲੀਸ ਨਾਲ ਝੜਪਾਂ ਵੀ ਹੋਈਆਂ। ਕਿਸਾਨਾਂ ਨੇ ਸੂਰਜਮੁਖੀ ਦੀ ਫ਼ਸਲ ਦੀ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ‘ਤੇ ਖਰੀਦ ਸ਼ੁਰੂ ਕਰਨ ਅਤੇ ਲੰਘੇ ਦਿਨ ਗ੍ਰਿਫ਼ਤਾਰ ਕੀਤੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਸਣੇ ਹੋਰ ਕਿਸਾਨ ਆਗੂਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਸੂਬੇ ਦੀਆਂ ਸਾਰੀਆਂ ਸੜਕਾਂ ਨੂੰ ਜਾਮ ਕਰ ਦਿੱਤਾ ਜਾਵੇਗਾ। ਪੁਲੀਸ ਕਾਰਵਾਈ ਤੋਂ ਨਾਰਾਜ਼ ਕਿਸਾਨਾਂ ਵੱਲੋਂ ਅੱਜ ਕਰਨਾਲ ਵਿੱਚ ਦਿੱਲੀ-ਚੰਡੀਗੜ੍ਹ ਹਾਈਵੇਅ ਨੰਬਰ-44 ‘ਤੇ ਸਥਿਤ ਬਸਤਾੜਾ ਟੌਲ ‘ਤੇ ਧਰਨਾ ਦਿੱਤਾ ਗਿਆ। ਪੁਲੀਸ ਨੇ ਕਿਸਾਨਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ, ਪਰ ਨਾ ਮੰਨਣ ‘ਤੇ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ‘ਚ ਲੈ ਲਿਆ ਜਿਨ੍ਹਾਂ ਨੂੰ ਸ਼ਾਮ ਸਮੇਂ ਰਿਹਾਅ ਕਰ ਦਿੱਤਾ ਗਿਆ। ਇਸੇ ਤਰ੍ਹਾਂ ਕਿਸਾਨਾਂ ਵੱਲੋਂ ਰੋਹਤਕ ਦਾ ਕੌਮੀ ਮਾਰਗ ਨੰਬਰ-9 ਜਾਮ ਕੀਤਾ ਗਿਆ, ਜਿਸ ਨੂੰ ਪੁਲੀਸ ਵੱਲੋਂ ਖੁੱਲ੍ਹਵਾਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਪੁਲੀਸ ਨੇ ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਰੋਹਤਕ ਜ਼ਿਲ੍ਹੇ ਦੇ ਪ੍ਰਧਾਨ ਅੰਕੁਸ਼ ਸਿਵਾਚ ਤੇ ਹੋਰ ਕਈਆਂ ਨੂੰ ਹਿਰਾਸਤ ‘ਚ ਲੈ ਲਿਆ।
ਜੇਜੇਪੀ ਵਿਧਾਇਕ ਵੱਲੋਂ ਕਿਸਾਨਾਂ ‘ਤੇ ਲਾਠੀਚਾਰਜ ਗਲਤ ਕਰਾਰ
ਚੰਡੀਗੜ੍ਹ (ਟਨਸ): ਸੂਰਜਮੁਖੀ ਦੀ ਐੱਮਐੱਸਪੀ ‘ਤੇ ਖਰੀਦ ਦੀ ਮੰਗ ਸਬੰਧੀ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਲਾਠੀਚਾਰਜ ਹੋਣ ਤੋਂ ਬਾਅਦ ਭਾਜਪਾ ਤੇ ਜੇਜੇਪੀ ਵਿਚਾਲੇ ਦੂਰੀਆਂ ਜੱਗ ਜ਼ਾਹਿਰ ਹੋ ਗਈਆਂ ਹਨ। ਹਰਿਆਣਾ ਦੇ ਕੈਬਨਿਟ ਮੰਤਰੀ ਡਾ. ਬਨਵਾਰੀ ਲਾਲ ਦੀ ਪ੍ਰੈੱਸ ਕਾਨਫਰੰਸ ‘ਚ ਵਿਧਾਨ ਸਭਾ ਹਲਕਾ ਸ਼ਾਹਬਾਦ ਤੋਂ ਜੇਜੇਪੀ ਦੇ ਵਿਧਾਇਕ ਤੇ ਸ਼ੁਗਰਫੈੱਡ ਦੇ ਚੇਅਰਮੈਨ ਰਾਮਕਰਨ ਕਾਲਾ ਨੇ ਕਿਸਾਨਾਂ ‘ਤੇ ਲਾਠੀਚਾਰਜ ਨੂੰ ਗਲਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ‘ਚ 24 ਘੰਟਿਆਂ ‘ਚ ਸੂਰਜਮੁਖੀ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ ‘ਤੇ ਸ਼ੁਰੂ ਨਾ ਹੋਈ ਤਾਂ ਉਹ ਸ਼ੁਗਰਫੈੱਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ। ਜੇਜੇਪੀ ਵਿਧਾਇਕ ਰਾਮਕਰਨ ਕਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕਿਸਾਨਾਂ ‘ਚ 36 ਬਿਰਾਦਰੀ ਦੇ ਲੋਕ ਸ਼ਾਮਲ ਹਨ ਜੋ ਕਿ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਹੋਏ ਹਨ। ਉਨ੍ਹਾਂ ‘ਤੇ ਲਾਠੀਚਾਰਜ ਕਰਨਾ ਗਲਤ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨਾਲ ਬੈਠ ਕੇ ਹਰ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ। ਜੇਜੇਪੀ ਵਿਧਾਇਕ ਨੇ ਕਿਹਾ ਕਿ ਉਹ ਇਸ ਮਾਮਲੇ ਬਾਰੇ ਉਨ੍ਹਾਂ ਦੀ ਪਾਰਟੀ ਦੇ ਆਗੂ ਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਗੱਲ ਕਰਨਗੇ ਤਾਂ ਜੋ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕੇ।