ਕਿਸਾਨੀ ਮੰਗਾਂ ਲਾਗੂ ਕਰਵਾਉਣ ਲਈ ਕੇਂਦਰ ਖ਼ਿਲਾਫ਼ ਮੁਜ਼ਾਹਰੇ
ਜੋਗਿੰਦਰ ਸਿੰਘ ਮਾਨ
ਮਾਨਸਾ, 26 ਨਵੰਬਰ
ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ’ਤੇ ਮਾਲਵਾ ਦੇ ਸਾਰੇ ਜ਼ਿਲ੍ਹਿਆਂ ਵਿੱਚ ਕੇਂਦਰੀ ਭਾਜਪਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਕੇ ਸਥਾਨਕ ਅਧਿਕਾਰੀਆਂ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪੇ ਗਏ। ਇਨ੍ਹਾਂ ਰੋਸ ਪ੍ਰਦਰਸ਼ਨਾਂ ਵਿੱਚ ਔਰਤਾਂ ਅਤੇ ਨੌਜਵਾਨਾਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ-ਮਜ਼ਦੂਰ ਸ਼ਾਮਲ ਹੋਏ। ਥਾਂ-ਥਾਂ ਹੋਏ ਰੋਸ ਪ੍ਰਦਰਸ਼ਨਾਂ ਦੀ ਸ਼ੁਰੂਆਤ ਜੇਤੂ ਦਿੱਲੀ ਕਿਸਾਨ ਘੋਲ ਦੌਰਾਨ ਸ਼ਹੀਦ ਹੋਏ 738 ਕਿਸਾਨਾਂ-ਮਜ਼ਦੂਰਾਂ ਨੂੰ ਦੋ ਮਿੰਟ ਦਾ ਮੋਨ ਧਾਰਕੇ ਸ਼ਰਧਾਂਜਲੀ ਭੇਟ ਕਰਨ ਕਰ ਕੇ ਕੀਤੀ ਗਈ। ਧਰਨਿਆਂ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਗ੍ਰਿਫ਼ਤਾਰੀ ਦੇ ਢੰਗ ਦੀ ਥਾਂ-ਥਾਂ ਨਿੰਦਾ ਕਰਦਿਆਂ ਬਿਨਾਂ ਸ਼ਰਤ ਤੁਰੰਤ ਰਿਹਾਈ ਦੀ ਮੰਗ ਕੀਤੀ। ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ, ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ, ਬੋਘ ਸਿੰਘ ਮਾਨਸਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ-ਮਜ਼ਦੂਰਾਂ ਨੂੰ ਜ਼ਲੀਲ ਕਰਨ ਦੇ ਨਾਲ-ਨਾਲ ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਕਰਕੇ ਹੋਰ ਅਦਾਰੇ ਪ੍ਰਭਾਵਿਤ ਕੀਤੇ ਹਨ। ਉਧਰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਜ਼ਿਲ੍ਹਾ ਕਮੇਟੀ ਵੱਲੋਂ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਦੀ ਅਗਵਾਈ ਹੇਠ ਵੱਖਰੇ ਤੌਰ ’ਤੇ ਧਰਨਾ ਲਾਇਆ, ਜਿਸ ਨੂੰ ਜੋਗਿੰਦਰ ਸਿੰਘ ਦਿਆਲਪੁਰਾ, ਭੋਲਾ ਸਿੰਘ ਮਾਖਾ,ਜਗਸੀਰ ਸਿੰਘ ਜਵਾਹਰਕੇ, ਮੇਜਰ ਸਿੰਘ ਗੋਬਿੰਦਪੁਰਾ,ਕੁਲਦੀਪ ਸਿੰਘ ਚਚੋਹਰ, ਹਰਪਾਲ ਸਿੰਘ ਪਾਲੀ,ਗੁਰਪ੍ਰੀਤ ਸਿੰਘ ਨੇ ਵੀ ਸੰਬੋਧਨ ਕੀਤਾ।
ਬਰਨਾਲਾ (ਖੇਤਰੀ ਪ੍ਰਤੀਨਿਧ):
ਕੌਮੀ ਸੰਯੁਕਤ ਕਿਸਾਨ ਮੋਰਚਾ ਤੇ ਟਰੇਡ ਯੂਨੀਅਨ, ਮਜ਼ਦੂਰ ਤੇ ਮੁਲਾਜ਼ਮ ਯੂਨੀਅਨਾਂ ਵੱਲੋਂ ਸਾਂਝੇ ਤੌਰ ’ਤੇ ਕਿਸਾਲ ਅੰਦੋਲਨ ਦੀ ਚੌਥੀ ਵਰ੍ਹੇਗੰਢ ਮੌਕੇ ਕੇਂਦਰੀ ਮੋਦੀ ਸਰਕਾਰ ਵੱਲੋਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਹਿੱਤ ਕੌਮੀ ਸੱਦੇ ’ਤੇ ਅੱਜ ਡੀਸੀ ਬਰਨਾਲਾ ਦਫ਼ਤਰ ਅੱਗੇ ਦੁਪਹਿਰ 12ਵਜੇ ਤੋਂ 3 ਵਜੇ ਤੱਕ ਰੋਸ ਧਰਨੇ ਦਿੱਤੇ ਤੇ ਮੰਗ ਪੱਤਰ ਸੌਂਪੇ ਗਏ। ਤਾਲਮੇਲਵੇਂ ਐਕਸ਼ਨ ਵਜੋਂ ਇਲਾਕੇ ਦੀ ਵੱਡੀ ਕਿਸਾਨ ਜਥੇਬੰਦੀ ਬੀਕੇਯੂ ਉਗਰਾਹਾਂ ਨੇ ਵੀ ਇਕੱਤਰਤਾ ਉਪਰੰਤ ਏਡੀਸੀ ਰਾਹੀਂ ਮੰਗ ਪੱਤਰ ਭੇਜਿਆ।
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ):
ਦੇਸ਼ ਵਿਆਪੀ ਟ੍ਰੇਡ ਯੂਨੀਅਨਾਂ ਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੋਰਚੇ ਦੀਆਂ ਰਹਿੰਦੀਆਂ ਮੰਗਾਂ ਲਾਗੂ ਕਰਵਾਉਣ ਲਈ ਡੀਸੀ ਦਫਤਰ ਮੂਹਰੇ ਮੁਜ਼ਾਹਰਾ ਕੀਤਾ ਗਿਆ। ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ।
ਮੋਗਾ (ਨਿੱਜੀ ਪੱਤਰ ਪ੍ਰੇਰਕ):
ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਚੱਲ ਰਹੇ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਸੰਯੁਕਤ ਕਿਸਾਨ ਮੋਰਚਾ ਅਤੇ ਦੇਸ਼ ਦੀਆਂ ਟਰੇਡ ਯੂਨੀਅਨਾਂ ਵੱਲੋਂ ਕਿਸਾਨ ਅੰਦੋਲਨ ਦੀ ਚੌਥੀ ਵਰੇਗੰਢ ਮੌਕੇ ਇਥੇ ਜ਼ਿਲ੍ਹਾ ਸਕੱਤਰ ਅੱਗੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਅੰਦੋਲਨ’ਚ ਸ਼ਹੀਦ ਕਿਸਾਨਾ ਨੂੰ ਸਿਜਦਾ ਕੀਤਾ ਗਿਆ। ਬੀਕੇਯੂ ਏਕਤਾ ਉਗਰਾਹਾਂ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ, ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਨੇ ਜੇਤੂ ਘੋਲ ਦੇ ਸ਼ਹੀਦਾਂ ਨੂੰ ਸਿਜਦਾ ਕਰਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੰਜਾਬ ਤੇ ਹਰਿਆਣਾ ਪੁਲੀਸ ਵੱਲੋਂ ਚੁੱਕਣ ਦੀ ਨਿਖ਼ੇਧੀ ਕੀਤੀ।
ਬਠਿੰਡਾ (ਪੱਤਰ ਪ੍ਰੇਰਕ):
ਕਿਸਾਨ ਅੰਦੋਲਨ ਦੀ ਚੌਥੀ ਵਰ੍ਹੇਗੰਢ ਮੌਕੇ ਅੱਜ ਸੰਯੁਕਤ ਕਿਸਾਨ ਮੋਰਚਾ ਤੇ ਟਰੇਡ ਯੂਨੀਅਨਾਂ ਦੇ ਸੱਦੇ ਅਨੁਸਾਰ ਡੀਸੀ ਦਫਤਰ ਬਠਿੰਡਾ ਦੇ ਸਾਹਮਣੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਸਮੇਂ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਸਾਂਝਾ ਮੰਗ ਪੱਤਰ ਵੀ ਦਿੱਤਾ ਗਿਆ। ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ, ਬੀਕੇਯੂ ਮਾਨਸਾ ਦੇ ਸੂਬਾ ਜਨਰਲ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ, ਬੀਕੇਯੂ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਖਮੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਜਾਣ।