ਅਧੀਨ ਸੇਵਾਵਾਂ ਚੋਣ ਬੋਰਡ ਦੇ ਬਾਹਰ ਮੁਜ਼ਾਹਰਾ
ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 27 ਨਵੰਬਰ
ਦੇਸ਼ ਦਾ ਭਵਿੱਖ ਨੌਜਵਾਨ ਵਰਗ ਇਨਸਾਫ਼ ਲਈ ਪੰਜਾਬ ਦੀਆਂ ਸੜਕਾਂ ’ਤੇ ਰੁਲ ਰਿਹਾ ਹੈ। ਸਰਕਾਰ ਖ਼ਿਲਾਫ਼ ਜੂਨੀਅਰ ਇੰਜਨੀਅਰ (ਜੇਈ) ਦੇ ਉਮੀਦਵਾਰ ਪਹਿਲਾਂ ਹੀ ਕੱਲ੍ਹ ਤੋਂ ਲੜੀਵਾਰ ਧਰਨੇ ’ਤੇ ਬੈਠੇ ਹਨ ਤੇ ਅੱਜ ਪੰਜਾਬ ਦੇ ਵੱਡੀ ਗਿਣਤੀ ਨੌਜਵਾਨਾਂ ਨੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਦਫ਼ਤਰ ਨੂੰ ਘੇਰ ਲਿਆ।
ਇਸ ਮੌਕੇ ਅੰਤਰਪ੍ਰੀਤ ਸਿੰਘ, ਅਮਨਦੀਪ ਸਿੰਘ ਮਾਨ, ਬਲਜਿੰਦਰ ਸਿੰਘ ਅਤੇ ਦਵਿੰਦਰ ਸਿੰਘ ਨੇ ਸੀਨੀਅਰ ਸਹਾਇਕ-ਕਮ-ਇੰਸਪੈਕਟਰ ਦੀ ਪ੍ਰੀਖਿਆ ਸਬੰਧੀ ਪੇਪਰ ਲੀਕ ਘਪਲੇ ਦੀ ਜਾਂਚ ਕਰਵਾਉਣ ਦੀ ਮੰਗ ਕਰਦਿਆਂ ਸਰਕਾਰੀ ਵਿਭਾਗਾਂ ਵਿੱਚ ਨਵੀਂ ਭਰਤੀ ਪ੍ਰਕਿਰਿਆ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸੀਨੀਅਰ ਸਹਾਇਕ ਦਾ ਪੇਪਰ ਰੱਦ ਕੀਤਾ ਜਾਵੇ ਅਤੇ ਸਮਾਂਬੱਧ ਢੰਗ ਨਾਲ ਦੁਬਾਰਾ ਪ੍ਰੀਖਿਆ ਕਰਵਾਈ ਜਾਵੇ।
ਵੱਖ-ਵੱਖ ਬੁਲਾਰਿਆਂ ਨੇ ਜੂਨੀਅਰ ਇੰਜਨੀਅਰ ਦੇ ਉਮੀਦਵਾਰਾਂ ਅਤੇ ਹੋਰ ਵਰਗਾਂ ਦੇ ਪੀੜਤ ਉਮੀਦਵਾਰਾਂ ਦੇ ਮੁੱਦਿਆਂ ਨੂੰ ਚੁੱਕਦਿਆਂ ਬੇਰੁਜ਼ਗਾਰ ਨੌਜਵਾਨਾਂ ਨੂੰ ਆਪਣੇ ਹੱਕਾਂ ਲਈ ਇੱਕ ਸਾਂਝੇ ਮੰਚ ’ਤੇ ਇਕੱਠੇ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇ ਸਰਕਾਰ ਅਤੇ ਬੋਰਡ ਨੇ ਜਲਦੀ ਇਨਸਾਫ਼ ਨਹੀਂ ਦਿੱਤਾ ਤਾਂ ਉਹ ਹੋਰਨਾਂ ਜਥੇਬੰਦੀਆਂ ਦੇ ਸਹਿਯੋਗ ਐੱਸਐੱਸਐੱਸ ਬੋਰਡ ਦੇ ਮੇਨ ਗੇਟ ਨੂੰ ਜਿੰਦਾ ਲਾ ਕੇ ਪੱਕਾ ਮੋਰਚਾ ਸ਼ੁਰੂ ਕਰਨਗੇ।
ਨੌਜਵਾਨਾਂ ਦੇ ਰੋਹ ਨੂੰ ਦੇਖਦੇ ਹੋਏ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੀ ਸਕੱਤਰ ਅਮਰਬੀਰ ਕੌਰ ਭੁੱਲਰ ਨੇ ਪ੍ਰਦਰਸ਼ਨ ਕਰ ਰਹੇ ਪੀੜਤ ਉਮੀਦਵਾਰਾਂ ਨੂੰ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਨੌਜਵਾਨਾਂ ਨੇ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ।