ਕਿਸਾਨ ਯੂਨੀਅਨ ਡਕੌਂਦਾ ਵੱਲੋਂ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਪ੍ਰਦਰਸ਼ਨ
ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 3 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜਗਿੱਲ ਵੱਲੋਂ ਅੱਜ ਇਥੇ ਬਠਿੰਡਾ ਚੰਡੀਗੜ੍ਹ ਕੌਮੀ ਮਾਰਗ ’ਤੇ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਕਤਲੇਆਮ ਖਿਲਾਫ ਪ੍ਰਦਰਸ਼ਨ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਅਤੇ ਅਜੈ ਮਿਸ਼ਰਾ ਟੈਨੀ ਦਾ ਪੁਤਲਾ ਫੂਕਿਆ ਗਿਆ। ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਅਤੇ ਬਲਾਕ ਪ੍ਰਧਾਨ ਚਮਕੌਰ ਸਿੰਘ ਭੱਟੀਵਾਲ ਨੇ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਕਿਸਾਨ ਮੋਰਚੇ ਦੌਰਾਨ ਉਤਰਾਖੰਡ ਵਿਚ ਕੇਂਦਰੀ ਕੈਬਨਿਟ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਲੜਕੇ ਅਤੇ ਭਰਾ ਨੇ ਅੱਜ ਦੇ ਦਿਨ ਇੱਕ ਪੱਤਰਕਾਰ ਅਤੇ ਚਾਰ ਕਿਸਾਨਾਂ ਨੂੰ ਗੱਡੀਆਂ ਹੇਠਾਂ ਦਰੜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਥਾਂ ਭਾਜਪਾ ਸਰਕਾਰ ਦੀ ਸ਼ਹਿ ’ਤੇ ਜਮਾਨਤਾਂ ’ਤੇ ਛੱਡ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੀ ਤਾਨਾਸ਼ਾਹੀ ਨੀਤੀਆਂ ਖ਼ਿਲਾਫ਼ ਸੰਘਰਸ਼ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੇ ਸਥਾਈ ਹੱਲ ਕਰਨ ਦੀ ਥਾਂ ਮਜਬੂਰੀਵੱਸ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਕਰਨ ਦੇ ਫੈਸਲਾ ਕੀਤਾ ਗਿਆ ਹੈ ਜੋ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਕੁਲਵਿੰਦਰ ਸਿੰਘ ਮਿੱਠੂ, ਜਗਤਾਰ ਸਿੰਘ ਤੂਰ, ਸੁਖਵੀਰ ਸਿੰਘ ਭੱਟੀਵਾਲ, ਲਾਭ ਸਿੰਘ ਭੜੋ, ਦਰਸ਼ਨ ਸਿੰਘ ਭੋਲਾ, ਗੁਰਜੰਟ ਰਾਮਪੁਰਾ, ਨਿਰਮਲ ਸਿੰਘ ਭੱਟੀਵਾਲ, ਨਛੱਤਰ ਸਿੰਘ ਝਨੇੜੀ, ਗੁਰਭਜਨ ਸਿੰਘ ਬਖੋਪੀਰ ਹਾਜ਼ਰ ਸਨ।