ਸੰਯੁਕਤ ਕਿਸਾਨ ਮੋਰਚੇ ਵੱਲੋਂ ਦੇਸ਼ ਭਰ ’ਚ ਮੁਜ਼ਾਹਰੇ
ਪੱਤਰ ਪ੍ਰੇਰਕ
ਨਵੀਂ ਦਿੱਲੀ, 9 ਅਗਸਤ
ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੇਸ਼ ਭਰ ਵਿੱਚ ‘ਕਾਰਪੋਰੇਟ ਭਾਰਤ ਛੱਡੋ, ਖੇਤੀ ਛੱਡੋ’ ਮੁਹਿੰਮ ਚਲਾਈ ਗਈ ਤੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਧਰਨੇ ਦੇ ਕੇ ਅਧਿਕਾਰੀਆਂ ਨੂੰ ਯਾਦ ਪੱਤਰ ਸੌਂਪੇ ਗਏ। ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ ਤੇ ਰਮਿੰਦਰ ਸਿੰਘ ਨੇ ਦੱਸਿਆ ਕਿ ਮੋਰਚੇ ਵੱਲੋਂ ਦੇਸ਼ ਦੀ ਖੇਤੀ ਨੂੰ ਧਨਾਢ ਘਰਾਣਿਆਂ ਤੋਂ ਬਚਾਉਣ ਅਤੇ ਖੇਤੀ ਖੇਤਰ ’ਤੇ ਪੈਸੇ ਦੇ ਜ਼ੋਰ ਨਾਲ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਨੂੰ ਰੋਕਣ ਦਾ ਸੱਦਾ ਦਿੱਤਾ ਗਿਆ ਸੀ। ਅਰਵਿੰਦਰ ਕੌਰ ਕਾਕੜਾ ਨੇ ਦੱਸਿਆ ਕਿ ਪੰਜਾਬ ਤੋਂ ਇਲਾਵਾ ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਝਾਰਖੰਡ, ਪੱਛਮੀ ਬੰਗਾਲ, ਗੁਜਰਾਤ, ਕਰਨਾਟਕ, ਹਿਮਾਚਲ ਪ੍ਰਦੇਸ਼, ਤਾਮਿਲਨਾਡੂ, ਬਿਹਾਰ ਸਣੇ ਹੋਰ ਰਾਜਾਂ ਵਿੱਚ ਹੈੱਡਕੁਆਰਟਰਾਂ ’ਤੇ ਧਰਨੇ ਦੇ ਕੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਾਂ ਵਿੱਚ ਖੱਬੀਆਂ ਧਿਰਾਂ ਸਮੇਤ ਵੱਖ-ਵੱਖ ਵਿਚਾਰਧਾਰਾਵਾਂ ਦੀਆਂ ਕਿਸਾਨ ਯੂਨੀਅਨਾਂ ਨੇ ਸ਼ਿਰਕਤ ਕੀਤੀ। ਪੱਛਮੀ ਉੱਤਰ ਪ੍ਰਦੇਸ਼ ਵਿੱਚ ਭਾਰਤੀ ਕਿਸਾਨ ਯੂਨੀਅਨ ਟਿਕੈਤ ਦੇ ਕਾਰਕੁਨਾਂ ਨੇ ਧਰਨੇ ਦਿੱਤੇ। ਹਰਿਆਣਾ ਦੇ ਪਲਵਲ ਵਿੱਚ ਅਧਿਕਾਰੀਆਂ ਨੂੰ ਯਾਦ ਪੱਤਰ ਸੌਂਪਿਆ ਗਿਆ।
ਆਜ਼ਾਦੀ ਦਿਹਾੜੇ ਮੌਕੇ ਦੇਸ਼ ਭਰ ’ਚ ਹੋਣਗੇ ਟਰੈਕਟਰ ਮਾਰਚ
ਪਟਿਆਲਾ (ਗੁਰਨਾਮ ਸਿੰਘ ਅਕੀਦਾ):
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਦੇਸ਼ ਭਰ ਵਿੱਚ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਟਰੈਕਟਰ ਮਾਰਚ ਕਰ ਕੇ ਤਿੰਨ ਨਵੇਂ ਫ਼ੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਫੂਕਣ ਦਾ ਐਲਾਨ ਕੀਤਾ ਹੈ।
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਮੁੱਖ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਕਿਹਾ ਕਿ ਭਾਜਪਾ ਸਰਕਾਰ ਨੇ ਸੰਵਿਧਾਨ ਨੂੰ ਛਿੱਕੇ ਟੰਗ ਕੇ ਕਿਸਾਨ, ਮਜ਼ਦੂਰ ਤੇ ਆਮ ਲੋਕਾਂ ਵਿਰੋਧੀ ਨੀਤੀਆਂ ਬਣਾਈਆਂ ਹਨ। ਪੰਜਾਬ ਦਾ ਕਿਸਾਨ ਸਮੁੱਚੇ ਭਾਰਤ ਦੇ ਕਿਸਾਨਾਂ ਦੀ ਅਗਵਾਈ ਕਰ ਰਿਹਾ ਹੈ ਜਿਸ ਕਰਕੇ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਆਪਣਾ ਦੁਸ਼ਮਣ ਸਮਝਦੀ ਹੈ। ਇਸੇ ਦੇ ਮੱਦੇਨਜ਼ਰ ਉਨ੍ਹਾਂ ਪੂਰੇ ਦੇਸ਼ ਵਿੱਚ ਭਾਜਪਾ ਖ਼ਿਲਾਫ਼ ਲਹਿਰ ਬਣਾਉਣ ਲਈ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਹੈ।