ਕਿਸਾਨਾਂ ਵੱਲੋਂ ਵੱਖ ਵੱਖ ਥਾਈਂ ਪ੍ਰਦਰਸ਼ਨ
ਪੱਤਰ ਪ੍ਰੇਰਕ
ਮਾਨਸਾ, 16 ਫਰਵਰੀ
ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਅੱਜ ਕੇਂਦਰੀ ਟਰੇਡ ਯੂਨੀਅਨ ਦੀ ਮੁਲਕ ਪੱਧਰੀ ਹੜਤਾਲ ਦੀ ਹਮਾਇਤ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਭਾਰਤ ਬੰਦ ਦੇ ਸੱਦੇ ’ਤੇ ਡਿਪਟੀ ਕਮਿਸ਼ਨਰ ਮਾਨਸਾ ਦੀ ਰਿਹਾਇਸ਼ ਨੇੜੇ ਲਗਾਤਾਰ ਚਾਰ ਘੰਟੇ ਧਰਨਾ ਦੇ ਕੇ ਮੁੱਖ ਮਾਰਗ ਬੰਦ ਰੱਖਿਆ। ਧਰਨੇ ਦੌਰਾਨ ਮੰਚ ਤੋਂ ਇਹ ਵੀ ਐਲਾਨ ਕੀਤਾ ਗਿਆ ਕਿ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਪੇਂਡੂ ਕਾਰੋਬਾਰ ਬੰਦ ਕਰਨ ਤੋਂ ਇਲਾਵਾ ਵੱਖ-ਵੱਖ ਸ਼ਹਿਰਾਂ ਵਿੱਚ ਸੜਕਾਂ ਜਾਮ ਤੇ ਟੌਲ ਫ਼ਰੀ ਧਰਨਿਆਂ ਵਿੱਚ ਵੱਡੀ ਗਿਣਤੀ ਲੋਕਾਂ ਨੇ ਸਮੂਲੀਅਤ ਕੀਤੀ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ, ਜਗਸੀਰ ਸਿੰਘ ਜਵਾਹਰਕੇ, ਇੰਦਰਜੀਤ ਸਿੰਘ ਝੱਬਰ, ਭਾਨ ਸਿੰਘ ਬਰਨਾਲਾ ਤੇ ਹੋਰਾਂ ਨੇ ਸ਼ਮੂਲੀਅਤ ਕੀਤੀ
ਤਲਵੰਡੀ ਸਾਬੋ (ਪੱਤਰ ਪ੍ਰੇਰਕ): ਦੇਸ਼ ਵਿੱਚ ਕਿਸਾਨੀ ਨੂੰ ਬਚਾਉਣ ਅਤੇ ਪੂੰਜੀਪਤੀਆਂ ਵੱਲੋਂ ਕੀਤੀ ਜਾ ਰਹੀ ਲੁੱਟ ਦੇ ਖ਼ਿਲਾਫ਼ ਟਰੇਡ ਯੂਨੀਅਨਾਂ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਭਾਰਤ ਬੰਦ ਦੇ ਸੱਦੇ ’ਤੇ ਜਿੱਥੇ ਵੱਖ ਵੱਖ ਯੂਨੀਅਨਾਂ, ਜਥੇਬੰਦੀਆਂ ਨੇ ਇੱਥੇ ਥਾਣਾ ਚੌਕ ਵਿੱਚ ਧਰਨਾ ਲਾ ਕੇ ਸੜਕੀ ਆਵਾਜਾਈ ਰੋਕੀ, ਉੱਥੇ ਲੋਕਾਂ ਨੇ ਆਪਣੇ ਕਾਰੋਬਾਰ ਬੰਦ ਕਰਕੇ ਭਾਰਤ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਦਿੱਤਾ। ਧਰਨੇ ਨੂੰ ਕਾਮਰੇਡ ਮੱਖਣ ਸਿੰਘ ਗੁਰੂਸਰ, ਸਰੂਪ ਸਿੰਘ ਰਾਮਾਂ, ਬਲਕਰਨ ਸਿੰਘ ਤੇ ਹੋਰਾਂ ਨੇ ਸੰਬੋਧਨ ਕੀਤਾ।
ਝੁਨੀਰ (ਪੱਤਰ ਪ੍ਰੇਰਕ): ਭਾਰਤ ਬੰਦ ਦੇ ਸੱਦੇ ਤਹਿਤ ਅੱਜ ਝੁਨੀਰ ਬੰਦ ਕਰਵਾਉਣ ਮਗਰੋਂ ਬੱਸ ਸਟੈਂਡ ਕੋਲ ਧਰਨੇ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨ ਲੈਣੀਆਂ ਚਾਹੀਦੀਆਂ ਹਨ।
ਜ਼ੀਰਾ (ਪੱਤਰ ਪ੍ਰੇਰਕ): ਟਰੇਡ ਯੂਨੀਅਨ ਕੌਂਸਲ ਜ਼ੀਰਾ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ-ਮਜ਼ਦੂਰ ਅਤੇ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੋਧ ਵਿੱਚ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਪ੍ਰਧਾਨ ਤਰਸੇਮ ਸਿੰਘ ਹਰਾਜ ਦੀ ਪ੍ਰਧਾਨਗੀ ਹੇਠ ਮੁੱਖ ਚੌਕ ਜ਼ੀਰਾ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਐਡਵੋਕੇਟ ਜੋਬਨਜੀਤ ਸਿੰਘ ,ਆਂਗਣਵਾੜੀ ਪ੍ਰਧਾਨ ਪਿਆਰ ਕੌਰ, ਜੰਗੀਰ ਸਿੰਘ, ਬਲਕਾਰ ਸਿੰਘ ਭੁੱਲਰ ਤੇ ਹੋਰਾਂ ਨੇ ਸੰਬੋਧਨ ਕੀਤਾ।
ਮਲੋਟ (ਨਿੱਜੀ ਪੱਤਰ ਪ੍ਰੇਰਕ): ਇਥੇ ਤਿਕੌਣੀ ਚੌਕ ਵਿੱਚ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਕਿਸਾਨ, ਮੁਲਾਜ਼ਮ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਕਿਸਾਨੀ ਮੰਗਾਂ ਅਤੇ ਕਿਸਾਨਾਂ ’ਤੇ ਹਰਿਆਣਾ ਪੁਲੀਸ ਵੱਲੋਂ ਕੀਤੇ ਗਏ ਗੈਰਮਨੁੱਖੀ ਵਰਤਾਰੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕੌਮੀ ਕਿਸਾਨ ਯੂਨੀਅਨ ਦੇ ਮੁੱਖ ਬੁਲਾਰੇ ਲੱਖਾ ਸ਼ਰਮਾ, ਕਿਰਤੀ ਕਿਸਾਨ ਯੂਨੀਅਨ ਦੇ ਜਸਦੇਵ ਸਿੰਘ ਸੰਧੂ, ਮੁਲਾਜ਼ਮ ਜਥੇਬੰਦੀ ਦੇ ਮਾਸਟਰ ਹਿੰਮਤ ਸਿੰਘ ਤੋਂ ਇਲਾਵਾ ਹੋਰ ਵੀ ਕਈ ਆਗੂਆਂ ਨੇ ਸੰਬੋਧਨ ਕੀਤਾ ਅਤੇ ਕੇਂਦਰ ਸਰਕਾਰ ਦੀਆਂ ਕਿਸਾਨ ਅਤੇ ਲੋਕ ਮਾਰੂ ਨੀਤੀਆਂ ਦਾ ਵਿਰੋਧ ਕੀਤਾ।
ਔਰਤਾਂ ਨੇ ਵੀ ਵੱਡੀ ਗਿਣਤੀ ਵਿੱਚ ਕੀਤੀ ਸ਼ਮੂਲੀਅਤ
ਬਰੇਟਾ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚਾ ਅਤੇ ਟਰੇਡ ਯੂਨੀਅਨ ਦੇ ਭਾਰਤ ਬੰਦ ਦੇ ਸੱਦੇ ’ਤੇ ਇੱਥੋਂ ਦੇ ਸਾਰੇ ਬਾਜ਼ਾਰ ਤੇ ਵਪਾਰਕ ਅਦਾਰੇ ਬੰਦ ਰਹੇ। ਸੰਘਰਸ਼ਕਾਰੀਆਂ ਵੱਲੋਂ ਇੱਥੋਂ ਦੀਆਂ ਕੈਂਚੀਆਂ ਰੋਡ ਤੇ ਮੇਨ ਹਾਈਵੇਅ ਰੋਕ ਕੇ ਵਿਸ਼ਾਲ ਰੈਲੀ ਕੀਤੀ ਗਈ ਜਿਸ ਵਿੱਚ ਅਧਿਆਪਕ ਦਲ, ਬਿਜਲੀ ਕਰਮਚਾਰੀ, ਆਂਗਣਵਾੜੀ ਮੈਡੀਕਲ ਪ੍ਰੈਕਟੀਸ਼ਨਰ, ਸਫਾਈ ਕਰਮਚਾਰੀ, ਮਜ਼ਦੂਰ ਮੁਕਤੀ ਮੋਰਚਾ ਤੇ ਹੋਰ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਹੋਰ ਜਥੇਬੰਦੀਆਂ ਨੇ ਵੀ ਸ਼ਮੂਲੀਅਤ ਕੀਤੀ। ਧਰਨੇ ਵਿੱਚ ਔਰਤਾਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।