ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਲਈ ਪ੍ਰਦਰਸ਼ਨ
ਜਗਤਾਰ ਸਿੰਘ ਨਹਿਲ
ਲੌਂਗੋਵਾਲ, 4 ਨਵੰਬਰ
ਕਿਰਤੀ ਕਿਸਾਨ ਯੂਨੀਅਨ ਵੱਲੋਂ ਦਿੱਤੇ ਸੂਬਾ ਪੱਧਰੀ ਸੱਦੇ ਤਹਿਤ ਅੱਜ ਪਿੰਡ ਢੱਡਰੀਆਂ ਅਤੇ ਲੌਂਗੋਵਾਲ ਵਿੱਚ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਅਤੇ ਦੇਸ਼ ਵਿੱਚ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਏ ਜਾਣ ਵਿਰੁੱਧ ਕਿਸਾਨਾਂ ਨੇ ਰੋਸ ਮੁਜ਼ਾਹਰੇ ਕਰਕੇ ਪੀੜਤਾਂ ਨੂੰ 40 ਸਾਲ ਬੀਤ ਜਾਣ ਦੇ ਬਾਵਜੂਦ ਨਿਆਂ ਨਾ ਦੇਣ ਅਤੇ ਹਿੰਦੂਤਵੀ ਫਾਸ਼ੀਵਾਦੀ ਮੁਹਿੰਮ ਵਿਰੁੱਧ ਜ਼ੋਰਦਾਰ ਆਵਾਜ਼ ਬੁਲੰਦ ਕੀਤੀ ਗਈ। ਪਿੰਡ ਢੱਡਰੀਆਂ ਵਿੱਚ ਕਿਸਾਨਾਂ ਨੇ ਇਕੱਠੇ ਹੋ ਕੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਤੇ ਲੌਂਗੋਵਾਲ ਵਿੱਚ ਯੂਥ ਵਿੰਗ ਦੀ ਅਗਵਾਈ ਹੇਠ ਨੌਜਵਾਨਾਂ ਨੇ ਮੋਮਬੱਤੀਆਂ ਬਾਲ ਕੇ ਨਵੰਬਰ 84 ਵਿੱਚ ਸ਼ਹੀਦ ਹੋਏ ਸਿੱਖਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇਨਸਾਫ਼ ਦੀ ਮੰਗ ਕੀਤੀ। ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਅਤੇ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਭਜਨ ਸਿੰਘ ਢੱਡਰੀਆਂ ਨੇ ਕਿਹਾ ਕਿ ਸਿੱਖ ਨਸਲਕੁਸ਼ੀ ਦੇ 40 ਸਾਲ ਬੀਤ ਜਾਣ ਬਾਅਦ ਵੀ ਪੀੜਤਾਂ ਨੂੰ ਇਨਸਾਫ਼ ਨਹੀਂ ਮਿਲਿਆ ਤੇ ਨਾ ਹੀ ਭਾਰਤੀ ਹਾਕਮਾਂ ਨੇ ਘੱਟ ਗਿਣਤੀਆਂ ਪ੍ਰਤੀ ਆਪਣੀ ਸਮਝ ਚ ਕੋਈ ਤਬਦੀਲੀ ਕੀਤੀ ਹੈ। ਅੱਜ ਦੇ ਰੋਸ ਪ੍ਰਦਰਸ਼ਨਾਂ ਦੌਰਾਨ ਬੁਲਾਰਿਆਂ ਨੇ ਸਿੱਖ ਕਤਲੇਆਮ ਦੇ ਦੋਸ਼ੀਆ ਨੂੰ ਸਖਤ ਸਜ਼ਾਵਾਂ ਦੇਣ ਦੀ ਮੰਗ ਕੀਤੀ। ਇਸ ਮੌਕੇ ਢੱਡਰੀਆਂ ਇਕਾਈ ਦੇ ਪ੍ਰਧਾਨ ਜੋਗਾ ਸਿੰਘ, ਸਤਨਾਮ ਸਿੰਘ ਨਿਹੰਗ, ਕਿਸਾਨ ਆਗੂ ਬਘੇਲ ਸਿੰਘ,ਕਸ਼ਮੀਰ ਸਿੰਘ,ਅਜੀਤ ਸਿੰਘ,ਦੀਪ ਸਿੰਘ,ਹਰਪ੍ਰੀਤ ਸਿੰਘ,ਕਾਲੂ ਸਿੰਘ ਸਮੇਤ ਵੱਡੀ ਕਿਸਾਨ ਗਿਣਤੀ ਹਾਜ਼ਰ ਸਨ।
ਮਸਤੂਆਣਾ ਸਾਹਿਬ (ਸਤਨਾਮ ਸਿੰਘ ਸੱਤੀ): ਕਿਰਤੀ ਕਿਸਾਨ ਯੂਨੀਅਨ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਅਤੇ ਦੇਸ਼ ਵਿੱਚ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਏ ਜਾਣ ਵਿਰੁੱਧ ਕਿਸਾਨਾਂ ਵੱਲੋਂ ਪਿੰਡ ਬਹਾਦਰਪੁਰ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਬੱਸ ਸਟੈਂਡ ਉੱਪਰ ਜਾ ਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਕਿਸਾਨਾਂ ਨੇ ਮੁਜ਼ਾਹਰਾ ਕਰਕੇ ਪੀੜਤਾਂ ਨੂੰ 40 ਸਾਲ ਬੀਤ ਜਾਣ ਦੇ ਬਾਵਜੂਦ ਨਿਆਂ ਨਾ ਦੇਣ ਅਤੇ ਹਿੰਦੂਤਵੀ ਫਾਸ਼ੀਵਾਦੀ ਮੁਹਿੰਮ ਵਿਰੁੱਧ ਜ਼ੋਰਦਾਰ ਆਵਾਜ਼ ਬੁਲੰਦ ਕੀਤੀ।
ਕਿਸਾਨ ਯੂਨੀਅਨਾਂ ਨੇ ਪੁਤਲੇ ਫੂਕ ਕੇ ਪੀੜਤਾਂ ਲਈ ਇਨਸਾਫ਼ ਮੰਗਿਆ
ਪਾਤੜਾਂ(ਗੁਰਨਾਮ ਸਿੰਘ ਚੌਹਾਨ): ਕਿਰਤੀ ਕਿਸਾਨ ਯੂਨੀਅਨ ਵੱਲੋਂ ਸੁਖਮਨੀ ਸੇਵਾ ਸੁਸਾਇਟੀ (ਬੀਬੀਆਂ) ਪਾਤੜਾਂ ਦੇ ਸਹਿਯੋਗ ਨਾਲ 1984 ਵਿੱਚ ਹੋਏ ਸਿੱਖ ਕਤਲੇਆਮ ਦੇ ਵਿਰੁੱਧ ਕੌਮੀ ਮੁੱਖ ਮਾਰਗ ’ਤੇ ਸ਼ਹੀਦ ਭਗਤ ਸਿੰਘ ਚੌਕ ’ਚ ਐਤਵਾਰ ਸ਼ਾਮ ਨੂੰ ਕੇਂਦਰ ਸਰਕਾਰ ਦਾ ਪੂਤਲਾ ਫੂਕਿਆ ਗਿਆ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ, ਜ਼ਿਲ੍ਹਾ ਸਕੱਤਰ ਦਲਜਿੰਦਰ ਸਿੰਘ ਹਰਿਆਊ, ਗੁਰਵਿੰਦਰ ਸਿੰਘ ਦੇਧਨਾ ਅਤੇ ਬੀਬੀ ਬਲਜੀਤ ਕੌਰ ਪ੍ਰਧਾਨ ਸੁਖਮਨੀ ਸੇਵਾ ਸੁਸਾਇਟੀ ਨੇ ਕਿਹਾ ਕਿ ਸਿੱਖ ਨੂੰ 40 ਸਾਲ ਬੀਤ ਜਾਣ ਮਗਰੋਂ ਵੀ ਇਨਸਾਫ਼ ਨਹੀਂ ਮਿਲਿਆ। 84 ਦੀ ਸਿੱਖ ਨਸਲਕੁਸ਼ੀ ਪਿੱਛੇ ਮੌਕੇ ਦੀ ਸਰਕਾਰ ਅਤੇ ਆਰਐੱਸਐੱਸ ਸੋਚੀ ਸਮਝੀ ਸਾਜ਼ਿਸ਼ ਸੀ। ਇਸ ਮੌਕੇ ਬਲਾਕ ਪ੍ਰਧਾਨ ਕਰਮਜੀਤ ਸਿੰਘ, ਬਲਾਕ ਆਗੂ ਮਹਿੰਦਰ ਸਿੰਘ ਖਾਂਗ ਤੋਂ ਇਲਾਵਾ ਸ੍ਰੀ ਹੇਮਕੁੰਟ ਸੇਵਾ ਸਿਮਰਨ ਸੁਸਾਇਟੀ ਦੇ ਜਸਮੀਤ ਸਿੰਘ ਬਬਲਾ ਅਤੇ ਸੁਖਮਨੀ ਸੇਵਾ ਸੁਸਾਇਟੀ ਦੀ ਬੀਬੀ ਦਾ ਬਲਜੀਤ ਕੌਰ ਹਾਜ਼ਰ ਸਨ।